- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ’ਤੇ ਫਗਵਾੜਾ ਸਥਿਤ ਵਿਸ਼ਵ ਪ੍ਰਸਿੱਧ ਸ਼ਿਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਤੇ ਸੂਬੇ ਦੀ ਤਰੱਕੀ ਲਈ ਅਰਦਾਸ ਕੀਤੀ।

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ’ਤੇ ਫਗਵਾੜਾ ਸਥਿਤ ਵਿਸ਼ਵ ਪ੍ਰਸਿੱਧ ਸ਼ਿਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਤੇ ਸੂਬੇ ਦੀ ਤਰੱਕੀ ਲਈ ਅਰਦਾਸ ਕੀਤੀ। ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਮੰਦਰ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਭਗਵਾਨ ਬਾਬਾ ਵਿਸ਼ਵਕਰਮਾ ਜੀ ਦਾ ਸਮਾਜ ’ਚ ਬਹੁਤ ਸਤਿਕਾਰਯੋਗ ਸਥਾਨ ਹੈ। ਉਨ੍ਹਾਂ ਨੂੰ ਨਿਰਮਾਣ, ਸ਼ਿਲਪਕਲਾ, ਤਕਨੀਕੀ ਮੁਹਾਰਤ ਤੇ ਸਿਰਜਣਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਬਾਬਾ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਹੁਨਰ, ਲਗਨ ਤੇ ਆਪਣੇ ਕੰਮ ਪ੍ਰਤੀ ਸਮਰਪਣ ਦੀ ਪ੍ਰੇਰਨਾ ਦਿੰਦੀਆਂ ਹਨ। ਦੇਸ਼ ਤੇ ਪੰਜਾਬ ਦੀ ਉਦਯੋਗਿਕ ਤਰੱਕੀ ’ਚ ਕਾਰੀਗਰਾਂ, ਮਜ਼ਦੂਰਾਂ, ਤਕਨੀਕੀ ਮਾਹਿਰਾਂ ਤੇ ਛੋਟੇ ਕਾਰੋਬਾਰੀਆਂ ਦਾ ਬੇਹੱਦ ਅਹਿਮ ਯੋਗਦਾਨ ਹੈ। ਇਨ੍ਹਾਂ ਦੀ ਮਿਹਨਤ ਸਦਕਾ ਹੀ ਉਦਯੋਗ ਤੇ ਅਰਥਵਿਵਸਥਾ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਉਦਯੋਗ ਜਗਤ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਇਕ ਵੱਖਰੀ ਤੇ ਵਿਆਪਕ ਉਦਯੋਗਿਕ ਨੀਤੀ ਬਣਾਈ ਜਾਵੇਗੀ। ਖਾਸ ਤੌਰ ’ਤੇ ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਤੇ ਰਵਾਇਤੀ ਉਦਯੋਗਾਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਲਈ ਠੋਸ ਉਪਰਾਲੇ ਕੀਤੇ ਜਾਣਗੇ। ਕਾਂਗਰਸ ਦਾ ਟੀਚਾ ਪੰਜਾਬ ਨੂੰ ਮੁੜ ਦੇਸ਼ ਦੇ ਮੋਹਰੀ ਉਦਯੋਗਿਕ ਸੂਬਿਆਂ ’ਚ ਸ਼ਾਮਲ ਕਰਨਾ ਹੈ।
ਸੂਬੇ ਦੀ ਆਰਥਿਕ ਮਜ਼ਬੂਤੀ ਜ਼ਰੂਰੀ : ਬਾਜਵਾ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਿਹਾ ਕਿ ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਉਦਯੋਗਪਤੀਆਂ, ਛੋਟੇ ਕਾਰੋਬਾਰੀਆਂ, ਕਾਰੀਗਰਾਂ ਤੇ ਮਜ਼ਦੂਰਾਂ ਨੂੰ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾਵੇ। ਉਦਯੋਗਾਂ ਨੂੰ ਪ੍ਰੋਤਸਾਹਨ ਮਿਲਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਤੇ ਪੰਜਾਬ ਦੀ ਅਰਥਵਿਵਸਥਾ ਮਜ਼ਬੂਤ ਹੋਵੇਗੀ। ਅੰਤ ਵਿਚ ਦੋਨਾਂ ਨੇਤਾਵਾਂ ਨੇ ਵਿਸ਼ਵਕਰਮਾ ਦਿਵਸ ਦੀਆਂ ਸਮੂਹ ਪੰਜਾਬ ਵਾਸੀਆਂ, ਖਾਸ ਕਰਕੇ ਕਾਰੀਗਰਾਂ, ਮਜ਼ਦੂਰਾਂ, ਉੱਦਮੀਆਂ ਤੇ ਉਦਯੋਗ ਜਗਤ ਨਾਲ ਜੁੜੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਸਾਰਿਆਂ ਨੂੰ ਬਾਬਾ ਵਿਸ਼ਵਕਰਮਾ ਜੀ ਵੱਲੋਂ ਦਰਸਾਏ ਮਿਹਨਤ, ਹੁਨਰ ਤੇ ਸਿਰਜਣਾ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ।