ਸਿਹਤ ਬੀਮਾ ਯੋਜਨਾ ਲੋਕ ਹਿਤੈਸ਼ੀ : ਅੰਮ੍ਰਿਤਪਾਲ ਸਿੰਘ
ਪੰਜਾਬ ਸਰਕਾਰ ਹਰ ਯੋਗ ਪਰਿਵਾਰ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਪਹੁੰਚਾਉਣ ਲਈ ਵਚਨਬੱਧ: ਅੰਮ੍ਰਿਤਪਾਲ ਸਿੰਘ
Publish Date: Tue, 17 Feb 2026 08:06 PM (IST)
Updated Date: Tue, 17 Feb 2026 08:09 PM (IST)

ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕਾ ਜਲੰਧਰ ਪੱਛਮੀ ਦੇ ਇਲਾਕੇ ਮਾਡਲ ਹਾਊਸ ’ਚ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ’ਚ ਸ਼ਿਰਕਤ ਕਰਦਿਆਂ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤੇ ਆਪ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਜਨਤਾ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਾਂ ਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦਾ ਮਕਸਦ ਹਰੇਕ ਯੋਗ ਪਰਿਵਾਰ ਤੱਕ ਸਿਹਤ ਸੁਰੱਖਿਆ ਦੀ ਸਹੂਲਤ ਪਹੁੰਚਾਉਣਾ ਹੈ। ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਹਰੇਕ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਯੋਗ ਪਰਿਵਾਰ ਨੂੰ ਇਸ ਸਕੀਮ ਦਾ ਲਾਭ ਦਿਵਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੈਂਪਾਂ ’ਚ ਰਜਿਸਟ੍ਰੇਸ਼ਨ ਦਾ ਕੰਮ ਪੂਰੇ ਪਾਰਦਰਸ਼ੀ, ਸੁਚੱਜੇ ਤੇ ਉਚਿਤ ਤਰੀਕੇ ਨਾਲ ਹੋਵੇ ਤਾਂ ਜੋ ਕਿਸੇ ਵੀ ਯੋਗ ਲਾਭਪਾਤਰੀ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਤੇ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਸੰਜੀਵ ਭਗਤ, ਕੌਂਸਲਰ ਰਾਜ ਕੁਮਾਰ ਰਾਜੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੱਲੋਂ ਵੱਖ-ਵੱਖ ਵਾਰਡਾਂ ’ਚ ਲਗਾਏ ਗਏ ਕੈਂਪਾਂ ’ਚ ਸ਼ਿਰਕਤ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।