ਸੂਬਾ ਸਰਕਾਰ ਪ੍ਰਕਾਸ਼ ਉਤਸਵ ਪੂਰੀ ਸ਼ਰਧਾ ਨਾਲ ਮਨਾਉਣ ਲਈ ਵਚਨਬੱਧ : ਮਹਿੰਦਰ ਭਗਤ
ਪੰਜਾਬ ਸਰਕਾਰ ਪ੍ਰਕਾਸ਼ ਉਤਸਵ ਪੂਰੀ ਸ਼ਰਧਾ ਨਾਲ ਮਨਾਉਣ ਲਈ ਵਚਨਬੱਧ : ਮਹਿੰਦਰ ਭਗਤ
Publish Date: Wed, 21 Jan 2026 10:14 PM (IST)
Updated Date: Wed, 21 Jan 2026 10:15 PM (IST)

-ਕੈਬਨਿਟ ਮੰਤਰੀ ਨੇ ਪ੍ਰਕਾਸ਼ ਉਤਸਵ ਸਮਾਗਮਾਂ ਤੇ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਵੱਖ-ਵੱਖ ਧਾਰਮਿਕ ਸੰਗਠਨਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਸ਼ੋਭਾ ਯਾਤਰਾ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਬੁੱਧਵਾਰ ਨੂੰ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉੱਚ ਮਿਆਰਾਂ ਨਾਲ ਮਨਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 1 ਫਰਵਰੀ ਨੂੰ ਪ੍ਰਕਾਸ਼ ਦਿਹਾੜੇ ਅਤੇ 31 ਜਨਵਰੀ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਸਮੁੱਚੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਸੌਂਪੇ ਗਏ ਕੰਮਾਂ ਨੂੰ ਪੂਰੀ ਤਨਦੇਹੀ ਨਾਲ ਸਮੇਂ ਸਿਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਸੁਚੱਜੇ ਪ੍ਰਬੰਧਾਂ ਤੋਂ ਇਲਾਵਾ ਸ਼ੋਭਾ ਯਾਤਰਾ ਦੌਰਾਨ ਮਹਿਲਾ ਪੁਲਿਸ ਦੀ ਤਾਇਨਾਤੀ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਕੀਤੇ ਜਾਣ। ਭਗਤ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰਸਤਿਆਂ ’ਤੇ ਸਾਫ਼-ਸਫ਼ਾਈ, ਪਾਣੀ ਦਾ ਛਿੜਕਾਅ , ਚੌਕਾਂ ਦੀ ਸਜਾਵਟ ਅਤੇ ਆਰਜੀ ਪਖਾਨਿਆਂ ਅਤੇ ਪੀਣ ਵਾਲੇ ਸਾਫ਼ ਪਾਣੀ ਤੋਂ ਇਲਾਵਾ ਫਾਇਰ ਟੈਂਡਰ ਦੇ ਪੁਖ਼ਤਾ ਪ੍ਰਬੰਧਾਂ ਪਹਿਲਾਂ ਹੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸਮਾਗਮ ਵਾਲੇ ਸਥਾਨਾਂ ’ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਉਪਰੰਤ ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ ਸ੍ਰੀ ਗੁਰੂ ਰਵਿਦਾਸ ਮੰਦਿਰ ਮੈਮੋਰੀਅਲ ਟਰੱਸਟ, ਸਿਧਾਰਥ ਨਗਰ ਵਿਖੇ ਮੀਟਿੰਗ ਦੌਰਾਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਰਧਾਲੂਆਂ ਨੂੰ ਸੱਦਾ ਦਿੱਤਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਤੇ ਸ਼ੋਭਾ ਯਾਤਰਾ ਵਿੱਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ। ਇਸ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰਣਦੀਪ ਸਿੰਘ ਹੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਸਤਿਗੁਰੂ ਰਵਿਦਾਸ ਧਾਮ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੇਠ ਸੱਤਪਾਲ ਮੱਲ ਤੇ ਜਨਰਲ ਸਕੱਤਰ ਵਿਨੋਦ ਕੋਲ, ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਟਰੱਸਟ ਸਿਧਾਰਥ ਨਗਰ ਦੇ ਪ੍ਰਧਾਨ ਸਟੀਫਨ ਕਲੇਰ, ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਤੋਂ ਇਲਾਵਾ ਧਾਰਮਿਕ ਸੰਗਠਨਾਂ ਦੇ ਅਹੁਦੇਦਾਰ ਵੀ ਮੌਜੂਦ ਸਨ।