ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ : ਮਹਿੰਦਰ ਭਗਤ
ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ–ਮਹਿੰਦਰ ਭਗਤ
Publish Date: Thu, 22 Jan 2026 08:44 PM (IST)
Updated Date: Fri, 23 Jan 2026 04:16 AM (IST)
- ਕਿਹਾ, 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੀ ਨਿਵੇਕਲੀ ਪਹਿਲ ਦੀ ਹੋਈ ਸ਼ੁਰੂਆਤ
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗ਼ਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਗਈ, ਜੋ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਪਹਿਲ ਨਾਲ ਹਰੇਕ ਵਿਅਕਤੀ ਨੂੰ 10 ਲੱਖ ਰਪੁਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਮਿਲੇਗਾ।
‘ਪੰਜਾਬੀ ਜਾਗਰਣ’ ਨਾਲ ਗੱਲਬਾਤ ਕਰਦੇ ਹੋਏ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਭਰ ਵਿੱਚ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਨਾਲ ਲੋਕਾਂ ਨੂੰ ਸਿਹਤ ਸੰਭਾਲ ਵਿੱਚ ਬਹੁਤ ਵੱਡਾ ਲਾਭ ਮਿਲੇਗਾ ਅਤੇ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਕੀਤੀ ਗਈ ਇਹ ਨਿਵੇਕਲੀ ਪਹਿਲ ਸੂਬਾ ਵਾਸੀਆ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਇਸ ਸਕੀਮ ਤਹਿਤ 10 ਲੱਖ ਰੁਪਏ ਦੇ ਇਲਾਜ ਤੱਕ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਵਾਸੀ ਜਿਸ ਪਾਸ ਪੰਜਾਬ ਦਾ ਅਧਾਰ ਕਾਰਡ ਜਾਂ ਵੋਟਰ ਕਾਰਡ ਹੈ, ਇਸ ਸਕੀਮ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਉਤੇ ਲਗਾਏ ਜਾ ਰਹੇ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਕਾਰਡ ਰਜਿਸਟਰੇਸ਼ਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ।