ਸ਼ਿਕਾਇਤਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹੈ ਨਿਬੇੜਾ : ਗੜ੍ਹੀ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹੈ ਨਿਪਟਾਰਾ : ਜਸਵੀਰ ਸਿੰਘ ਗੜ੍ਹੀ
Publish Date: Wed, 15 Apr 2026 09:37 PM (IST)
Updated Date: Wed, 15 Apr 2026 09:39 PM (IST)

--ਚੇਅਰਮੈਨ ਨੇ ਐੱਸਸੀ/ਐੱਸਟੀ ਅੱਤਿਆਚਾਰ ਰੋਕੂ ਐਕਟ-1989 ਸਬੰਧੀ ਪੁਲਿਸ ਅਧਿਕਾਰੀਆਂ ਦੀ ਵਿਸ਼ੇਸ਼ ਟ੍ਰੇਨਿੰਗ ’ਚ ਕੀਤੀ ਸ਼ਿਰਕਤ --ਲੋਕਾਂ ਨੂੰ ਐਕਟ ਦੀਆਂ ਧਾਰਾਵਾਂ, ਅਧਿਕਾਰਾਂ ਤੇ ਸਜ਼ਾਵਾਂ ਬਾਰੇ ਜਾਗਰੂਕ ਕਰਨ ’ਤੇ ਵੀ ਦਿੱਤਾ ਜ਼ੋਰ ਪੱਤਰ ਪ੍ਰੇਰਕ, ਪੰਜਾਬੀ ਜਾਗਰਰਣ, ਫਿਲੌਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਬੁੱਧਵਾਰ ਇਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਐਕਡਮੀ ਵਿਖੇ ਐੱਸਸੀ/ਐੱਸਟੀ ਅੱਤਿਆਚਾਰ ਰੋਕੂ ਐਕਟ-1989 ਸਬੰਧੀ ਪੁਲਿਸ ਅਧਿਕਾਰੀਆਂ ਦੀ ਕਰਵਾਈ ਗਈ ਟ੍ਰੇਨਿੰਗ ਵਰਕਸ਼ਾਪ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਰਕਸ਼ਾਪ ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਸਾਲਾਨਾ ਪੱਧਰ ’ਤੇ ਵੱਡੀ ਗਿਣਤੀ ’ਚ ਸ਼ਿਕਾਇਤਾਂ ਪੁੱਜਦੀਆਂ ਹਨ, ਜਿਨ੍ਹਾਂ ’ਚ ਪੁਲਿਸ ਵਿਭਾਗ ਨਾਲ ਸਬੰਧਿਤ ਸ਼ਿਕਾਇਤਾਂ ਵੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੇ ਜ਼ਮੀਨੀ ਪੱਧਰ ’ਤੇ ਤੇ ਤੇਜ਼ੀ ਨਾਲ ਨਿਪਟਾਰੇ ਦੇ ਉਦੇਸ਼ ਨਾਲ ਪੰਜਾਬ ਸਰਕਾਰ, ਐੱਸਸੀ ਕਮਿਸ਼ਨ ਤੇ ਪੁਲਿਸ ਵਿਭਾਗ ਵੱਲੋਂ ਵਿਸਥਾਰਤ ਚਰਚਾ ਉਪਰੰਤ ਪੁਲਿਸ ਅਧਿਕਾਰੀਆਂ ਦੀ ਟ੍ਰੇਨਿੰਗ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਨੂੰ ਐੱਸਸੀ/ਐੱਸਟੀ ਅੱਤਿਆਚਾਰ ਰੋਕੂ ਐਕਟ ਬਾਰੇ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਗੜ੍ਹੀ ਨੇ ਕਿਹਾ ਕਿ ਇਸ ਟ੍ਰੇਨਿੰਗ ਦਾ ਮਕਸਦ ਐੱਸਸੀ/ਐੱਸਟੀ ਅੱਤਿਆਚਾਰ ਰੋਕੂ ਐਕਟ ਦੇ ਪ੍ਰਭਾਵਸ਼ਾਲੀ ਅਮਲ ਲਈ ਪੁਲਿਸ ਅਧਿਕਾਰੀਆਂ ਨੂੰ ਇਸ ਕਾਨੂੰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ ’ਚ ਐਕਟ ਅਨੁਸਾਰ ਕਾਰਵਾਈ ਯਕੀਨੀ ਬਣਾਉਣਾ ਤੇ ਇਸ ਐਕਟ ਪ੍ਰਤੀ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਸਦਕਾ ਪੁਲਿਸ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਨੂੰ ਘੱਟ ਕਰਨ ’ਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਅੱਜ ਦੇ ਸੈਸ਼ਨ ’ਚ 78 ਦੇ ਕਰੀਬ ਡੀਐੱਸਪੀ ਪੱਧਰ ਦੇ ਪੁਲਿਸ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਟ੍ਰੇਨਿੰਗ ਸੈਸ਼ਨ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸੀਨੀਅਰ ਵਕੀਲਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਮਜ਼ੋਰ ਵਰਗ ਦੇ ਨਾਲ-ਨਾਲ ਹਰ ਵਰਗ ਦੇ ਅਧਿਕਾਰਾਂ ਤੇ ਸਨਮਾਨ ਦੀ ਰਾਖੀ ਲਈ ਵਚਨਬੱਧ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਕੇ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਦਾ ਕੰਮ ਪੂਰੀ ਸੰਜੀਦਗੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਐੱਸਸੀ/ਐੱਸਟੀ ਅੱਤਿਆਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ, ਅਧਿਕਾਰਾਂ ਤੇ ਸਜ਼ਾਵਾਂ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਟ੍ਰੇਨਿੰਗ ਪ੍ਰੋਗਰਾਮ ’ਚ ਡੀਜੀਪੀ ਪੰਜਾਬ ਗੌਰਵ ਯਾਦਵ ਤੇ ਸਪੈਸ਼ਲ ਡੀਜੀਪੀ-ਕਮ-ਡਾਇਰੈਕਟਰ ਅਨੀਤਾ ਪੁੰਜ ਦਾ ਵਿਸ਼ੇਸ਼ ਯੋਗਦਾਨ ਰਿਹਾ। ਟ੍ਰੇਨਿੰਗ ਸੈਸ਼ਨ ਦੌਰਾਨ ਵੱਖ-ਵੱਖ ਮਾਹਰਾਂ ਵੱਲੋਂ ਐੱਸਸੀ/ਐੱਸਟੀ ਅੱਤਿਆਚਾਰ ਰੋਕੂ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।