ਲੁੱਟ ਦੇ ਮੁਲਜ਼ਮਾਂ ਨੂੰ ਫੜਨ ਲਈ 24 ਘੰਟੇ ਕੀਤਾ ਜਾ ਰਿਹੈ ਕੰਮ : ਭਗਤ
ਪੰਜਾਬ ਸਰਕਾਰ ਮੁਲਜ਼ਮਾਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਅਪਣਾਉਣ ਲਈ ਵਚਨਬੱਧ: ਮੋਹਿੰਦਰ ਭਗਤ
Publish Date: Wed, 31 Dec 2025 08:17 PM (IST)
Updated Date: Wed, 31 Dec 2025 08:20 PM (IST)
-ਕੈਬਨਿਟ ਮੰਤਰੀ ਵੱਲੋਂ ਜਿਊਲਰਜ਼ ਨੂੰ ਨਿਆਂ ਦਿਵਾਉਣ ਦਾ ਭਰੋਸਾ
-ਕਿਹਾ, ਸਰਕਾਰ ਜ਼ੀਰੋ ਟੋਲਰੈਂਸ ਨੀਤੀ ਅਪਣਾਉਣ ਲਈ ਵਚਨਬੱਧ
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਮੁਲਜ਼ਮਾਂ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾ ਰਿਹਾ ਹੈ ਤੇ ਅਮਨ ਕਾਨੂੰਨ, ਸ਼ਾਂਤੀ ਤੇ ਜਨਤਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲਿਆਂ ਨਾਲ ਸ਼ਖਤੀ ਨਾਲ ਨਿਪਟਿਆ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਖੇ ਬੱਬਰ ਜਿਊਲਰਜ਼ ਦੀ ਦੁਕਾਨ ਦਾ ਦੌਰਾ ਕੀਤਾ ਗਿਆ, ਜਿਥੇ ਕੁਝ ਦਿਨ ਪਹਿਲਾਂ ਨਕਾਬਪੋਸ਼ ਅਨਸਰਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। ਦੁਕਾਨ ਦੇ ਮਾਲਕ ਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਜਲਦ ਤੋਂ ਜਲਦ ਨਿਆਂ ਯਕੀਨੀ ਬਣਾਉਣ ਦਾ ਭਰੋਸਾ ਦੁਆਇਆ। ਭਗਤ ਨੇ ਕਿਹਾ ਕਿ ਪੰਜਾਬ ਪੁਲਿਸ ਦੀਆਂ ਸਪੈਸ਼ਲ ਟੀਮਾਂ ਨੂੰ ਲਾਇਆ ਗਿਆ ਹੈ ਤੇ ਇਨ੍ਹਾਂ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੋ ਵੀ ਇਸ ਅਪਰਾਧ ’ਚ ਸ਼ਾਮਲ ਹੋਣਗੇ, ਬਚ ਨਹੀਂ ਸਕਣਗੇ ਤੇ ਉਨ੍ਹਾਂ ਨੂੰ ਸਖਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਇਹ ਵੀ ਭਰੋਸਾ ਦੁਆਇਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੁੱਟੇ ਗਹਿਣੇ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਵਾਪਸ ਕੀਤੇ ਜਾਣਗੇ। ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਭਗਤ ਨੇ ਕਿਹਾ ਕਿ ਪੁਲਿਸ ਵੱਲੋਂ ਸੂਬੇ ’ਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਤੇ ਸੁਰੱਖਿਅਤ ਵਾਤਾਵਰਨ ਲਈ ਮੁਲਜ਼ਮਾਂ ਤੇ ਗੈਂਗਸਟਰਾਂ ਖਿਲਾਫ਼ ਫੈਸਲਾਕੁੰਨ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਸੀਨੀਅਰ ਅਧਿਕਾਰੀਆਂ ਨੂੰ ਇਸ ਕੇਸ ਦੇ ਹੱਲ ਕਰਨ ਲਈ ਉਸੇ ਤਰ੍ਹਾਂ ਦੀ ਰਣਨੀਤੀ ਅਪਣਾਉਣ ਲਈ ਕਿਹਾ ਗਿਆ ਹੈ। ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਤੇ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਰਹੇਗੀ ਤੇ ਜੋ ਵੀ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਨੂੰ ਸਖ਼ਤ ਤੇ ਤੁਰੰਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।