ਰਾਜਪਾਲ ਭਵਨ ਵੱਲ ਰੋਸ ਮਾਰਚ 15 ਨੂੰ : ਬਾਪੂ ਹਵਾਰਾ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ ਭਵਨ ਵੱਲ ਰੋਸ ਮਾਰਚ 15 ਅਗਸਤ ਨੂੰ : ਬਾਪੂ ਹਵਾਰਾ
Publish Date: Fri, 07 Aug 2026 07:16 PM (IST)
Updated Date: Fri, 07 Aug 2026 07:17 PM (IST)
ਰਾਜਪਾਲ ਅਧਿਕਾਰਾਂ ਦੀ ਵਰਤੋਂ ਕਰ ਕੇ ਬੰਦੀ ਸਿੰਘਾਂ ਨੂੰ ਕਰ ਸਕਦੇ ਰਿਹਾਅ : ਭਾਈ ਫਰਾਂਸ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲੱਗੇ ਕੌਮੀ ਇਨਸਾਫ ਮੋਰਚੇ ਵੱਲੋਂ 15 ਅਗਸਤ ਨੂੰ ਰਾਜਪਾਲ ਭਵਨ ਵੱਲ ਰੋਸ ਮਾਰਚ ਕੀਤਾ ਜਾਵੇਗਾ ਅਤੇ ਫਿਰੋਜ਼ਪੁਰ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਉਣ ਮੌਕੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਹਵਾਰਾ ਵੱਲੋਂ ਪਿੰਡ ਢੰਡੋਵਾਲ ’ਚ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਦੇ ਗ੍ਰਹਿ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਤਾਲਮੇਲ ਕਮੇਟੀ ਦੇ ਮੈਂਬਰ ਗੁਰਜੰਟ ਸਿੰਘ ਤੇ ਗੁਰਮੁਖ ਸਿੰਘ ਬਦੇਸ਼ਾ ਨੰਬਰਦਾਰ ਵੀ ਮੌਜੂਦ ਸਨ। ਬਾਪੂ ਗੁਰਚਰਨ ਸਿੰਘ ਤੇ ਭਾਈ ਪਾਲ ਸਿੰਘ ਫਰਾਂਸ ਨੇ ਦੱਸਿਆ ਕਿ ਪਿਛਲੇ 3 ਸਾਲ 7 ਮਹੀਨੇ ਤੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਤੇ ਅਨੁਸ਼ਾਸਨਬੱਧ ਤਰੀਕੇ ਨਾਲ ਜਾਰੀ ਹੈ ਪਰ ਇਸ ਦੇ ਬਾਵਜੂਦ ਸਰਕਾਰਾਂ ਅਤੇ ਨਿਆਂਪਾਲਿਕਾ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਕੇਂਦਰ ਸਰਕਾਰ ਵੱਲੋਂ 2019 ਵਿਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਵਾਅਦਾ ਨਹੀਂ ਨਿਭਾਇਆ ਗਿਆ। ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਆਪਣੇ ਆਖਰੀ ਸਾਹਾਂ ‘ਤੇ ਪੁੱਤਰ ਨੂੰ ਮਿਲਣ ਲਈ ਤਰਸ ਰਹੇ ਹਨ ਪਰ ਸਰਕਾਰ ਮਨੁੱਖਤਾ ਦੇ ਅਧਾਰ ‘ਤੇ ਵੀ ਭਾਈ ਹਵਾਰਾ ਨੂੰ ਪੈਰੋਲ ਦੇਣ ਲਈ ਤਿਆਰ ਨਹੀਂ ਹੋ ਰਹੀ। ਆਗੂਆਂ ਨੇ ਦੋਸ਼ ਲਾਇਆ ਕਿ ਸੰਗੀਨ ਅਪਰਾਧਾਂ ਦੇ ਦੋਸ਼ੀ ਰਾਮ ਰਹੀਮ ਤੇ ਹੋਰ ਕੈਦੀਆਂ ਨੂੰ ਤਾਂ ਸਰਕਾਰਾਂ ਤੁਰੰਤ ਪੈਰੋਲ ਦੇ ਦਿੰਦੀਆਂ ਹਨ। ਬਾਪੂ ਗੁਰਚਰਨ ਸਿੰਘ ਤੇ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 161 ਤਹਿਤ ਰਾਜਪਾਲ ਕੋਲ ਪੂਰਾ ਅਧਿਕਾਰ ਹੈ ਕਿ ਉਹ ਕਿਸੇ ਵੀ ਕੈਦੀ ਦੀ ਕੈਦ ਘੱਟ ਕਰ ਸਕਦੇ ਹਨ ਜਾਂ ਰਿਹਾਈ ਦੇ ਸਕਦੇ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਤੇ ਪ੍ਰਸ਼ਾਸਨ (ਐੱਸਐੱਸਪੀ ਰਿਪੋਰਟਾਂ) ਚਾਹੁਣ ਤਾਂ ਕੁਝ ਹੀ ਸਮੇਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੀ ਕਾਰਵਾਈ ਮੁਕੰਮਲ ਹੋ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਰਾਜਪਾਲ ਤੇ ਸਰਕਾਰ ਆਪਣੇ ਅਧਿਕਾਰਾਂ ਦਾ ਇਸਤੇਮਾਲ ਕਰਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ।