ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ : ਪਦਮਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਰਾਜ ਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਅੱਜ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਜ਼ਿਲ੍ਹਾ ਪੁਲਿਸ, ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੇ ਵੱਖ-ਵੱਖ ਐੱਨਜੀਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਦਮਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਹਰੇਕ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਮਜ਼ਬੂਤੀ ਲਈ ਕਮਿਸ਼ਨ ਵੱਲੋਂ ਨਵੀਆਂ ਐਡਵਾਈਜਰੀਜ਼ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਹਸਪਤਾਲ ਬਿੱਲ ਬਕਾਇਆ ਹੋਣ ਦੀ ਸੂਰਤ ’ਚ ਮ੍ਰਿਤਕ ਦੇਹ ਨੂੰ ਪਰਿਵਾਰ ਨੂੰ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਹਸਪਤਾਲ ਪਰਿਵਾਰ ਤੋਂ ਘੋਸ਼ਣਾ ਪੱਤਰ ਲੈ ਕੇ ਬਿਨ੍ਹਾਂ ਕਿਸੇ ਦੇਰੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਲੋੜਵੰਦ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਤੋਂ ਅਸਮਰੱਥ ਹੋਵੇ ਤਾਂ ਬੈਂਕ ਚੈੱਕ ਜਾਂ ਐਫੀਡੇਵਿਟ ਲੈ ਕੇ ਇਲਾਜ ਉਪਰੰਤ ਘਰ ਭੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਲਈ ਮ੍ਰਿਤਕ ਦੇਹ ਨੂੰ ਮ੍ਰਿਤਕ ਦੇ ਘਰ ਛੱਡਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ 20 ਬੈੱਡਾਂ ਵਾਲੇ ਹਰ ਹਸਪਤਾਲ ’ਚ ਮੌਰਚਰੀ ਤੇ ਐਂਬੂਲੈਂਸ ਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਫਾਈ ਕਰਮਚਾਰੀਆਂ ਦੇ ਠੇਕੇਦਾਰਾਂ/ਫਰਮਾਂ ਵੱਲੋਂ ਸਫਾਈ ਕਰਮਚਾਰੀਆਂ ਦਾ ਬੀਮਾ ਤੇ ਉਨ੍ਹਾਂ ਨੂੰ ਕੈਪਸ, ਸ਼ੂਜ਼, ਸੈਨੇਟਾਈਜ਼ਰ ਤੇ ਹੋਰ ਸੁਰੱਖਿਆ ਉਪਕਰਣ ਮੁਹੱਈਆ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਹ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਕੋਈ ਵੀ ਐਂਬੂਲੈਂਸ, ਜੋ ਕਿਸੇ ਗੰਭੀਰ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਹੈ, ਵੱਲੋਂ 112 ’ਤੇ ਸੰਪਰਕ ਕਰਨ ֹ’ਤੇ ਉਸ ਨੂੰ ਹਸਪਤਾਲ ਪਹੁੰਚਾਉਣ ਦੀ ਜ਼ਿੰਮੇਵਾਰੀ ਨੇੜਲੀ ਪੀਸੀਆਰ ਜਾਂ ਨੇੜਲੇ ਪੁਲਿਸ ਸਟੇਸ਼ਨ ਦੀ ਗੱਡੀ ਦੀ ਹੋਵੇਗੀ। ਐੱਨਜੀਓਜ਼ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੱਖ ਤੇ ਕੰਨ ਬਣ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮਨੁੱਖਤਾ ਦੀ ਭਲਾਈ ਦੇ ਕੰਮ ਕਰਨ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ’ਚ ਵੀ ਸਰਗਰਮ ਯੋਗਦਾਨ ਪਾਉਣ।