ਦੇਸ਼ ’ਚ ਦੋਹਰੇ ਕਾਨੂੰਨ ਚੱਲ ਰਹੇ ਨੇ : ਢੇਸੀ
ਰਾਮ ਰਹੀਮ ਨੂੰ ਬਰੀ ਕਰਨ ਦਾ ਫੈਸਲਾ ਜਖਮਾਂ ’ਤੇ ਲੂਣ ਛਿੜਕਣ ਵਰਗਾ : ਢੇਸੀ
Publish Date: Mon, 09 Mar 2026 06:30 PM (IST)
Updated Date: Mon, 09 Mar 2026 06:33 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਉਮਰ ਕੈਦ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਵੱਲੋਂ ਸਬੂਤਾਂ ਦੀ ਘਾਟ ਦੇ ਆਧਾਰ ’ਤੇ ਬਰੀ ਕਰਨ ਦੇ ਫੈਸਲੇ ਦੀ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਆਗੂਆਂ ਨੇ ਤਿੱਖੀ ਨਿੰਦਾ ਕੀਤੀ ਹੈ। ਭੀਕੇਯੂ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਹਰਜੀਤ ਸਿੰਘ ਢੇਸੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਪਾਲ ਸਿੰਘ ਢੇਸੀ, ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਢਿੱਲੋਂ, ਜਗਜੀਤ ਸਿੰਘ ਬੱਛੋਵਾਲ, ਗਦਾਵਰ ਸਿੰਘ ਦਿਆਲਪੁਰ ਤੇ ਸਰਕਲ ਪ੍ਰਧਾਨ ਗੁਰਾਇਆ ਰਣਜੀਤ ਸਿੰਘ ਖੇਲਾ ਨੇ ਕਿਹਾ ਕਿ ਇਹ ਫੈਸਲਾ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਇਹ ਸਾਬਤ ਹੋ ਗਿਆ ਹੈ ਕਿ ਦੇਸ਼ ’ਚ ਦੋਹਰੇ ਕਾਨੂੰਨ ਚੱਲ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਬੰਦੀ ਸਿੰਘ ਪਿਛਲੇ 30-32 ਸਾਲਾਂ ਤੋਂ ਸਜ਼ਾਵਾਂ ਭੁਗਤ ਰਹੇ ਹਨ ਪਰ ਉਨ੍ਹਾਂ ਨੂੰ ਪੈਰੋਲ ਤੱਕ ਨਹੀਂ ਮਿਲਦੀ, ਜਦਕਿ ਰਾਮ ਰਹੀਮ ਨੂੰ ਕਈ ਵਾਰ ਪੈਰੋਲ ਮਿਲ ਚੁੱਕੀ ਹੈ ਤੇ ਹੁਣ ਹਾਈਕੋਰਟ ਵੱਲੋਂ ਉਸ ਨੂੰ ਬਰੀ ਵੀ ਕਰ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਇਹ ਦੇਸ਼ ’ਚ ਦੋਹਰੇ ਮਾਪਦੰਡਾਂ ਦਾ ਸਪੱਸ਼ਟ ਉਦਾਹਰਨ ਹੈ। ਉਨ੍ਹਾਂ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਕੱਠੇ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇ ਤਾਂ ਜੋ ਸਿੱਖ ਕੌਮ ਦੇ ਹੱਕਾਂ ਦੀ ਰੱਖਿਆ ਕੀਤੀ ਜਾ ਸਕੇ।