ਮਹਿੰਦਰ ਰਾਮ ਫੁਗਲਾਣਾ, ਜਲੰਧਰ : ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਰਿਹਾਇਸ਼ੀ ਪਲਾਟਾਂ ਤੇ ਸੂਬਾ ਸਰਕਾਰ ਵੱਲੋਂ ਮੰਨੀਆਂ ਹੋਰ ਮੰਗਾਂ ਲਾਗੂ ਕਰਵਾਉਣ ਲਈ ਡੀਸੀ ਜਲੰਧਰ ਦੇ ਦਫਤਰ ਅੱਗੇ ਰੋਸ ਧਰਨਾ ਲਾ ਕੇ ਸ਼ਹਿਰ ਵਿਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਵੇਂ ਮਜ਼ਦੂਰਾਂ ਨੂੰ 5-5 ਦੇ ਰਿਹਾਇਸ਼ੀ ਪਲਾਟ ਅਲਾਟ ਕਰਨ ਦੀ ਚਿੱਠੀ ਜਾਰੀ ਕਰ ਦਿੱਤੀ ਹੈ ਪਰ ਕੋਈ ਵੀ ਅਧਿਕਾਰੀ ਇਸ 'ਤੇ ਅਮਲ ਨਹੀਂ ਕਰ ਰਿਹਾ। ਆਗੂਆਂ ਨੇ ਕਿਹਾ ਕਿ ਭਾਵੇਂ ਸੂਬੇ ਦਾ ਮੁੱਖ ਮੰਤਰੀ ਅਨੁਸੂਚਿਤ ਜਾਤੀ ਭਾਈਚਾਰੇ 'ਚੋਂ ਬਣ ਗਿਆ ਹੈ ਪਰ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਆਵਾਜ਼ ਅੱਜ ਵੀ ਸੁਣੀ ਨਹੀਂ ਜਾ ਰਹੀ। ਮਜ਼ਦੂਰਾਂ ਨੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਤੋਂ ਲੈ ਕੇ ਡੀਸੀ ਦਫਤਰ ਤਕ ਮੁਜ਼ਾਹਰਾ ਕੀਤਾ। ਡਿਪਟੀ ਕਮਿਸ਼ਨਰ ਦੀ ਗੈਰ-ਹਾਜ਼ਰੀ ਕਾਰਨ ਗੁੱਸੇ 'ਚ ਆਏ ਮਜ਼ਦੂਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਡੀਸੀ ਦੀ ਥਾਂ ਐੱਸਡੀਐੱਮ ਹਰਪ੍ਰਰੀਤ ਸਿੰਘ ਅਟਵਾਲ ਨੇ ਮੰਗ ਪੱਤਰ ਲੈ ਕੇ 18 ਅਕਤੂਬਰ ਨੂੰ ਡੀਸੀ ਨਾਲ ਮੀਟਿੰਗ ਤੈਅ ਕਰਵਾਈ ਹੈ ਤੇ ਮਜ਼ਦੂਰ ਆਗੂਆਂ ਨੂੰ ਭਰੋਸਾ ਦਿਵਾਇਆ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸ਼ੰਘਰਸ਼ ਤਿੱਖਾ ਕੀਤਾ ਜਾਵੇਗਾ। ਧਰਨੇ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਬਲਦੇਵ ਸਿੰਘ ਨੂਰਪੁਰੀ, ਹਰਪਾਲ ਸਿੰਘ ਬਿੱਟੂ, ਨਿਰਮਲ ਸਿੰਘ ਮਲਸੀਆਂ, ਸੁਖਜਿੰਦਰ ਲਾਲੀ, ਪਰਮਜੀਤ ਸਿੰਘ ਰੰਧਾਵਾ ਤੇ ਸੁਰਿੰਦਰ ਟੋਨੀ ਨੇ ਵੀ ਸੰਬੋਧਨ ਕੀਤਾ।