ਪਰਗਟ ਸਿੰਘ ਵੱਲੋਂ ਸਵਾਲ ਕਾਂਗਰਸ, ਅਕਾਲੀ ਅਤੇ ਹੁਣ ‘ਆਪ’ ਆਗੂਆਂ ਦੇ ਦਿਨ-ਦਿਹਾੜੇ ਕਤਲ ਪੰਜਾਬ ’ਚ ਕਾਨੂੰਨ ਵਿਵਸਥਾ ਕਿੱਥੇ ਹੈ?

-ਕਾਨੂੰਨ ਵਿਵਸਥਾ ਦੀ ਗੰਭੀਰ ਸਥਿਤੀ ’ਤੇ ਸੀਐਮ ਮਾਨ ਦੇਣ ਸਪੱਸ਼ਟੀਕਰਨ
-ਗੈਂਗਸਟਰ ਖੁੱਲ੍ਹੇਆਮ ਕਤਲ ਤੇ ਫਿਰੌਤੀ ਦੀਆਂ ਵਾਰਦਾਤਾਂ ਕਰ ਰਹੇ ਹਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਾਬਕਾ ਸਿੱਖਿਆ ਮੰਤਰੀ ਤੇ ਵਿਧਾਇਕ ਪਰਗਟ ਸਿੰਘ ਨੇ ਆਪਣੇ ਹਲਕੇ ਜਲੰਧਰ ਕੈਂਟ ’ਚ ਆਮ ਆਦਮੀ ਪਾਰਟੀ ਦੇ ਨੇਤਾ ਲੱਕੀ ਓਬਰਾਏ ’ਤੇ ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰਵਾਦ, ਜਬਰੀ ਵਸੂਲੀ ਤੇ ਡਕੈਤੀ ਵਰਗੀਆਂ ਘਟਨਾਵਾਂ ਨੂੰ ਰੋਕਣ ’ਚ ਪੂਰੀ ਤਰ੍ਹਾਂ ਅਸਫਲ ਸਾਬਤ ਹੋ ਰਹੀ ਹੈ, ਜੋ ਸੂਬੇ ’ਚ ਕਾਨੂੰਨ ਵਿਵਸਥਾ ਦੀ ਗੰਭੀਰ ਨਾਕਾਮੀ ਨੂੰ ਦਰਸਾਉਂਦਾ ਹੈ। ਪਰਗਟ ਸਿੰਘ ਨੇ ਕਿਹਾ ਕਿ ਗੈਂਗਸਟਰਾਂ ਵੱਲੋਂ ਪਹਿਲਾਂ ਕਾਂਗਰਸ, ਫਿਰ ਅਕਾਲੀ ਦਲ ਤੇ ਹੁਣ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਕਾਰ ਲਈ ਖੁੱਲ੍ਹੀ ਚੁਣੌਤੀ ਹੈ। ਸਰਕਾਰ ਭਾਵੇਂ ਗੈਂਗਸਟਰਾਂ ਖ਼ਿਲਾਫ਼ ਕਾਰਵਾਈਆਂ ਦੇ ਦਾਅਵੇ ਕਰ ਰਹੀ ਹੈ ਪਰ ਹਕੀਕਤ ’ਚ ਇਸ ਦਾ ਕੋਈ ਅਸਰ ਨਜ਼ਰ ਨਹੀਂ ਆ ਰਿਹਾ। ਗੈਂਗਸਟਰ ਦਿਨ-ਦਿਹਾੜੇ ਗੋਲੀਆਂ ਚਲਾ ਰਹੇ ਹਨ ਤੇ ਖੁੱਲ੍ਹੇਆਮ ਫਿਰੌਤੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਗੈਂਗਸਟਰਾਂ ਨੂੰ ਖ਼ਤਮ ਕਰਨ ਦੀਆਂ ਗੱਲਾਂ ਕਰ ਰਹੀ ਹੈ, ਜਦਕਿ ਦੂਜੇ ਪਾਸੇ ਕਾਲਜਾਂ ’ਚ ਗੈਂਗਸਟਰਾਂ ਦੀਆਂ “ਨਰਸਰੀਆਂ” ਤਿਆਰ ਹੋ ਰਹੀਆਂ ਹਨ।
ਕਾਲਜ ਪ੍ਰਧਾਨਗੀਆਂ ਨੂੰ ਲੈ ਕੇ ਚੱਲ ਰਹੀ ਇਸ ਗਲਤ ਵਿਵਸਥਾ ’ਤੇ ਤੁਰੰਤ ਰੋਕ ਲਗਾਈ ਜਾਣੀ ਚਾਹੀਦੀ ਹੈ। ਪਰਗਟ ਸਿੰਘ ਨੇ ਮੰਗ ਕੀਤੀ ਕਿ ਲੱਕੀ ਓਬਰਾਏ ’ਤੇ ਹੋਏ ਹਮਲੇ ’ਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਪੰਜਾਬ ਪੁਲਿਸ ਦੇ ਸੀਨੀਅਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇ, ਜੋ ਅਜਿਹੀਆਂ ਘਟਨਾਵਾਂ ਨੂੰ ਰੋਕਣ ’ਚ ਅਸਫਲ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਸਵਾਲ ਕੀਤਾ ਕਿ ਸੂਬੇ ’ਚ ਵਿਗੜਦੀ ਕਾਨੂੰਨ ਵਿਵਸਥਾ ’ਤੇ ਸਰਕਾਰ ਕਦੋਂ ਤੱਕ ਚੁੱਪ ਰਹੇਗੀ ਤੇ ਹੋਰ ਕਿੰਨਾ ਖੂਨ-ਖਰਾਬਾ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਹਾਨਿਆਂ ਦੀ ਨਹੀਂ, ਠੋਸ ਨਤੀਜਿਆਂ ਦੀ ਲੋੜ ਹੈ ਤਾਂ ਜੋ ਲੋਕ ਨਿਡਰ ਤੇ ਸ਼ਾਂਤੀਪੂਰਨ ਜੀਵਨ ਜੀ ਸਕਣ। ਪਰਗਟ ਸਿੰਘ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪੰਜਾਬ ਪੁਲਿਸ ਕਾਨੂੰਨ ਵਿਵਸਥਾ ਕਾਇਮ ਰੱਖਣ ’ਚ ਬੁਰੀ ਤਰ੍ਹਾਂ ਫੇਲ੍ਹ ਰਹੀ ਹੈ, ਜਿਸ ਕਾਰਨ ਸੂਬੇ ’ਚ ਰਾਸ਼ਟਰਪਤੀ ਸ਼ਾਸਨ ਲਾਗੂ ਹੋਣ ਦੀ ਸੰਭਾਵਨਾ ਵੀ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿਆਸਤਦਾਨ ਤੇ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ। ਇਹ ਸਥਿਤੀ ਬਹੁਤ ਹੀ ਚਿੰਤਾਜਨਕ ਤੇ ਨਾਜ਼ੁਕ ਹੈ ਤੇ ਸਰਕਾਰ ਨੂੰ ਤੁਰੰਤ ਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ, ਨਹੀਂ ਤਾਂ ਪੰਜਾਬ ਦੀ ਹਾਲਤ ਹੋਰ ਵਿਗੜ ਸਕਦੀ ਹੈ।