ਰਮਨਦੀਪ ਕੌਰ, ਜਲੰਧਰ : ਯੂਥ ਅਕਾਲੀ ਦਲ ਦੇ ਮੈਂਬਰਾਂ ਨੇ ਕਾਲੇ ਕਾਨੂੰਨਾਂ ਵਿਰੁੱਧ ਨਰਿੰਦਰ ਮੋਦੀ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਡੀਸੀ ਦਫ਼ਤਰ ਦੇ ਬਾਹਰ ਧਰਨੇ ਰਾਹੀਂ ਆਪਣਾ ਰੋਸ ਪ੍ਰਗਟਾਇਆ। ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਨਿੱਜਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਰਪ੍ਰਸਤ ਯੂਥ ਅਕਾਲੀ ਦਲ ਵਿਕਰਮ ਸਿੰਘ ਮਜੀਠੀਆ ਵਲੋਂ ਇਹ ਨਿਰਦੇਸ਼ ਦਿੱਤੇ ਗਏ ਸਨ ਕਿ ਪੂਰੇ ਪੰਜਾਬ 'ਚ ਹਰ ਡੀਸੀ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕਰ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਜਾਵੇ ਤਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਪਤਾ ਲੱਗ ਸਕੇ ਕਿ ਉਨ੍ਹਾਂ ਦੇ ਕਾਲੇ ਕਾਨੂੰਨ ਰੱਦ ਨਾ ਕਰਨ ਦੇ ਇਸ ਅੜੀਅਲ ਰਵੱਈਏ ਕਾਰਨ ਕਿਸਾਨ ਹੀ ਨਹੀਂ ਸਗੋਂ ਹਰ ਆਮ ਆਦਮੀ ਨੂੰ ਕਿੰਨੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਕਾਲੇ ਕਾਨੂੰਨਾਂ ਦੀ ਆੜ੍ਹ ਹੇਠ ਕਾਰਪੋਰੇਟ ਘਰਾਣਿਆਂ ਦੀ ਹਮਾਇਤ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀ ਅੱਗੇ ਜੋ ਵੀ ਰਣਨੀਤੀ ਹੋਵੇਗੀ ਉਹ ਉਨ੍ਹਾਂ ਦਾ ਪੂਰਾ ਸਾਥ ਦੇਣਗੇ। ਯੂਥ ਅਕਾਲੀ ਦਲ ਦੇ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।