ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲਾਂ ਸਿਰਫ਼ ਰਾਜਨੀਤੀ ਨਹੀਂ, ਸਗੋਂ ਹਰ ਘਰ ਦੀ ਜ਼ਿੰਦਗੀ ਨਾਲ ਜੁੜੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਦੇ ਲੋਕਾਂ ਨਾਲ ਇਸ ਤਰ੍ਹਾਂ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨਹੀਂ ਸੁਣੀਆਂ ਗਈਆਂ। ਉਨ੍ਹਾਂ ਕਿਹਾ, “ਗੱਲਾਂ ਆਪਣੇ ਚੁੱਲਿਆਂ ਦੀਆਂ ਹਨ, ਖੇਤਾਂ ਦੀਆਂ ਹਨ, ਜਵਾਕਾਂ ਦੀਆਂ ਨੌਕਰੀਆਂ ਦੀਆਂ ਹਨ, ਬੱਚਿਆਂ ਦੀ ਪੜ੍ਹਾਈ ਦੀਆਂ ਹਨ, ਬਜ਼ੁਰਗਾਂ ਅਤੇ ਭੈਣਾਂ ਦੀਆਂ ਹਨ।”

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਸ਼ਾਮ ਨੂੰ ਦਸੂਆ ਵਿਧਾਨ ਸਭਾ ਹਲਕੇ ਦੇ ਪਿੰਡ ਘੋਗਰਾ ਵਿਖੇ ਇੱਕ ਵਿਸ਼ਾਲ ‘ਲੋਕ ਮਿਲਣੀ’ ਇਕੱਠ ਨੂੰ ਸੰਬੋਧਨ ਕੀਤਾ। ਭਾਵੁਕ ਅਤੇ ਜੋਸ਼ੀਲੇ ਅੰਦਾਜ਼ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਇੱਥੇ ਰਸਮੀ ਭਾਸ਼ਣ ਦੇਣ ਨਹੀਂ, ਸਗੋਂ ਲੋਕਾਂ ਨਾਲ ਉਨ੍ਹਾਂ ਦੇ ਚੁੱਲ੍ਹੇ, ਖੇਤਾਂ, ਬੱਚਿਆਂ ਦੀ ਪੜ੍ਹਾਈ, ਨੌਕਰੀਆਂ ਅਤੇ ਘਰੇਲੂ ਜ਼ਰੂਰਤਾਂ ਬਾਰੇ ਸਿੱਧੀ ਗੱਲਬਾਤ ਕਰਨ ਆਏ ਹਨ।
ਲੋਕਾਂ ਦੇ ਅਸਲ ਮੁੱਦਿਆਂ ’ਤੇ ਗੱਲਬਾਤ
ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲਾਂ ਸਿਰਫ਼ ਰਾਜਨੀਤੀ ਨਹੀਂ, ਸਗੋਂ ਹਰ ਘਰ ਦੀ ਜ਼ਿੰਦਗੀ ਨਾਲ ਜੁੜੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਦੇ ਲੋਕਾਂ ਨਾਲ ਇਸ ਤਰ੍ਹਾਂ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨਹੀਂ ਸੁਣੀਆਂ ਗਈਆਂ। ਉਨ੍ਹਾਂ ਕਿਹਾ, “ਗੱਲਾਂ ਆਪਣੇ ਚੁੱਲਿਆਂ ਦੀਆਂ ਹਨ, ਖੇਤਾਂ ਦੀਆਂ ਹਨ, ਜਵਾਕਾਂ ਦੀਆਂ ਨੌਕਰੀਆਂ ਦੀਆਂ ਹਨ, ਬੱਚਿਆਂ ਦੀ ਪੜ੍ਹਾਈ ਦੀਆਂ ਹਨ, ਬਜ਼ੁਰਗਾਂ ਅਤੇ ਭੈਣਾਂ ਦੀਆਂ ਹਨ।”
ਵਿਰੋਧੀ ਪਾਰਟੀਆਂ ’ਤੇ ਤਿੱਖੇ ਹਮਲੇ
ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਵਰ੍ਹਦਿਆਂ ਕਿਹਾ ਕਿ ਆਜ਼ਾਦੀ ਦੇ 80 ਸਾਲ ਹੋਣ ਵਾਲੇ ਹਨ ਪਰ ਤਿੰਨ ਪੀੜ੍ਹੀਆਂ ਬਰਬਾਦ ਹੋ ਗਈਆਂ। ਉਨ੍ਹਾਂ ਕਿਹਾ, “ਜਿਹੜੇ ਪਹਿਲਾਂ ਸਰਕਾਰਾਂ ਚਲਾਉਂਦੇ ਰਹੇ, ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਗਰੀਬੀ ਗਲੀਆਂ ਵਿੱਚ ਵੱਸਦੀ ਹੈ। ਉਹ ਆਪਣੀਆਂ ਗੱਲਾਂ ਮਾਰ ਕੇ ਤੁਰ ਜਾਂਦੇ ਰਹੇ, ਲੋਕਾਂ ਦੀ ਗੱਲ ਕਿਸੇ ਨੇ ਨਹੀਂ ਸੁਣੀ।”
ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੇ ਵੋਟਾਂ ਦੇ ਬਕਸੇ ਖੋਲ੍ਹੇ ਤਾਂ ਪਿਛਲੀਆਂ ਸਰਕਾਰਾਂ ਦੇ ‘ਖਾਲੀ ਪਤੀਲੇ’ ਸਾਹਮਣੇ ਆ ਗਏ ਅਤੇ ਜਨਤਾ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ। “ਹੁਣ ਫਿਰ ਕਹਿੰਦੇ ਨੇ ਸਾਨੂੰ ਇੱਕ ਮੌਕਾ ਹੋਰ ਦਿਓ, ਪਰ ਲੋਕ ਹੁਣ ਸਮਝ ਚੁੱਕੇ ਹਨ,” ਉਨ੍ਹਾਂ ਕਿਹਾ।
ਉਨ੍ਹਾਂ ਨੇ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਸਿਰਫ਼ ਆਪਣੇ ਪਰਿਵਾਰਾਂ ਦੇ ਹਿਤਾਂ ਦੀ ਰੱਖਿਆ ਕੀਤੀ।
ਨੌਜਵਾਨਾਂ ਦਾ ਵਿਦੇਸ਼ ਜਾਣਾ—ਸਿਸਟਮ ਦੀ ਨਾਕਾਮੀ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਿਸਟਮ ਤੋਂ ਦੁਖੀ ਹੋ ਕੇ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣਾ ਪਿਆ। ਕਈ ਪਰਿਵਾਰ ਵਿੱਖਰ ਗਏ ਅਤੇ ਕਈ ਲੋਕ ਆਪਣੇ ਸੱਜਣਾਂ ਦੇ ਅੰਤਿਮ ਸੰਸਕਾਰਾਂ ’ਚ ਵੀ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਹਾਲਾਤ ਪੁਰਾਣੀਆਂ ਸਰਕਾਰਾਂ ਦੀ ਨੀਤੀਆਂ ਦਾ ਨਤੀਜਾ ਹਨ।
ਨਸ਼ਿਆਂ ਦੇ ਮਸਲੇ ’ਤੇ ਸਖ਼ਤ ਰੁਖ
ਨਸ਼ਿਆਂ ਦੇ ਮਸਲੇ ’ਤੇ ਬੋਲਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਚਿੱਟੇ ਦੀ ਦਲਦਲ ਵਿੱਚ ਧੱਕਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਨਸ਼ਿਆਂ ਦੀ ਸਪਲਾਈ ਹੁੰਦੀ ਸੀ ਤਾਂ ਗੱਡੀਆਂ ਨੂੰ ਰੋਕਣ ਤੋਂ ਵੀ ਰੋਕਿਆ ਜਾਂਦਾ ਸੀ।
ਇਸ ਮੌਕੇ ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਲੈਂਦਿਆਂ ਵਿਰੋਧੀਆਂ ’ਤੇ ਸਿੱਧਾ ਹਮਲਾ ਕੀਤਾ ਅਤੇ ਕਿਹਾ ਕਿ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।
ਵਿਰੋਧੀ ਨੇਤਾਵਾਂ ਅਤੇ ਕਾਂਗਰਸ ’ਤੇ ਨਿਸ਼ਾਨਾ
ਮੁੱਖ ਮੰਤਰੀ ਨੇ ਹਰਸਿਮਰਤ ਕੌਰ ਬਾਦਲ ਦੇ ਬਿਆਨਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਲੋਕ ਸੱਚਾਈ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਹੁਣ ਕਿਸੇ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਐਮ. ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਵਿੱਚ ਕੋਈ ਤਾਲਮੇਲ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਦੀ ਦਰ ਤੈਅ ਕੀਤੀ ਗਈ ਹੈ।
ਪੰਥਕ ਮੁੱਦੇ ਅਤੇ ਬੇਅਦਬੀ ਕਾਨੂੰਨ ’ਤੇ ਸਖ਼ਤ ਰੁਖ
ਮਾਨ ਨੇ ਅਕਾਲੀ ਦਲ ’ਤੇ ਹਮਲਾ ਕਰਦਿਆਂ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਰੇਜੀਨਾਲਡ ਐਡਵਰਡ ਹੈਰੀ ਡਾਇਰ ਨੂੰ ਸਿਰੋਪਾਓ ਦੇਣ ਦੀ ਇਤਿਹਾਸਕ ਘਟਨਾ ਦਾ ਜ਼ਿਕਰ ਕੀਤਾ। ਉਨ੍ਹਾਂ ਐਸ.ਜੀ.ਪੀ.ਸੀ. ਦੇ ਪ੍ਰਧਾਨ ’ਤੇ ਵੀ ਤਨਜ਼ ਕਰਦਿਆਂ ਕਿਹਾ ਕਿ ਉਹ ਗੁਰੂ ਗੋਬਿੰਦ ਸਿੰਘ ਜੀ ਦੇ ਸਿੱਖ ਹੋਣ ਦੀ ਬਜਾਏ ਹੋਰ ਨੇਤਾਵਾਂ ਦੇ ਪ੍ਰਭਾਵ ਹੇਠ ਲੱਗਦੇ ਹਨ।
ਬੇਅਦਬੀ ਦੇ ਮਸਲੇ ’ਤੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੋਈ ਕਾਨੂੰਨ ਨਹੀਂ ਬਣਾਇਆ, ਜਦਕਿ ਮੌਜੂਦਾ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਇਹ ਕਦਮ ਚੁੱਕਿਆ ਤਾਂ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਨ ਸਭਾ ਦੇ ਸਪੀਕਰ ਨੂੰ ਤਲਬ ਕੀਤਾ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੋਸ਼ੀਆਂ ਨੂੰ ਕਠੋਰ ਸਜ਼ਾਵਾਂ, ਸਮੇਤ ਫਾਂਸੀ ਤੱਕ ਦੀ ਸਜ਼ਾ ਦਿਵਾਉਣ ਲਈ ਸਰਕਾਰ ਵਚਨਬੱਧ ਹੈ।
ਦਸੂਹਾ ਲਈ ਵੱਡੇ ਐਲਾਨ
ਸਿੱਖਿਆ ਅਤੇ ਸਿਹਤ ’ਤੇ ਜ਼ੋਰ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਦੇਸ਼ ਵਿੱਚ ਹੀ ਵਧੀਆ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ ਜਾਣ ਦੀ ਲੋੜ ਨਾ ਪਵੇ।
ਲੋਕਾਂ ਵੱਲੋਂ ਭਰਪੂਰ ਸਮਰਥਨ
ਇਸ ਮੌਕੇ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਜੂਦ ਸਨ। ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨੇ ਹੱਥ ਖੜ੍ਹੇ ਕਰਕੇ ਸਰਕਾਰ ਦੀਆਂ ਨੀਤੀਆਂ ਦਾ ਸਮਰਥਨ ਕੀਤਾ।