ਪੰਜਾਬ ਵਿਧਾਨ ਸਭਾ ਘਿਰਾਓ ਹੁਣ 8 ਨੂੰ : ਨਿਰਲੇਪ ਕੌਰ
ਅਜੇ ਸਿੰਘ ਨਾਗੀ, ਪੰਜਾਬੀ
Publish Date: Fri, 27 Feb 2026 07:52 PM (IST)
Updated Date: Fri, 27 Feb 2026 07:55 PM (IST)

ਪੰਜਾਬੀ ਜਾਗਰਣ ਟੀਮ, ਜਲੰਧਰ/ਫਿਲੌਰ : ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨਿਰਲੇਪ ਕੌਰ, ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਅਤੇ ਵਿੱਤ ਸਕੱਤਰ ਪਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਵਾਲੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ, ਇਸ ਦਿਨ ਮੰਗਾਂ ਨੂੰ ਲੈ ਕੇ ਯੂਨੀਅਨ ਵੱਲੋਂ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪਹਿਲੀ ਮਾਰਚ ਨੂੰ ਮਲੋਟ ਵਿਚ ਵਿਭਾਗੀ ਮੰਤਰੀ ਡਾ. ਬਲਜੀਤ ਕੌਰ ਦਾ ਘਿਰਾਓ ਕੀਤਾ ਜਾਣਾ ਸੀ, ਪਰ ਹੁਣ ਪਹਿਲੀ ਦੀ ਥਾਂ 8 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਆਏ ਚਾਰ ਸਾਲ ਹੋ ਗਏ ਹਨ ਪਰ ਇਨ੍ਹਾਂ ਚਾਰ ਸਾਲਾਂ ਵਿੱਚ ਵਿਭਾਗੀ ਕਾਰਜ ਵਿੱਚ ਲਗਾਤਾਰ ਗਿਰਾਵਟ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਹੁਤ ਸਾਰੀਆਂ ਗਾਰੰਟੀਆਂ ਦਿੱਤੀਆਂ ਸਨ ਅਤੇ ਉਨ੍ਹਾਂ ’ਚ ਆਂਗਨਵਾੜੀ ਵਰਕਰਾਂ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨਾ ਤੇ ਮਾਣਭੱਤੇ ਵਿੱਚ ਦੁੱਗਣਾ ਵਾਅਦਾ ਕਰਨਾ ਵੀ ਸ਼ਾਮਲ ਸੀ। ਜਿੱਥੇ ਇਹ ਗਾਰੰਟੀਆਂ ਸਨ, ਉੱਥੇ ਵੱਖ-ਵੱਖ ਮੀਟਿੰਗਾਂ ਦੇ ਵਿੱਚ ਹੋਰ ਵੀ ਬਹੁਤ ਸਾਰੀਆਂ ਮੰਗਾਂ ’ਤੇ ਵਿਸ਼ਵਾਸ ਦਿਵਾਇਆ ਗਿਆ ਸੀ ਪਰ ਇਸ ਪਾਸੇ ਧਿਆਨ ਨਹੀਂ ਦਿੱਤਾ ਗਿਆ। ਇਸ ਦੇ ਰੋਸ ਵਜੋਂ 8 ਮਾਰਚ 2026 ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।