ਔਰਤਾਂ ਨੂੰ ਸਸ਼ਕਤ ਬਣਾਉਣ ਲਈ ਸਰਕਾਰ ਵਚਨਬੱਧ : ਭਗਤ
ਪੰਜਾਬ ਸਰਕਾਰ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਕਰ ਰਹੀ ਲਗਾਤਾਰ ਉਪਰਾਲੇ : ਮੋਹਿੰਦਰ ਭਗਤ
Publish Date: Tue, 27 Jan 2026 09:12 PM (IST)
Updated Date: Tue, 27 Jan 2026 09:13 PM (IST)

-ਕੈਬਨਿਟ ਮੰਤਰੀ ਵੱਲੋਂ ਤਿੰਨ ਦਿਨਾ ਪੰਜਾਬ ਸਖੀ ਸ਼ਕਤੀ ਮੇਲਾ-2026 ਦਾ ਉਦਘਾਟਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਇਥੇ ਰੈੱਡ ਕਰਾਸ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਤਿੰਨ ਦਿਨਾ ਪੰਜਾਬ ਸਖੀ ਸ਼ਕਤੀ ਮੇਲਾ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲਾ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ’ਚ ਬਿਹਤਰੀਨ ਉਪਰਾਲਾ ਹੈ, ਜੋ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ’ਚ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਔਰਤਾਂ ਪਿੰਡਾਂ ’ਚ ਘਰਾਂ ’ਚ ਬੈਠ ਕੇ ਹੱਥ ਕਲਾਕਾਰੀ ਦਾ ਕੰਮ ਕਰਦੀਆਂ ਹਨ, ਉਨ੍ਹਾਂ ਲਈ ਇਹ ਮੇਲਾ ਆਪਣਾ ਹੁਨਰ ਦਿਖਾਉਣ ਲਈ ਬਹੁਤ ਵਧੀਆ ਮੌਕਾ ਹੈ, ਜਿਸ ਨਾਲ ਉਹ ਆਪਣੀ ਆਰਥਿਕਤਾ ਨੂੰ ਵੀ ਮਜ਼ਬੂਤ ਕਰ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਸੈਲਫ਼ ਹੈਲਪ ਗਰੁੱਪ ਦੀਆਂ ਮਹਿਲਾਵਾਂ ਵੱਲੋਂ ਮੇਲੇ ’ਚ ਲਗਾਏ ਗਏ ਸਟਾਲਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਔਰਤਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਮੇਲੇ ’ਚ ਸ਼ਿਰਕਤ ਕਰਨ ਤੇ ਔਰਤਾਂ ਵੱਲੋਂ ਬਣਾਏ ਉਤਪਾਦਾਂ ਦੀ ਖ਼ਰੀਦਦਾਰੀ ਕਰਕੇ ਮਹਿਲਾ ਸਸ਼ਕਤੀਕਰਨ ’ਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੇਲੇ ’ਚ ਕਰੀਬ 62 ਸਵੈ ਸਹਾਇਤਾ ਸਮੂਹ ਹਿੱਸਾ ਲੈ ਰਹੇ ਹਨ ਤੇ ਇਹ ਮੇਲਾ 29 ਜਨਵਰੀ ਤੱਕ ਜਾਰੀ ਰਹੇਗਾ। ਮੇਲੇ ਦੌਰਾਨ ਸਵੈ ਸਹਾਇਤਾ ਸਮੂਹਾਂ ਦੀਆਂ ਔਰਤਾਂ ਵੱਲੋਂ ਤਿਆਰ ਕੀਤੇ ਆਚਾਰ, ਚਟਨੀ, ਮੁਰੱਬੇ, ਜੂਟ ਦਾ ਸਮਾਨ, ਆਰਗੈਨਿਕ ਹਲਦੀ, ਸ਼ਹਿਦ ਤੇ ਹੋਰ ਪਦਾਰਥਾਂ ਦੇ ਸਟਾਲ ਲਗਾਏ ਗਏ ਸਨ। ਐੱਚਐੱਮਵੀ ਕਾਲਜ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਚਰੰਗਾਂ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਲਾਲ ਕੁੰਡਲ, ਜ਼ਿਲ੍ਹਾ ਆਯੁਰਵੇਦਿਕ ਤੇ ਯੂਨਾਨੀ ਅਫ਼ਸਰ ਵੀਨੂੰ ਖੰਨਾ, ਡਿਪਟੀ ਸੀਈਓ ਜ਼ਿਲ੍ਹਾ ਪ੍ਰੀਸ਼ਦ ਸੁਖਬੀਰ ਕੌਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ, ਸ਼ੋਭਾ ਭਗਤ, ਸੁਦੇਸ਼ ਭਗਤ, ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾ ਸਟਾਫ਼ ਵੀ ਮੌਜੂਦ ਸੀ।