ਸੂਬਾ ਸਰਕਾਰ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ : ਭਗਤ
ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ : ਮੋਹਿੰਦਰ ਭਗਤ
Publish Date: Wed, 26 Nov 2025 07:53 PM (IST)
Updated Date: Wed, 26 Nov 2025 07:56 PM (IST)
-ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟਾਇਆ, ਸਰਕਾਰ ਵਲੋਂ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ, ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਸਮੇਤ ਸ਼ਹਿਰ ’ਚ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ। ਸੂਬਾ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ ਤੇ ਮੁਲਜ਼ਮ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਮੁਲਜ਼ਮ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਤੇ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿਵਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਣਗਹਿਲੀ ਕਰਨ ਵਾਲੇ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਪੈਰਵੀ ਫਾਸਟ ਟਰੈਕ ਅਧਾਰ ’ਤੇ ਕੀਤੀ ਜਾਵੇਗੀ। ਵਿਧਾਇਕਾ ਇੰਦਰਜੀਤ ਕੌਰ ਮਾਨ ਤੇ ਡਾ. ਅਮਨਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ’ਚ ਤੇਜ਼ੀ ਨਾਲ ਕਾਰਵਾਈ ਮੁਕੰਮਲ ਕੀਤੀ ਜਾਵੇ ਤਾਂ ਜੋ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਤੇ ਦਿਨੇਸ਼ ਢੱਲ ਵੀ ਮੌਜੂਦ ਸਨ।