- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਦਮਪੁਰ ’ਚ ਕਰਵਾਇਆ ਮਹਾਨ ਕੀਰਤਨ ਦਰਬਾਰ

- ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ’ਚ ਵੀ ਸਮਾਜ ਲਈ ਸਾਰਥਕ : ਹਰਪਾਲ ਚੀਮਾ
- ਸੰਤ ਨਿਰੰਜਣ ਦਾਸ ਜੀ ਨੇ ਕੀਰਤਨ ਦਰਬਾਰ ’ਚ ਸ਼ਿਰਕਤ ਕਰ ਕੇ ਸੰਗਤ ਨੂੰ ਦਿੱਤਾ ਅਸ਼ੀਰਵਾਦ
- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਪਹਿਲੀ ਵਾਰ ਵੱਡੇ ਪੱਧਰ ’ਤੇ ਮਨਾਇਆ ਜਾ ਰਿਹੈ : ਪਵਨ ਕੁਮਾਰ ਟੀਨੂੰ
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਦਾਣਾ ਮੰਡੀ, ਆਦਮਪੁਰ ਵਿਖੇ ਕਰਵਾਇਆ ਗਿਆ, ਜਿਸ ’ਚ ਗੁਰਬਾਣੀ ਕੀਰਤਨ ਤੇ ਧਾਰਮਿਕ ਭਜਨਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਨੂੰ ਰੂਹਾਨੀ ਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗਿਆ। ਮਹਾਨ ਕੀਰਤਨ ਸਮਾਗਮ ਦੌਰਾਨ ਸੰਗਤ ਨੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ’ਚ ਵੀ ਸਮਾਜ ਲਈ ਬਹੁਤ ਸਾਰਥਕ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ’ਚ ਅਜਿਹੇ ਸਮਾਗਮ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਹਨ। ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਨਾਲ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ ਤੇ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਅਨੇਆਂ ਅਜਿਹੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਡੇਰਾ ਸੱਚਖੰਡ ਬੱਲਾਂ ਨੇੜੇ 11 ਏਕੜ ਰਕਬੇ ’ਚ ਉਸਾਰੇ ਜਾ ਰਹੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਾਰੇ ਵੀ ਚਾਨਣਾ ਪਾਇਆ ਗਿਆ। ਵਿੱਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦਿਆਂ ਇਨ੍ਹਾਂ ਨੂੰ ਆਪਣੀ ਰੋਜ਼ਾਨਾ ਜਿੰਦਗੀ ਵਿੱਚ ਅਪਣਾਉਣ। ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਕੀਰਤਨ ਦਰਬਾਰ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਨੇ ਸੰਗਤਾਂ ਨੂੰ ਅਸ਼ੀਰਵਾਦ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਧਿਆਤਮਿਕ ਅਤੇ ਸਮਾਜਿਕ ਸੰਦੇਸ਼ ਨੂੰ ਅੱਗੇ ਵਧਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅਤੇ ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ, ਜਿਨ੍ਹਾਂ ਸਮਾਗਮ ਦੀ ਮੇਜ਼ਬਾਨੀ ਕੀਤੀ, ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਤ ਨਿਰੰਜਣ ਦਾਸ ਜੀ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਵਲੋਂ ਪ੍ਰਕਾਸ਼ ਪੁਰਬ ਨੂੰ ਏਡੇ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੋਕ ਹਮੇਸ਼ਾਂ ਯਾਦ ਰੱਖਣਗੇ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਵੀ ਇਸ ਮੌਕੇ ਮੌਜੂਦ ਸਨ। ਇਸ ਮੌਕੇ ਪ੍ਰਸਿੱਧ ਰਾਗੀ ਜੱਥਿਆਂ ਵਲੋਂ ਪੇਸ਼ ਕੀਤੇ ਗਏ ਗੁਰਬਾਣੀ ਕੀਰਤਨ ਨੇ ਸੰਗਤ ਨੂੰ ਰੂਹਾਨੀ ਰੰਗ ਵਿੱਚ ਰੰਗਿਆ। ਇਸੇ ਤਰ੍ਹਾਂ ਪ੍ਰਸਿੱਧ ਕਲਾਕਾਰ ਦਲਵਿੰਦਰ ਦਿਆਲਪੁਰੀ, ਕੰਠ ਕਲੇਰ, ਸੂਫ਼ੀ ਕਲਾਕਾਰ ਕੁਲਵਿੰਦਰ ਕਿੰਦਾ, ਪਰਵੇਜ਼ ਆਲਮ ਵਲੋਂ ਵੀ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਜੀਵਨ ਫਲਸਫ਼ੇ ਨਾਲ ਜੋੜਨ ਲਈ ਸ਼ਾਨਦਾਰ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।