‘ਆਪ’ ਦੇ ਕਾਰਜਕਾਲ ਦੌਰਾਨ ਜਲੰਧਰ ’ਚ ਅਪਰਾਧਿਕ ਘਟਨਾਵਾਂ ਵਧੀਆਂ : ਰਜਿੰਦਰ ਬੇਰੀ
ਲਾਅ ਐਂਡ ਆਰਡਰ ’ਤੇ ਸਵਾਲ, ਜਲੰਧਰ ਸ਼ਹਿਰ ਦੀ ਸੁਰੱਖਿਆ ਚਿੰਤਾ ਦਾ ਵਿਸ਼ਾ: ਰਜਿੰਦਰ ਬੇਰੀ
Publish Date: Sun, 01 Mar 2026 06:35 PM (IST)
Updated Date: Mon, 02 Mar 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਹੈ ਕਿ ਸੂਬੇ ’ਚ ਲਾਅ ਐਂਡ ਆਰਡਰ ਦੀ ਸਥਿਤੀ ਗੰਭੀਰ ਬਣੀ ਹੋਈ ਹੈ ਤੇ ਸਰਕਾਰ ਇਸ ਨੂੰ ਕਾਬੂ ਕਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਲੰਧਰ ਸ਼ਹਿਰ ’ਚ ਅਪਰਾਧਕ ਘਟਨਾਵਾਂ ’ਚ ਵਾਧਾ ਹੋਇਆ ਹੈ, ਜਿਸ ਕਾਰਨ ਲੋਕਾਂ ’ਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਬੇਰੀ ਨੇ ਕਿਹਾ ਕਿ ਵਪਾਰੀ ਤੇ ਕਾਰੋਬਾਰੀ ਵਰਗ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੇ ਅਨੁਸਾਰ ਸ਼ਹਿਰ ’ਚ ਗੋਲੀਬਾਰੀ, ਲੁੱਟ-ਖੋਹ ਤੇ ਫਿਰੌਤੀ ਜਿਹੀਆਂ ਘਟਨਾਵਾਂ ਨੇ ਚਿੰਤਾ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਪਰਾਧ ’ਤੇ ਪੂਰੀ ਤਰ੍ਹਾਂ ਕਾਬੂ ਪਾਉਣ ’ਚ ਅਸਫਲ ਦਿਖਾਈ ਦੇ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਵਪਾਰੀ ਆਪਣਾ ਕਾਰੋਬਾਰ ਬੰਦ ਕਰਕੇ ਪਰਿਵਾਰਾਂ ਸਮੇਤ ਵਿਦੇਸ਼ ਜਾਣ ਬਾਰੇ ਸੋਚ ਰਹੇ ਹਨ। ਉਨ੍ਹਾਂ ਕਿਹਾ ‘ਲੋਕ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਤੇ ਘਰਾਂ ’ਚ ਵੀ ਅਸੁਰੱਖਿਆ ਦੀ ਭਾਵਨਾ ਹੈ’। ਬੇਰੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਲਾਅ ਐਂਡ ਆਰਡਰ ਦੀ ਸਥਿਤੀ ਸੁਧਾਰਨ ਲਈ ਤੁਰੰਤ ਕੜੇ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ’ਚ ਭਰੋਸਾ ਬਹਾਲ ਹੋ ਸਕੇ ਤੇ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ ’ਤੇ ਲਿਆਂਦਾ ਜਾ ਸਕੇ।