ਰਾਣਾ ਵੱਲੋਂ ਧਰਨੇ ’ਤੇ ਬੈਠੇ ਸਫਾਈ ਕਾਮਿਆਂ ਦੀ ਹਮਾਇਤ
ਰਾਣਾ ਨੇ ਧਰਨੇ ‘ਤੇ ਬੈਠੇ ਸਫਾਈ ਕਾਮਿਆਂ ਨੂੰ ਦਿੱਤਾ ਸਮਰਥਨ
Publish Date: Wed, 20 May 2026 06:56 PM (IST)
Updated Date: Wed, 20 May 2026 06:58 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਭਾਰਤੀ ਜਨਤਾ ਪਾਰਟੀ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਨੇ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਰਾਣਾ ਹਰਦੀਪ ਸਿੰਘ ਵੱਲੋਂ ਬੁੱਧਵਾਰ ਨੂੰ ਨਗਰ ਪੰਚਾਇਤ ਦਫ਼ਤਰ ਵਿਖੇ ਹੜਤਾਲ ‘ਤੇ ਬੈਠੇ ਸਫਾਈ ਕਰਮਚਾਰੀਆਂ ਦੇ ਧਰਨੇ ਵਿਚ ਉਚੇਚੇ ਤੌਰ ‘ਤੇ ਪਹੁੰਚ ਕੇ ਉਨ੍ਹਾਂ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਈ ਗਈ ਅਤੇ ਆਪਣਾ ਪੂਰਨ ਸਮਰਥਨ ਦਿੱਤਾ ਗਿਆ।
ਇਸ ਮੌਕੇ ਬੋਲਦਿਆਂ ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਸਫਾਈ ਸੇਵਕ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਸਖ਼ਤ ਮਿਹਨਤ ਕਰਦੇ ਹਨ ਪਰ ਬੜੇ ਦੁੱਖ ਦੀ ਗੱਲ ਹੈ ਕਿ 'ਆਪ' ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰਾਂ ਵਿਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ। ਜੇਕਰ ਸਰਕਾਰ ਨੇ ਜਲਦੀ ਹੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਸ਼ਹਿਰਾਂ ਵਿੱਚ ਗੰਦਗੀ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਪੈਦਾ ਹੋ ਜਾਵੇਗਾ। ਰਾਣਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਫਾਈ ਕਰਮਚਾਰੀਆਂ ਦੇ ਇਸ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਸਰਕਾਰ ਨੂੰ ਤੁਰੰਤ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਮੰਨ ਕੇ ਹੜਤਾਲ ਖ਼ਤਮ ਕਰਵਾਉਣੀ ਚਾਹੀਦੀ ਹੈ।
ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਤੇ ਵਾਈਸ ਪ੍ਰਧਾਨ ਬੰਟੀ ਹੰਸ ਨੇ ਸਮਰਥਨ ਦੇਣ ਪੁੱਜੇ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਮੰਨੇ ਜਾਣ ਤਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਆਗੂ ਅੰਮ੍ਰਿਤ ਲਾਲ ਕਾਕਾ, ਸਾਬਕਾ ਐੱਮਸੀ ਹਰਦੇਵ ਸਿੰਘ ਪੀਟਾ, ਅਰਜਨ ਸਿੰਘ ਖਹਿਰਾ, ਅਨਿਲ ਗੋਇਲ, ਸੰਜੀਵ ਸੋਬਤੀ, ਰਾਜੀਵ ਅਰੋੜਾ, ਰਵੀਸ਼ ਗੋਇਲ, ਨੈਣਦੀਪ ਸਿੰਘ ਪੰਨੂੰ ਆਦਿ ਹਾਜ਼ਰ ਸਨ।