ਪੰਜਾਬ ਬਜਟ 2026-27 ਉਦਯੋਗ ਤੇ ਨਿਵੇਸ਼ ਨੂੰ ਪ੍ਰੋਤਸਾਹਿਤ ਕਰਨ ਵਾਲਾ ਬਜਟ : ਸੁਨੀਲ ਸ਼ਰਮਾ
ਪੰਜਾਬ ਬਜਟ 2026-27 ਉਦਯੋਗ ਤੇ ਨਿਵੇਸ਼ ਨੂੰ ਪ੍ਰੋਤਸਾਹਿਤ ਕਰਨ ਵਾਲਾ ਬਜਟ: ਸੁਨੀਲ ਸ਼ਰਮਾ
Publish Date: Sun, 08 Mar 2026 06:32 PM (IST)
Updated Date: Mon, 09 Mar 2026 04:09 AM (IST)
------------ਬਜਟ ਨਾਲ ਲਗਾਈ ਜਾਵੇ--------------
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਸਾਲ 2026-27 ਦੇ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਇੰਜੀਨੀਅਰਿੰਗ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਸ਼ਰਮਾ ਨੇ ਕਿਹਾ ਕਿ ਇਹ ਬਜਟ ਰਾਜ ’ਚ ਵਿਕਾਸ, ਨਿਵੇਸ਼ ਤੇ ਰੋਜ਼ਗਾਰ ਸ੍ਰਿਜਨ ਨੂੰ ਉਤਸ਼ਾਹਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੇਸ਼ ਕੀਤੀ ਗਈ ਇੰਡਸਟਰੀਅਲ ਐਂਡ ਬਿਜ਼ਨਸ ਡਿਵੈਲਪਮੈਂਟ ਪਾਲਿਸੀ 2026 ਤਹਿਤ ਪੰਜਾਬ ’ਚ ਲਗਭਗ 75,000 ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜੋ ਰਾਜ ਦੇ ਉਦਯੋਗਿਕ ਵਿਕਾਸ ਲਈ ਇਕ ਸਕਾਰਾਤਮਕ ਸੰਕੇਤ ਹੈ। ਇਸ ਨੀਤੀ ਦੇ ਅਧੀਨ ਨਵੇਂ ਨਿਵੇਸ਼ ਦੇ ਨਾਲ-ਨਾਲ ਪਹਿਲਾਂ ਤੋਂ ਸਥਾਪਿਤ ਉਦਯੋਗਾਂ ਦੇ ਵਿਸਥਾਰ ਤੇ ਆਧੁਨਿਕੀਕਰਨ ਨੂੰ ਵੀ ਉਤਸ਼ਾਹਿਤ ਕਰਨ ਦੀ ਗੱਲ ਕੀਤੀ ਗਈ ਹੈ। ਸੁਨੀਲ ਸ਼ਰਮਾ ਨੇ ਕਿਹਾ ਕਿ ਉਦਯੋਗਾਂ ’ਚ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਪ੍ਰਤੀ ਕਰਮਚਾਰੀ 3000 ਤੋਂ 7500 ਰੁਪਏ ਤੱਕ ਦੇ ਪ੍ਰੋਤਸਾਹਨ ਦੀ ਵਿਵਸਥਾ ਵੀ ਕਾਬਿਲ-ਏ-ਤਾਰੀਫ਼ ਹੈ। ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਣਗੇ ਤੇ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਨਿਰਯਾਤ ਨੂੰ ਉਤਸ਼ਾਹਤ ਕਰਨ ਤੇ ਐੱਮਐੱਸਐੱਮਈ ਸੈਕਟਰ ਨੂੰ ਮੁਕਾਬਲੇਯੋਗ ਬਣਾਉਣ ਲਈ ਸਰਕਾਰ ਵੱਲੋਂ ਲਾਜਿਸਟਿਕ ਤੇ ਮਾਰਕੀਟਿੰਗ ਸਹਾਇਤਾ ਵਰਗੀਆਂ ਪਹਿਲਾਂ ’ਤੇ ਵੀ ਧਿਆਨ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ਦੇ ਉਦਯੋਗਾਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਬਾਜ਼ਾਰ ’ਚ ਆਪਣੀ ਪਹੁੰਚ ਮਜ਼ਬੂਤ ਕਰਨ ’ਚ ਮਦਦ ਮਿਲੇਗੀ। ਇਸ ਮੌਕੇ ਇੰਜੀਨੀਅਰਿੰਗ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਸ਼ਰਮਾ ਦੇ ਨਾਲ ਐਸੋਸੀਏਸ਼ਨ ਦੇ ਮੈਂਬਰ ਗੌਤਮ ਸ਼ਰਮਾ, ਅਰੁਣ ਸ਼ਰਮਾ, ਪੂਜਾ ਸ਼ਰਮਾ ਤੇ ਮਲਕੀਤ ਸਿੰਘ ਸਮੇਤ ਹੋਰ ਉਦਯੋਗਪਤੀ ਵੀ ਮੌਜੂਦ ਸਨ।