ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦਾ ਰੋਸ : ਫਿਲੌਰ ਦੇ ਬਾਜ਼ਾਰ ਰਹੇ ਪੂਰਨ ਤੌਰ ’ਤੇ ਬੰਦ, ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਜੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਤਹਿਤ ਵੀਰਵਾਰ ਨੂੰ ਫਿਲੌਰ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ। ਇਸ ਦੌਰਾਨ ਫਿਲੌਰ ਦੇ ਨੂਰਮਹਿਲ ਰੋਡ, ਨਵਾਂਸ਼ਹਿਰ ਰੋਡ, ਮੇਨ ਬਾਜ਼ਾਰ ਅਤੇ ਕਿਲ੍ਹਾ ਰੋਡ ਸਮੇਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰ ਪੂਰਨ ਤੌਰ ’ਤੇ ਬੰਦ ਰਹੇ। ਬੰਦ ਦੇ ਸੱਦੇ ਨੂੰ ਦੁਕਾਨਦਾਰਾਂ ਵੱਲੋਂ ਵੀ ਸਮਰਥਨ ਦਿੱਤਾ ਗਿਆ।
Publish Date: Thu, 15 Oct 2026 04:49 PM (IST)
Updated Date: Thu, 15 Oct 2026 04:50 PM (IST)
ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਜੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਤਹਿਤ ਵੀਰਵਾਰ ਨੂੰ ਫਿਲੌਰ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ। ਇਸ ਦੌਰਾਨ ਫਿਲੌਰ ਦੇ ਨੂਰਮਹਿਲ ਰੋਡ, ਨਵਾਂਸ਼ਹਿਰ ਰੋਡ, ਮੇਨ ਬਾਜ਼ਾਰ ਅਤੇ ਕਿਲ੍ਹਾ ਰੋਡ ਸਮੇਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰ ਪੂਰਨ ਤੌਰ ’ਤੇ ਬੰਦ ਰਹੇ। ਬੰਦ ਦੇ ਸੱਦੇ ਨੂੰ ਦੁਕਾਨਦਾਰਾਂ ਵੱਲੋਂ ਵੀ ਸਮਰਥਨ ਦਿੱਤਾ ਗਿਆ।
ਰੋਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਖਾਲਿਸਤਾਨੀ ਅਤੇ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਦੀ ਆਗੂ ਬੀਬੀ ਹਰਜੀਤ ਕੌਰ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਸਬੰਧਤ ਬਲਵੀਰ ਸਿੰਘ ਕੰਦੋਲਾ, ਪ੍ਰਦੀਪ ਸਿੰਘ, ਨਰਿੰਦਰ ਸਿੰਘ ਚੀਮਾ ਅਤੇ ਹੋਰ ਆਗੂਆਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਆਗੂ ਅਮਰੀਕ ਸਿੰਘ, ਲੱਖਾਂ ਸਿੰਘ ਅਤੇ ਸੁਲੱਖਣ ਸਿੰਘ ਸੇਖੂਪੁਰਾ ਸਮੇਤ ਹੋਰ ਵਿਅਕਤੀ ਵੀ ਮੌਜੂਦ ਰਹੇ।
ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਲਾਪਰਵਾਹੀ ਜਾਂ ਗ਼ਲਤੀ ਕੀਤੀ ਗਈ ਹੈ ਤਾਂ ਉਸ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਜਿਨ੍ਹਾਂ ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹੀਆਂ ਹੋਈਆਂ ਸਨ, ਉਨ੍ਹਾਂ ਨੂੰ ਵੀ ਆਗੂਆਂ ਵੱਲੋਂ ਸ਼ਾਂਤਮਈ ਢੰਗ ਨਾਲ ਬੰਦ ਦੇ ਸੱਦੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ। ਸਮੁੱਚੇ ਪ੍ਰਦਰਸ਼ਨ ਦੌਰਾਨ ਸ਼ਾਂਤੀ ਬਣਾਈ ਰੱਖਣ ਦਾ ਸੱਦਾ ਦਿੱਤਾ ਗਿਆ।