ਪਿ੍ਰਤਪਾਲ ਸਿੰਘ, ਸ਼ਾਹਕੋਟ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦੇਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਸੁਸ਼ੀਲ ਰਿੰਕੂ ਚੰਡੀਗੜ੍ਹ ਪੁੱਜੇ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਜਨਰਲ ਸਕੱਤਰ ਪ੍ਰਗਟ ਸਿੰਘ ਵੀ ਮੌਜੂਦ ਸਨ। ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਇਤਿਹਾਸਕ ਸ਼ਹਿਰ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ ਤੇ ਸਮੁੱਚੀ ਹਾਈਕਮਾਨ ਨੇ ਸ਼ਾਨਦਾਰ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਕ ਦਲਿਤ ਸਿੱਖ ਨੂੰ ਪਹਿਲੀ ਵਾਰ ਪੰਜਾਬ ਦਾ ਮੁੱਖ ਮੰਤਰੀ ਲਾਉਣਾ ਇਕ ਇਤਿਹਾਸਕ ਫੈਸਲਾ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਪਾਰਟੀ 'ਚ ਹਰੇਕ ਵਰਗ ਨੂੰ ਬਰਾਬਰ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਸ਼ੇਰੋਵਾਲੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੇਲੇ ਜੋ ਵਾਅਦੇ ਪੂਰੇ ਨਹੀਂ ਹੋ ਸਕੇ, ਉਨ੍ਹਾਂ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਹਰ ਹਾਲ 'ਚ ਪੂਰੇ ਕਰੇਗੀ ਤੇ 2022 'ਚ ਕਾਂਗਰਸ ਪਾਰਟੀ ਮੁੜ ਬਹੁਮਤ ਨਾਲ ਸੱਤਾ 'ਚ ਆਵੇਗੀ।