ਕੇਂਦਰ ਦੀਆਂ ਯੋਜਨਾਵਾਂ ਦਾ ਪੰਜਾਬ ਨੂੰ ਫੌਰੀ ਲਾਭ ਮਿਲ ਰਿਹੈ : ਸ਼ਿਵਰਾਜ ਸਿੰਘ
ਪ੍ਰਧਾਨ ਮੰਤਰੀ ਆਵਾਸ ਤੇ ਆਜੀਵਿਕਾ ਯੋਜਨਾਵਾਂ ਦਾ ਪੰਜਾਬ ਨੂੰ ਤੁਰੰਤ ਲਾਭ ਮਿਲ ਰਿਹੈ- ਸ਼ਿਵਰਾਜ ਸਿੰਘ
Publish Date: Thu, 27 Nov 2025 09:18 PM (IST)
Updated Date: Thu, 27 Nov 2025 09:20 PM (IST)

-ਕੇਂਦਰੀ ਮੰਤਰੀ ਨੇ ਕਿਹਾ, ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ 5 ਲੱਖ ਔਰਤਾਂ ਲਈ ਵਿਸ਼ੇਸ਼ ਪੈਕੇਜ -ਕਿਸਾਨਾਂ ਨੂੰ ਮੁਫ਼ਤ ਕਣਕ ਬੀਜ ਲਈ 74 ਕਰੋੜ ਮਨਜ਼ੂਰ, 12,500 ਕੁਇੰਟਲ ਬਰਸੀਮ ਬੀਜ ਲਈ ਵੱਖਰਾ ਪ੍ਰਬੰਧ ਡਿਪਟੀ ਚੀਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਕੇਂਦਰੀ ਪੇਂਡੂ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਆਪਣੇ ਪੰਜਾਬ ਦੇ ਦੌਰੇ ਦੌਰਾਨ ਇੱਥੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਮੀਟਿੰਗ ਹਾਲ ’ਚ ਪੇਂਡੂ ਵਿਕਾਸ ਮੰਤਰਾਲੇ ਦੀਆਂ ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਕੀਤੀ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਬਾਅਦ ਵਿਚ ਕੇਂਦਰੀ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਪੰਜਾਬ ਨੂੰ ਮਨਰੇਗਾ ਲਈ ਕੁੱਲ 6,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਿੱਤੀ ਹੈ ਅਤੇ ਇਸ ਵਿੱਤੀ ਸਾਲ ਵਿੱਚ ਸੂਬੇ ਨੂੰ 842 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪੇਂਡੂ ਸੜਕਾਂ, ਪੀਣਯੋਗ ਪਾਣੀ, ਵਸੇਬਾ ਅਤੇ ਰੋਜ਼ੀ-ਰੋਟੀ ਵਧਾਉਣ ਸਬੰਧੀ ਯੋਜਨਾਵਾਂ ਰਾਹੀਂ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ (ਐੱਨਆਰਐੱਲਐੱਮ) ਅਧੀਨ ਚੱਲ ਰਹੇ ਆਜੀਵਿਕਾ ਮਿਸ਼ਨ ਦਾ ਹਵਾਲਾ ਦਿੰਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਵੱਡੀ ਗਿਣਤੀ ਵਿੱਚ ਸਵੈ-ਸਹਾਇਤਾ ਸਮੂਹ (ਐੱਸਐੱਚਜੀ) ਸਰਗਰਮ ਹਨ, ਜਿਨ੍ਹਾਂ ਵਿੱਚ ਲਗਭਗ 500,000 ਔਰਤਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿਚ ਆਏ ਹੜ੍ਹਾਂ ਦੇ ਮੱਦੇਨਜ਼ਰ, ਇਨ੍ਹਾਂ ਭੈਣਾਂ ਲਈ ਵਿਸ਼ੇਸ਼ ਪੈਕੇਜ ਦਿੱਤਾ ਗਿਆ ਹੈ ਤਾਂ ਜੋ ਉਹ ਆਪਣਾ ਕੰਮ ਸੁਚਾਰੂ ਢੰਗ ਨਾਲ ਜਾਰੀ ਰੱਖ ਸਕਣ ਅਤੇ ਆਪਣੀ ਰੋਜ਼ੀ-ਰੋਟੀ ਦੇ ਸਾਧਨ ਨੂੰ ਮਜ਼ਬੂਤ ਕਰ ਸਕਣ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਵਸੇਬਾ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ 14,000 ਤੇ ਬਾਅਦ ਵਿਚ 36,000 ਮਕਾਨਾਂ ਦੀ ਸੂਚੀ ਕੇਂਦਰ ਸਰਕਾਰ ਨੂੰ ਸੌਂਪੀ ਸੀ, ਜਿਨ੍ਹਾਂ ਵਿੱਚੋਂ ਲਗਭਗ 30,000 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਦਕਿ ਲਗਭਗ 6,000 ਪ੍ਰਵਾਨਗੀਆਂ ਲੰਬਿਤ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਨੂੰ ਉਨ੍ਹਾਂ ਗਰੀਬ ਪਰਿਵਾਰਾਂ ਲਈ ਮਕਾਨਾਂ ਨੂੰ ਤੁਰੰਤ ਮਨਜ਼ੂਰੀ ਦੇਣੀ ਚਾਹੀਦੀ ਹੈ, ਜਿਨ੍ਹਾਂ ਦੇ ਘਰ ਹੜ੍ਹਾਂ ਵਿੱਚ ਤਬਾਹ ਹੋ ਗਏ ਸਨ ਅਤੇ ਇਸ ਪ੍ਰਕਿਰਿਆ ਵਿਚ ਕੋਈ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਿਛਲੇ ਸਾਲਾਂ ਵਿਚ ਕੇਂਦਰ ਸਰਕਾਰ ਨੇ ਪੰਜਾਬ ਵਿਚ 1 ਲੱਖ ਤੋਂ ਵੱਧ ਗਰੀਬ ਪਰਿਵਾਰਾਂ ਲਈ ਵਸੇਬਾ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਸੀ ਪਰ ਸੂਬੇ ਨੇ ਇਨ੍ਹਾਂ ਵਿੱਚੋਂ ਲਗਭਗ 76,000 ਪ੍ਰੋਜੈਕਟਾਂ ਲਈ ਹੀ ਪ੍ਰਵਾਨਗੀਆਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਸਪੱਸ਼ਟ ਕੀਤਾ ਕਿ ਬਾਕੀ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇ ਜਾਂ ਜੇਕਰ ਕੋਈ ਅਯੋਗ ਮਾਮਲੇ ਹਨ ਤਾਂ ਉਨ੍ਹਾਂ ਦਾ ਦਸਤਾਵੇਜ਼ੀਕਰਨ ਕੀਤਾ ਜਾਵੇ। ਸਮੇਂ ਸਿਰ ਕੇਂਦਰ ਸਰਕਾਰ ਨੂੰ ਰਿਪੋਰਟ ਕੀਤੀ ਜਾਵੇ ਤਾਂ ਜੋ ਕੋਈ ਵੀ ਅਸਲ ਯੋਗ ਗਰੀਬ ਪਰਿਵਾਰ ਪੱਕੇ ਮਕਾਨ ਤੋਂ ਬਿਨਾਂ ਨਾ ਰਹੇ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਫਸਲੀ ਨੁਕਸਾਨ ਲਈ ਕਿਸਾਨਾਂ ਨੂੰ ਕਣਕ ਦੇ ਬੀਜ ਦੀ ਮੁਫਤ ਵੰਡ ਲਈ 74 ਕਰੋੜ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਦਕਿ ਬਰਸੀਮ ਦੇ ਬੀਜ ਲਈ ਵੱਖਰਾ ਬਜਟ ਵੀ ਅਲਾਟ ਕੀਤਾ ਗਿਆ ਹੈ ਤਾਂ ਜੋ ਲਗਭਗ 12,500 ਕੁਇੰਟਲ ਬੀਜ ਵੰਡੇ ਜਾ ਸਕਣ। ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ ਬਾਰੇ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨਾਲ ਲਗਾਤਾਰ ਸਹਿਯੋਗ ਕਰ ਰਹੀ ਹੈ। ਸਵੈ-ਸਹਾਇਤਾ ਸਮੂਹਾਂ ਦੀ ਸਮਰੱਥਾ ਵਧਾਉਣ, ਕਿਫਾਇਤੀ ਕਰਜ਼ਾ ਪ੍ਰਦਾਨ ਕਰਨ ਅਤੇ ਬਾਜ਼ਾਰ ਸੰਪਰਕ ਬਣਾਉਣ ਲਈ ਵੱਖ-ਵੱਖ ਕੇਂਦਰੀ ਯੋਜਨਾਵਾਂ ਨੂੰ ਵੀ ਜੋੜਿਆ ਜਾ ਰਿਹਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪੰਜਾਬ ਦੇ ਵਿਕਾਸ ’ਚ ਕੋਈ ਕਸਰ ਨਹੀਂ ਛੱਡੇਗੀ ਅਤੇ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਪੇਂਡੂ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕੇਐੱਲ ਸਹਿਗਲ ਮੈਮੋਰੀਅਲ ਹਾਲ ’ਚ ਮਨਰੇਗਾ ਵਰਕਰਾਂ ਦੀਆ ਮੁਸ਼ਕਲਾਂ ਸੁਣੀਆ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਸ਼ਰਮਾ, ਅਸ਼ੋਕ ਸਰੀਨ ਹਿੱਕੀ ਤੇ ਹੋਰ ਸਥਾਨਕ ਆਗੂ ਮੌਜੂਦ ਸਨ।