- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ,

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਬ ਡਵੀਜ਼ਨ ਸ਼ਾਹਕੋਟ ’ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 5 ਈ-ਰਿਕਸ਼ਿਆਂ ਨੂੰ ਡੀਐੱਸਪੀ ਸਰਵਣ ਸਿੰਘ ਬੱਲ, ‘ਆਪ’ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਤੇ ਨਸ਼ਾਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਜਗਜੋਤ ਸਿੰਘ ਆਹਲੂਵਾਲੀਆ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜਲੰਧਰ ਦਿਹਾਤੀ ਦੇ ਕੋਆਰਡੀਨੇਟਰ ਅਜੇ ਭੀਲ, ਅਰੋੜਾ ਮਹਾਸਭਾ ਦੇ ਪ੍ਰਧਾਨ ਪ੍ਰਵੀਨ ਗਰੋਵਰ ਐੱਮਸੀ ਤੇ ਪਿੰਡ ਨਵਾਂ ਕਿਲਾ ਦੇ ਸਰਪੰਚ ਸਰਬਜੀਤ ਸਿੰਘ ਮੁੱਤੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਡੀਐੱਸਪੀ ਸਰਵਣ ਸਿੰਘ ਬੱਲ ਅਨੁਸਾਰ ਪੁਲਿਸ ਵੱਲੋਂ ਨਸ਼ਾ ਪੀੜਤਾਂ ਨੂੰ ਮੁੜ ਵਸੇਬੇ ਵੱਲ ਤੋਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 1 ਜਨਵਰੀ 2026 ਤੋਂ ਲੈ ਕੇ ਹੁਣ ਤੱਕ ਪੁਲਿਸ ਵੱਲੋਂ 337 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾਇਆ ਹੈ ਤੇ 636 ਵਿਅਕਤੀਆਂ ਨੂੰ ਇਲਾਜ ਲਈ ਦਵਾਈ ਮੁਹੱਈਆ ਕਰਵਾਈ ਹੈ। ਪੁਲਿਸ ਨੂੰ ਜਦੋਂ ਵੀ ਕਿਸੇ ਨੌਜਵਾਨ ਦੇ ਨਸ਼ੇ ਦੀ ਲਪੇਟ ਵਿੱਚ ਹੋਣ ਦੀ ਖ਼ਬਰ ਮਿਲਦੀ ਹੈ, ਤਾਂ ਉਹ ਪਰਿਵਾਰ ਦੀ ਸਹਿਮਤੀ ਲੈ ਕੇ ਪੀੜਤ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਉਂਦੇ ਹਨ। ਨਸ਼ਾ ਵੇਚਣ ਵਾਲੇ ਅਪਰਾਧਕ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ‘ਆਪ’ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ ਤੇ ਗਰਾਊਂਡ ਪੱਧਰ ’ਤੇ ਅਜਿਹੇ ਉਪਰਾਲੇ ਲਗਾਤਾਰ ਜਾਰੀ ਹਨ। ਸਰਕਾਰ ਦਾ ਮੁੱਖ ਟੀਚਾ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਮੁੜ ਰੁਜ਼ਗਾਰ ਤੇ ਖੇਡਾਂ ਨਾਲ ਜੋੜਨਾ ਹੈ। ਨਸ਼ਾ ਮੁਕਤੀ ਮੋਰਚਾ ਹਲਕਾ ਸ਼ਾਹਕੋਟ ਦੇ ਕੋਆਰਡੀਨੇਟਰ ਜਗਜੋਤ ਸਿੰਘ ਆਹਲੂਵਾਲੀਆ ਨੇ ਮੁਹਿੰਮ ਬਾਰੇ ਕਿਹਾ ਕਿ ਇਹ ਈ-ਰਿਕਸ਼ਾ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਲੀਆਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦਾ ਸਾਥ ਬਹੁਤ ਜ਼ਰੂਰੀ ਹੈ, ਤਾਂ ਜੋ ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾ ਸਕੀਏ। ਇਸ ਮੌਕੇ ਐੱਸਐੱਚਓ ਸ਼ਾਹਕੋਟ ਦਿਲਬਾਗ ਸਿੰਘ, ਐੱਸਐੱਚਓ ਮਹਿਤਪੁਰ ਅਮਨ ਸੈਣੀ, ਐੱਸਐੱਚਓ ਲੋਹੀਆਂ ਸੁਖਜਿੰਦਰ ਸਿੰਘ, ਅਰਸ਼ਦੀਪ ਸਿੰਘ, ਕਪਿਲ ਗੋਇਲ ਸਮੇਤ ਹੋਰ ਹਾਜ਼ਰ ਸਨ।