- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-ਕਿਹਾ, ਖਿਡਾਰੀਆਂ ਨੂੰ ਆਪਣੀ

-ਕਿਹਾ, ਖਿਡਾਰੀਆਂ ਨੂੰ ਆਪਣੀ ਤਨਖਾਹ ’ਚੋਂ ਦਿਆਂਗਾ 1 ਲੱਖ, 1 ਹਜ਼ਾਰ ਰੁਪਏ ਦੀ ਰਾਸ਼ੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਾਇਆ : ਪੰਜਾਬ ਰਾਜ ਕਮਿਸ਼ਨ (ਅਨੁਸੂਚਿਤ ਜਾਤੀਆਂ) ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸੋਮਵਾਰ ਨੂੰ ਯੂਥ ਫੁੱਟਬਾਲ ਕਲੱਬ ਦੇ ਵਾਈਐਫ ਮਲਟੀ ਸਪੋਰਟਸ ਕੰਪਲੈਕਸ, ਰੁੜਕਾ ਕਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਟਰੀਟ ਚਾਈਲਡ ਵਰਲਡ ਕੱਪ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਨਰਅੱਪ ਰਹੀ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਉਪਲਬਧੀ ਨੂੰ ਪੰਜਾਬ ਅਤੇ ਦੇਸ਼ ਲਈ ਮਾਣ ਵਾਲਾ ਪਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨਾਲ ਇਹ ਸਾਬਤ ਕੀਤਾ ਹੈ ਕਿ ਪ੍ਰਤਿਭਾ ਕਿਸੇ ਵੀ ਸਮਾਜਿਕ ਜਾਂ ਆਰਥਿਕ ਪਿਛੋਕੜ ਦੀ ਮੋਹਤਾਜ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਸਟਰੀਟ ਚਾਈਲਡ ਵਰਲਡ ਕੱਪ ਵਰਗੇ ਅੰਤਰਰਾਸ਼ਟਰੀ ਮੰਚ ’ਤੇ ਭਾਰਤ ਨੂੰ ਰਨਰਅੱਪ ਬਣਾਉਣਾ ਇਕ ਇਤਿਹਾਸਕ ਪ੍ਰਾਪਤੀ ਹੈ, ਜਿਸ ਨਾਲ ਦੇਸ਼ ਦਾ ਨਾਮ ਵਿਸ਼ਵ ਪੱਧਰ ’ਤੇ ਰੌਸ਼ਨ ਹੋਇਆ ਹੈ। ਦੌਰੇ ਦੌਰਾਨ ਉਨ੍ਹਾਂ ਨੇ ਵਾਈ ਐਫ ਮਲਟੀ ਸਪੋਰਟਸ ਕੰਪਲੈਕਸ ਅਤੇ ਇਨਡੋਰ ਸਟੇਡੀਅਮ ਦਾ ਨਿਰੀਖਣ ਕੀਤਾ ਅਤੇ ਕਲੱਬ ਵੱਲੋਂ ਖੇਡਾਂ, ਸਿੱਖਿਆ ਤੇ ਸਮਾਜਿਕ ਵਿਕਾਸ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਯੂਥ ਫੁੱਟਬਾਲ ਕਲੱਬ ਵੱਲੋਂ ਵਾਂਝੇ ਅਤੇ ਲੋੜਵੰਦ ਬੱਚਿਆਂ ਨੂੰ ਖੇਡਾਂ ਰਾਹੀਂ ਨਵੀਆਂ ਸੰਭਾਵਨਾਵਾਂ ਅਤੇ ਬਿਹਤਰ ਭਵਿੱਖ ਪ੍ਰਦਾਨ ਕਰਨ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।
ਆਪਣੇ ਸੰਬੋਧਨ ਦੌਰਾਨ ਗੜ੍ਹੀ ਨੇ ਕਿਹਾ, “ਮੈਨੂੰ ਮਹਿਸੂਸ ਹੁੰਦਾ ਹੈ ਕਿ ਵਾਈਐੱਫਸੀ ਰੁੜਕਾ ਕਲਾਂ ਅੱਜ ਇੱਕ ਵਿਲੱਖਣ, ਪ੍ਰੇਰਣਾਦਾਇਕ ਅਤੇ ਮਿਸਾਲੀ ਸੰਸਥਾ ਵਜੋਂ ਉਭਰੀ ਹੈ। ਮੈਂ ਕਲੱਬ ਵੱਲੋਂ ਖੇਡਾਂ, ਸਿੱਖਿਆ ਅਤੇ ਸਮਾਜਿਕ ਵਿਕਾਸ ਦੇ ਖੇਤਰ ਵਿੱਚ ਕੀਤੇ ਜਾ ਰਹੇ ਸ਼ਾਨਦਾਰ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਾਂ। ਇਹ ਸੰਸਥਾ ਨਾ ਸਿਰਫ਼ ਖਿਡਾਰੀ ਤਿਆਰ ਕਰ ਰਹੀ ਹੈ, ਸਗੋਂ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦਾ ਵੀ ਮਹੱਤਵਪੂਰਨ ਕੰਮ ਕਰ ਰਹੀ ਹੈ।” ਕਲੱਬ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਵਾਈਐਫਸੀ ਰੁੜਕਾ ਕਲਾਂ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ 1 ਲੱਖ,1 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਉਹ ਪਿੰਡ ਅਤੇ ਕਲੱਬ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦੇਣ ਲਈ ਹਮੇਸ਼ਾ ਤਿਆਰ ਰਹਿਣਗੇ।
ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਮੰਗਲ ਦਾਸ ਸੋਨੀ ਨੇ ਜਸਵੀਰ ਸਿੰਘ ਗੜ੍ਹੀ ਦਾ ਸਵਾਗਤ ਕਰਦਿਆਂ ਕਿਹਾ ਕਿ ਯੂਥ ਫੁੱਟਬਾਲ ਕਲੱਬ ਪਿਛਲੇ ਕਈ ਸਾਲਾਂ ਤੋਂ ਖੇਡਾਂ ਨੂੰ ਸਮਾਜਿਕ ਤਬਦੀਲੀ ਦੇ ਇੱਕ ਪ੍ਰਭਾਵਸ਼ਾਲੀ ਸਾਧਨ ਵਜੋਂ ਵਰਤ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲੱਬ ਦਾ ਉਦੇਸ਼ ਸਿਰਫ਼ ਚੰਗੇ ਖਿਡਾਰੀ ਤਿਆਰ ਕਰਨਾ ਨਹੀਂ, ਸਗੋਂ ਬੱਚਿਆਂ ਨੂੰ ਸਿੱਖਿਆ, ਅਨੁਸ਼ਾਸਨ, ਲੀਡਰਸ਼ਿਪ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਕਲੱਬ ਦੇ ਖਿਡਾਰੀਆਂ ਵੱਲੋਂ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਹਾਸਲ ਕੀਤੀਆਂ ਪ੍ਰਾਪਤੀਆਂ ਪੂਰੇ ਇਲਾਕੇ ਲਈ ਮਾਣ ਦੀ ਗੱਲ ਹਨ। ਸਮਾਗਮ ਦੌਰਾਨ ਸਟਰੀਟ ਚਾਈਲਡ ਵਰਲਡ ਕੱਪ ਦੀ ਟੀਮ ਦੇ ਖਿਡਾਰੀਆਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਗੜ੍ਹੀ ਨੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਦੀ ਸਰਪੰਚ ਬੀਬੀ ਅਕਵਿੰਦਰ ਕੌਰ, ਸਮੂਹ ਗ੍ਰਾਮ ਪੰਚਾਇਤ ਮੈਂਬਰ, ਸਰਬ ਪੱਖੀ ਵਿਕਾਸ ਪੰਚ ਦੇ ਮੈਂਬਰ, ਕਲੱਬ ਦੇ ਅਹੁਦੇਦਾਰ, ਕੋਚ, ਖਿਡਾਰੀ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸਮਾਗਮ ਦੌਰਾਨ ਖੇਡਾਂ ਰਾਹੀਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਤੇ ਸਮਾਜ ’ਚ ਸਕਾਰਾਤਮਕ ਬਦਲਾਅ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।