ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਜਾਣਿਆ ਹਵਾਰਾ ਦੀ ਮਾਤਾ ਦਾ ਹਾਲ
ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਜਾਣਿਆ ਭਾਈ ਹਵਾਰਾ ਦੀ ਮਾਤਾ ਦਾ ਹਾਲ
Publish Date: Sun, 25 Jan 2026 07:14 PM (IST)
Updated Date: Mon, 26 Jan 2026 04:13 AM (IST)

- 21 ਫਰਵਰੀ ਨੂੰ ਪਿੰਡ ਹਵਾਰਾ ਵਿਖੇ ਕੀਤਾ ਜਾਵੇਗਾ ਵਿਸ਼ਾਲ ਰੋਸ ਇਕੱਠ : ਭਾਈ ਪਾਲ ਸਿੰਘ ਫਰਾਂਸ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਸ਼ਾਹਕੋਟ : ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂਆਂ ਤੇ ਪੰਥਕ ਸ਼ਖ਼ਸੀਅਤਾਂ ਵੱਲੋਂ ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਨੂੰ ਮਿਲ ਕੇ ਉਨ੍ਹਾਂ ਦਾ ਹਾਲ ਜਾਣਿਆ ਗਿਆ। ਇਸ ਮੌਕੇ ਹੋਈ ਗੰਭੀਰ ਵਿਚਾਰ-ਚਰਚਾ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਬੰਦੀ ਸਿੰਘਾਂ ਸਬੰਧੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਕੌਮੀ ਇਨਸਾਫ ਮੋਰਚੇ ਦੇ ਆਗੂ ਭਾਈ ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਐਡਵੋਕੇਟ ਗੁਰਸ਼ਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਕਿਹਾ ਕਿ ਸਰਕਾਰਾਂ ਸਿੱਖ ਕੈਦੀਆਂ ਦੇ ਮਾਮਲੇ ’ਚ ਪੱਖਪਾਤੀ ਰਵੱਈਆ ਅਪਣਾ ਰਹੀਆਂ ਹਨ। ਜਥੇਦਾਰ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ, ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਤੇ ਬਲਵੰਤ ਸਿੰਘ ਰਾਜੋਆਣਾ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸੇ ਤਰ੍ਹਾਂ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਵੀ ਨਾਜਾਇਜ਼ ਤੌਰ ’ਤੇ ਬੰਦੀ ਬਣਾ ਕੇ ਰੱਖਿਆ ਗਿਆ ਹੈ, ਜੋ ਕਿ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਬਰੀ ਕੀਤਾ ਜਾ ਰਿਹਾ ਹੈ ਅਤੇ ਬਲਾਤਕਾਰੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲਾਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਹ ਕਾਰਵਾਈ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦੇ ਬਰਾਬਰ ਹੈ, ਜਿਸ ਨੂੰ ਕੌਮ ਬਰਦਾਸ਼ਤ ਨਹੀਂ ਕਰੇਗੀ। ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਇਸ ਰਵੱਈਏ ਦਾ ਮੂੰਹ ਤੋੜ ਜਵਾਬ ਦੇਣ ਲਈ ਪੰਥਕ ਆਗੂਆਂ ਨੇ ਭਵਿੱਖ ਦੀ ਰਣਨੀਤੀ ਉਲੀਕੀ ਹੈ। ਇਸ ਤਹਿਤ 21 ਫਰਵਰੀ ਨੂੰ ਪਿੰਡ ਹਵਾਰਾ ਵਿਖੇ ਇਕ ਵਿਸ਼ਾਲ ਰੋਸ ਇਕੱਠ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ’ਚ ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿੰਡਾਂ ’ਚ ਵੀ ਅਜਿਹੇ ਵੱਡੇ ਪੰਥਕ ਇਕੱਠ ਕਰਨ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਸਰਕਾਰਾਂ ‘ਤੇ ਦਬਾਅ ਬਣਾਇਆ ਜਾ ਸਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਬਲਵਿੰਦਰ ਸਿੰਘ ਕਾਲਾ, ਪਾਲ ਸਿੰਘ ਘੜੂੰਆਂ, ਰੇਸ਼ਮ ਸਿੰਘ, ਪ੍ਰੋਫੈਸਰ ਅਮਰਪ੍ਰੀਤ ਸਿੰਘ, ਜਸਵੰਤ ਸਿੰਘ ਸਿੱਧੂਪੁਰ ਸਮੇਤ ਹੋਰ ਪੰਥਕ ਸਖਸ਼ੀਅਤਾਂ ਹਾਜ਼ਰ ਸਨ।