ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੋਸ ਪ੍ਰਦਰਸ਼ਨ ਮੋਹਨਜੀਤ ਸਿੰਘ ਤੇ ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੋਸ ਪ੍ਰਦਰਸ਼ਨ
Publish Date: Fri, 11 Sep 2026 10:07 PM (IST)
Updated Date: Sat, 12 Sep 2026 04:10 AM (IST)
- ਪੀੜਤਾਂ ਨੂੰ ਇਨਸਾਫ਼ ਤੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਮਹਿੰਦਰ ਬਾਜਵਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮੋਹਨਜੀਤ ਸਿੰਘ ਤੇ ਗੁਲਜ਼ਾਰ ਸਿੰਘ ਨਾਲ ਵਾਪਰੀਆਂ ਘਟਨਾਵਾਂ ਦੇ ਵਿਰੋਧ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੀ ਸਮੁੱਚੀ ਜਥੇਬੰਦੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਘਰ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪਾਰਟੀ ਦੀ ‘ਪੰਜਾਬ ਮੰਗਦਾ ਹੈ ਇਨਸਾਫ਼’ ਮੁਹਿੰਮ ਤਹਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੋਹਨਜੀਤ ਸਿੰਘ ਸ਼ੇਰੋਂ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ’ਚ ਜ਼ਿੰਮੇਵਾਰ ਅਧਿਕਾਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਉਠਾਉਣ ਵਾਲੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਵਾਬ ਦੇਣਾ ਚਾਹੀਦਾ ਹੈ। ਮਹਿੰਦਰ ਸਿੰਘ ਬਾਜਵਾ ਨੇ ਮੋਹਨਜੀਤ ਸਿੰਘ ਸ਼ੇਰੋਂ ਦੇ ਮਾਮਲੇ ’ਚ ਮੰਤਰੀ ਅਮਨ ਅਰੋੜਾ ਦੀ ਸਿਆਸੀ ਤੇ ਪ੍ਰਸ਼ਾਸਨਿਕ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ। ਇਸੇ ਤਰ੍ਹਾਂ ਪਿੰਡ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੇ ਮਾਮਲੇ ’ਚ ਉੱਠ ਰਹੇ ਸਵਾਲਾਂ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਪਾਰਟੀ ਆਗੂਆਂ ਨੇ ਇਸ ਮਾਮਲੇ ’ਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਜਵਾਬਦੇਹੀ ਤੈਅ ਕਰਨ ਤੇ ਉਨ੍ਹਾਂ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਤੇ ਆਮ ਲੋਕਾਂ ਨਾਲ ਸਬੰਧਤ ਗੰਭੀਰ ਮਸਲਿਆਂ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣਾ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ ਇਸ ਰੋਸ ਪ੍ਰਦਰਸ਼ਨ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਜੇਕਰ ਪੀੜਤਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਮਰੀਕ ਸਿੰਘ ਛੀਨਾ, ਭਾਨ ਸਿੰਘ, ਪਿੰਦੇ ਬਾਸੀ, ਹਰਪ੍ਰੀਤ ਕੌਰ ਪ੍ਰਧਾਨ ਇਸਤਰੀ ਵਿੰਗ, ਲਖਵੀਰ ਸਿੰਘ ਖਾਲਸਾ, ਗੁਰਦੀਪ ਸਿੰਘ ਭੰਡਾਲ ਪ੍ਰਧਾਨ ਕਪੂਰਥਲਾ, ਨਰਿੰਦਰ ਪੂਰੀ, ਅੰਗਰੇਜ਼ ਸਿੰਘ, ਬਲਵਿੰਦਰ ਸਿੰਘ ਨਕੋਦਰ, ਸੁਖਰਾਜ ਸਿੰਘ, ਕੇਪੀ ਸਿੰਘ, ਨਿਸ਼ਾਨ ਸਿੰਘ, ਸੁਰਿੰਦਰਪਾਲ ਸਿੰਘ, ਕੇਵਲ ਸਿੰਘ, ਗੁਰਪ੍ਰੀਤ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।