ਲੋਕਤੰਤਰ ਦੀ ਰੱਖਿਆ ਲਈ ਦਿੱਲੀ ’ਚ ਰਾਹੁਲ ਗਾਂਧੀ ਦੀ ਰੈਲੀ ’ਚ ਪੰਜਾਬ ਯੂਥ ਕਾਂਗਰਸ ਦੀ ਸ਼ਮੂਲੀਅਤ
ਲੋਕਤੰਤਰ ਦੀ ਰੱਖਿਆ ਲਈ ਦਿੱਲੀ ’ਚ ਰਾਹੁਲ ਗਾਂਧੀ ਦੀ ਰੈਲੀ ’ਚ ਪੰਜਾਬ ਯੂਥ ਕਾਂਗਰਸ ਦੀ ਸ਼ਮੂਲੀਅਤ
Publish Date: Sun, 14 Dec 2025 09:07 PM (IST)
Updated Date: Sun, 14 Dec 2025 09:09 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਦਿੱਲੀ ’ਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਵਿਸ਼ਾਲ ਰੈਲੀ ’ਚ ਸ਼ਮੂਲੀਅਤ ਕਰ ਕੇ ਲੋਕਤੰਤਰ ਤੇ ਸੰਵਿਧਾਨ ਦੀ ਰੱਖਿਆ ਲਈ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ ਗਈ। ਪੰਜਾਬ ਤੋਂ ਸੈਂਕੜੇ ਯੂਥ ਕਾਂਗਰਸ ਵਰਕਰਾਂ ਨੇ ਦੇਸ਼ ਭਰ ਤੋਂ ਪਹੁੰਚੇ ਕਾਂਗਰਸ ਆਗੂਆਂ ਤੇ ਕਾਰਕੁਨਾਂ ਦੇ ਨਾਲ ਮਿਲ ਕੇ ਵੋਟ ਚੋਰੀ, ਸੰਵਿਧਾਨਕ ਸੰਸਥਾਵਾਂ ਦੀ ਕਥਿਤ ਗਲਤ ਵਰਤੋਂ ਤੇ ਲੋਕਤੰਤਰ ’ਤੇ ਹੋ ਰਹੇ ਹਮਲਿਆਂ ਦੇ ਵਿਰੋਧ ’ਚ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਅੰਗਦ ਦੱਤਾ ਨੇ ਕਿਹਾ ਕਿ ਜਦੋਂ ਦੇਸ਼ ਦੀ ਜਨਤਾ ਦੇ ਅਧਿਕਾਰਾਂ ਨੂੰ ਚੋਣੀ ਹੇਰਾਫੇਰੀ ਤੇ ਸੰਵਿਧਾਨਕ ਸੰਸਥਾਵਾਂ ’ਤੇ ਦਬਾਅ ਰਾਹੀਂ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੋਵੇ, ਉਸ ਸਮੇਂ ਪੰਜਾਬ ਦਾ ਨੌਜਵਾਨ ਚੁੱਪ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਇਹ ਰੈਲੀ ਕਿਸੇ ਇਕ ਰਾਜਨੀਤਿਕ ਪਾਰਟੀ ਦੀ ਨਹੀਂ, ਸਗੋਂ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਦੀ ਸਾਂਝੀ ਲੜਾਈ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਬੇਰੁਜ਼ਗਾਰੀ, ਮਹਿੰਗਾਈ ਤੇ ਨਿਆਂ ਦੀ ਘਾਟ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਪਰ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਦੇ ਮੂਲ ਮੁੱਦਿਆਂ ਤੋਂ ਧਿਆਨ ਹਟਾ ਕੇ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਚ ਲੱਗੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਨੇ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਦਬੇ-ਕੁਚਲੇ ਵਰਗਾਂ ਦੀ ਆਵਾਜ਼ ਨਿਡਰਤਾ ਨਾਲ ਉਠਾਈ ਹੈ। ਅੰਗਦ ਦੱਤਾ ਨੇ ਕਿਹਾ ਕਿ ਰਾਹੁਲ ਗਾਂਧੀ ਅੱਜ ਦੇ ਸਮੇਂ ’ਚ ਸੰਵਿਧਾਨ, ਏਕਤਾ ਤੇ ਭਾਈਚਾਰੇ ਦੀ ਰੱਖਿਆ ਕਰਨ ਵਾਲੀ ਇਕ ਮਜ਼ਬੂਤ ਆਵਾਜ਼ ਵਜੋਂ ਉਭਰੇ ਹਨ। ਝੂਠੇ ਕੇਸਾਂ, ਧਮਕੀਆਂ ਤੇ ਦਬਾਅ ਦੇ ਬਾਵਜੂਦ ਸੱਚ ਨਾਲ ਡਟੇ ਰਹਿਣਾ ਦੇਸ਼ ਦੇ ਲੱਖਾਂ ਨੌਜਵਾਨਾਂ ਲਈ ਪ੍ਰੇਰਣਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਹ ਅੰਦੋਲਨ ਸਿਰਫ਼ ਰੈਲੀਆਂ ਤਕ ਸੀਮਿਤ ਨਹੀਂ ਰਹੇਗਾ। ਪਿੰਡਾਂ ਤੋਂ ਸ਼ਹਿਰਾਂ ਤਕ ਤੇ ਕਾਲਜਾਂ ਤੋਂ ਕੰਮਕਾਜ ਵਾਲੀਆਂ ਥਾਵਾਂ ਤਕ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਰੈਲੀ ਦਾ ਸਮਾਪਨ ਇਸ ਸੰਕਲਪ ਨਾਲ ਹੋਇਆ ਕਿ ਆਜ਼ਾਦ ਤੇ ਨਿਰਪੱਖ ਚੋਣਾਂ, ਸੰਵਿਧਾਨਕ ਸੰਸਥਾਵਾਂ ਦੀ ਸੁਰੱਖਿਆ ਤੇ ਲੋਕਤੰਤਰ ’ਚ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।