- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀਆਂ ਬੰਦ ਕਰਨ ਦਾ ਫੈਸਲਾ ਅਤਿ ਨਿੰਦਣਯੋਗ: ਜਥੇਦਾਰ ਹਰਜਿੰਦਰ ਸਿੰਘ ਲੱਲੀਆਂ

-ਮੰਡੀਆਂ ’ਚ ਝੋਨੇ ਦੀ ਖਰੀਦ ਦਾ ਸਮਾਂ 10 ਤੋਂ 15 ਦਿਨ ਵਧਾਉਣ ਦੀ ਕੀਤੀ ਮੰਗ, ਕਿਸਾਨਾਂ ਤੇ ਆੜ੍ਹਤੀਆਂ ਦਾ ਹੋਵੇਗਾ ਭਾਰੀ ਨੁਕਸਾਨ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਦਾਣਾ ਮੰਡੀਆਂ ਬੰਦ ਕਰਨ ਦੇ ਲਏ ਗਏ ਫੈਸਲੇ ਦੀ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਇਲਾਕਿਆਂ ਨੂੰ ਇੱਕੋ ਨਜ਼ਰੀਏ ਨਾਲ ਦੇਖਣਾ ਬੇਹੱਦ ਹੈਰਾਨੀਜਨਕ ਹੈ। ਇੱਕ ਪਾਸੇ ਉਨ੍ਹਾਂ ਕਿਸਾਨਾਂ ਲਈ ਵੀ ਮੰਡੀਆਂ ਬੰਦ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੇ 1 ਜੂਨ ਨੂੰ ਝੋਨਾ ਲਾਇਆ ਸੀ ਤੇ ਦੂਜੇ ਪਾਸੇ ਉਨ੍ਹਾਂ ਕਿਸਾਨਾਂ ਲਈ ਵੀ, ਜਿਨ੍ਹਾਂ ਨੇ ਸਰਕਾਰੀ ਹਦਾਇਤਾਂ ਅਨੁਸਾਰ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ 15 ਜੂਨ ਤੋਂ ਬਾਅਦ ਲਾਇਆ ਗਿਆ ਝੋਨਾ ਕੁਦਰਤੀ ਤੌਰ 'ਤੇ ਦੇਰ ਨਾਲ ਪੱਕਦਾ ਹੈ। ਇਸ ਸਮੇਂ ਵੀ ਕਾਫ਼ੀ ਫ਼ਸਲ ਖੇਤਾਂ ’ਚ ਖੜ੍ਹੀ ਹੈ ਤੇ ਵੱਡੀ ਮਾਤਰਾ ’ਚ ਝੋਨਾ ਮੰਡੀਆਂ ’ਚ ਪਿਆ ਹੋਇਆ ਹੈ। ਅਜਿਹੇ ਸਮੇਂ ਸਰਕਾਰੀ ਖਰੀਦ ਬੰਦ ਕਰਨਾ ਕਿਸਾਨਾਂ ਲਈ ਵੱਡੀ ਮੁਸ਼ਕਲ ਪੈਦਾ ਕਰ ਸਕਦਾ ਹੈ। ਮਜਬੂਰੀ ’ਚ ਕਿਸਾਨਾਂ ਨੂੰ ਆਪਣੀ ਫ਼ਸਲ ਪ੍ਰਾਈਵੇਟ ਸ਼ੈਲਰ ਮਾਲਕਾਂ ਨੂੰ ਘੱਟ ਭਾਅ 'ਤੇ ਵੇਚਣੀ ਪੈ ਸਕਦੀ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕ ਲੁੱਟ ਹੋਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਤੇ ਆੜ੍ਹਤੀਆਂ ਵਿਚਕਾਰ ਵੀ ਤਣਾਅ ਪੈਦਾ ਹੋ ਸਕਦਾ ਹੈ। ਜਥੇਦਾਰ ਲੱਲੀਆਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਗੰਭੀਰ ਮਸਲੇ 'ਤੇ ਤੁਰੰਤ ਵਿਚਾਰ ਕੀਤਾ ਜਾਵੇ ਤੇ ਜਿਨ੍ਹਾਂ ਇਲਾਕਿਆਂ ’ਚ ਸਰਕਾਰੀ ਹਦਾਇਤਾਂ ਅਨੁਸਾਰ 15 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ, ਉਨ੍ਹਾਂ ਇਲਾਕਿਆਂ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਦਾ ਸਮਾਂ ਘੱਟੋ-ਘੱਟ 10 ਤੋਂ 15 ਦਿਨ ਹੋਰ ਵਧਾਇਆ ਜਾਵੇ।