ਜਾਗਰਣ ਸੰਵਾਦਦਾਤਾ, ਜਲੰਧਰ :

ਜਾਗਰਣ ਸੰਵਾਦਦਾਤਾ, ਜਲੰਧਰ : ਜਲੰਧਰ ਦੇ ਵੱਖ-ਵੱਖ ਹਲਕਿਆਂ ਵੈਸਟ, ਸੈਂਟਰਲ, ਨੌਰਥ ਅਤੇ ਕੈਂਟ ’ਚ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸੀਨੀਅਰ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਰਾਜ ਸਭਾ ਦੇ ਮੈਂਬਰਾਂ ਖ਼ਿਲਾਫ਼ ਲੋਕਾਂ ਦਾ ਗੁੱਸਾ ਸੜਕਾਂ ’ਤੇ ਖੁੱਲ੍ਹ ਕੇ ਦੇਖਣ ਨੂੰ ਮਿਲਿਆ, ਜਿੱਥੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਕੇ ਆਪਣਾ ਵਿਰੋਧ ਦਰਜ ਕਰਵਾ ਰਹੇ ਸਨ। ਰੋਸ ਪ੍ਰਦਰਸ਼ਨਾਂ ਦੌਰਾਨ ਸਾਰੇ ਪ੍ਰਦੇਸ਼ ਵਿਚ ਚੱਲ ਰਹੀ ਮੁਹਿੰਮ ਤਹਿਤ ਪੁਤਲੇ ਫੂਕੇ ਗਏ ਤੇ ਮੁਰਦਾਬਾਦ ਦੇ ਨਾਅਰੇ ਲਾਏ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਅਤੇ ਲੋਕਾਂ ਦੇ ਹਿੱਤਾਂ ਨਾਲ ਧੋਖਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਾਫ ਕੀਤਾ ਕਿ ਇਹ ਸਿਰਫ ਇਕ ਰਾਜਨੀਤਿਕ ਮੁੱਦਾ ਨਹੀਂ, ਸਗੋਂ ਪੰਜਾਬ ਦੀ ਅਸਮਿਤਾ, ਸਵੈਭਿਮਾਨ ਅਤੇ ਹੱਕਾਂ ਨਾਲ ਜੁੜਿਆ ਹੋਇਆ ਮਾਮਲਾ ਹੈ। ਵੱਖ-ਵੱਖ ਹਲਕਿਆਂ ਵਿਚ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਜਲੰਧਰ ਵੈਸਟ ਵਿਚ ਮੰਤਰੀ ਮੋਹਿੰਦਰ ਭਗਤ ਅਤੇ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ ਆਮ ਆਦਮੀ ਪਾਰਟੀ, ਜਲੰਧਰ ਸੈਂਟਰਲ ਵਿਚ ਲਵਲੀ ਸਵੀਟ ਸ਼ਾਪ ਦੇ ਸਾਹਮਣੇ ਗੁਰਿੰਦਰ ਸਿੰਘ ਸ਼ੇਰਗਿੱਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਜਲੰਧਰ ਕੈਂਟ ਵਿਚ ਨਵੀਂ ਬਰਾਦਰੀ ਸਥਿਤ ਹਰਭਜਨ ਸਿੰਘ ਦੇ ਘਰ ਦੇ ਬਾਹਰ ਕੈਂਟ ਹਲਕੇ ਵਿਚ ਆਮ ਆਦਮੀ ਪਾਰਟੀ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਅਤੇ ਜਲੰਧਰ ਨੌਰਥ ਵਿਚ ਆਮ ਆਦਮੀ ਪਾਰਟੀ ਦੇ ਇੰਚਾਰਜ ਦਿਨੇਸ਼ ਢੱਲ ਦੀ ਅਗਵਾਈ ਵਿਚ ਲੋਕਾਂ ਨੇ ਇਕੱਠੇ ਹੋ ਕੇ ਵਿਰੋਧ ਦਰਜ ਕੀਤਾ।
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਨਾਲ ਇਸ ਤਰ੍ਹਾਂ ਕਰਨ ਵਾਲਿਆਂ ਨੂੰ ਜਨਤਾ ਕਦੇ ਵੀ ਮਾਫ਼ ਨਹੀਂ ਕਰੇਗੀ। ਇਹ ਸੰਘਰਸ਼ ਕਿਸੇ ਇਕ ਵਿਅਕਤੀ ਜਾਂ ਪਾਰਟੀ ਦੇ ਖ਼ਿਲਾਫ਼ ਨਹੀਂ, ਸਗੋਂ ਪੰਜਾਬ ਦੇ ਸਿਧਾਂਤਾਂ, ਅਸਮਿਤਾ ਅਤੇ ਹੱਕਾਂ ਦੀ ਰੱਖਿਆ ਲਈ ਹੈ। ਜੋ ਲੋਕ ਆਪਣੇ ਨਿੱਜੀ ਲਾਭ ਲਈ ਪੰਜਾਬ ਦੇ ਹਿੱਤਾਂ ਨੂੰ ਵੇਚ ਰਹੇ ਹਨ, ਉਨ੍ਹਾਂ ਨੂੰ ਜਨਤਾ ਵੱਲੋਂ ਜਵਾਬ ਮਿਲੇਗਾ। ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਆਪਣੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ’ਤੇ ਸੰਘਰਸ਼ ਕਰਨ ਲਈ ਤਿਆਰ ਹਨ। ਇਸ ਮੌਕੇ ਅਤੁਲ ਭਗਤ ਸੀਨੀਅਰ ਆਗੂ, ਪੰਜਾਬ ਏਗ੍ਰੋ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ ਬੱਸਸੀ, ਅਬਦੁਲ ਬਾਹਰੀ ਸਲਮਾਨੀ, ਡਿਪਟੀ ਮੇਅਰ ਮਲਕੀਤ ਸਿੰਘ, ਹਰਚਰਨ ਸਿੰਘ ਸੰਧੂ, ਸੁਭਾਸ਼ ਭਗਤ, ਅਤਿਨ ਅਗਨੀਹੋਤਰੀ, ਕੌਂਸਲਰ ਮੁਕੇਸ਼ ਸੇਠੀ, ਰੋਮੀ ਵਧਵਾ, ਕੌਂਸਲਰ ਹਰਜਿੰਦਰ ਲਾਡਾ, ਸਾਬਕਾ ਕੌਂਸਲਰ ਓਂਕਾਰ ਰਾਜੀਵ ਟਿਕਾ, ਐਡਵੋਕੇਟ ਸੰਦੀਪ ਵਰਮਾ, ਸ਼ੋਭਾ ਭਗਤ ਪ੍ਰਧਾਨ ਔਰਤ ਵਿੰਗ, ਵਰੁਣ ਸੱਜਨ ਬਲਾਕ ਪ੍ਰਧਾਨ, ਚਾਹਤ ਕੌਰ, ਸੂਰਜ ਗਿੱਲ ਸਮੇਤ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਮੁਲਾਜ਼ਮ ਵੱਡੀ ਗਿਣਤੀ ਵਿਚ ਮੌਜੂਦ ਸਨ।