ਸੂਬਾ ਸਰਕਾਰ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਬਲਕਾਰ ਸਿੰਘ
ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ
Publish Date: Tue, 21 Apr 2026 08:01 PM (IST)
Updated Date: Tue, 21 Apr 2026 08:04 PM (IST)
ਕੁਲਦੀਪ ਸਿੰਘ ਵਾਲਿਆ, ਪੰਜਾਬੀ ਜਾਗਰਣ, ਕਰਤਾਰਪੁਰ : ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਸਨ ਤੇ ਇਸ ਦੌਰਾਨ ਉਨ੍ਹਾਂ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਣਕ ਦੀ ਖਰੀਦ ਦੌਰਾਨ ਮੰਡੀਆਂ ’ਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਖਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਢੰਗ ਨਾਲ ਖਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਹਲਕਾ ਵਿਧਾਇਕ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਕਣਕ ਦੀ ਖਰੀਦ ਉਪਰੰਤ ਸਮੇਂ ਸਿਰ ਲਿਫਟਿੰਗ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਐੱਸਡੀਐੱਮ ਸ਼ਾਇਰੀ ਮਲਹੋਤਰਾ, ਡੀਐੱਫਐੱਸਸੀ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।