- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਪੰਜਾਬ ਚਲਾਏਗਾ” -ਰਾਹੁਲ ਗਾਂਧੀ ਜੀ ਦਾ ਸੰਦੇਸ਼ ਪੰਜਾਬ ਦੇ ਸਵੈਮਾਣ ਅਤੇ ਅਧਿਕਾਰਾਂ ਦੀ ਆਵਾਜ਼: ਰਵਿਸ਼ ਰਾਜ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਬ੍ਰਾਹਮਣ ਕਲਿਆਣ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਸੰਦੇਸ਼ ‘ਪੰਜਾਬ ਨੂੰ ਪੰਜਾਬ ਚਲਾਏਗਾ’ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਸੰਦੇਸ਼ ਪੰਜਾਬ ਦੇ ਸਵੈਮਾਣ, ਪਛਾਣ ਅਤੇ ਅਧਿਕਾਰਾਂ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਮਿਹਨਤਕਸ਼ ਲੋਕਾਂ ਦੀ ਧਰਤੀ ਹੈ। ਸੂਬੇ ਦੇ ਭਵਿੱਖ ਨਾਲ ਜੁੜੇ ਫੈਸਲੇ ਇੱਥੋਂ ਦੇ ਲੋਕਾਂ ਦੀਆਂ ਲੋੜਾਂ ਅਤੇ ਇੱਛਾਵਾਂ ਅਨੁਸਾਰ ਹੋਣੇ ਚਾਹੀਦੇ ਹਨ। ਪੰਜਾਬ ਨੂੰ ਦਿੱਲੀ ਦੇ ਇਸ਼ਾਰਿਆਂ ਜਾਂ ਕਿਸੇ ਬਾਹਰੀ ਸਿਆਸੀ ਦਬਾਅ ਹੇਠ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਇੱਛਾ ਅਨੁਸਾਰ ਚਲਾਇਆ ਜਾਣਾ ਚਾਹੀਦਾ ਹੈ। ਸ਼ਰਮਾ ਨੇ ਕਿਹਾ ਕਿ ਬੇਰੁਜ਼ਗਾਰੀ, ਨਸ਼ਾਖੋਰੀ, ਕਿਸਾਨਾਂ ਦੀਆਂ ਸਮੱਸਿਆਵਾਂ, ਉਦਯੋਗਾਂ ਦਾ ਸੂਬੇ ਤੋਂ ਪਲਾਇਨ ਅਤੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਰੁਖ ਕਰਨਾ ਪੰਜਾਬ ਸਾਹਮਣੇ ਵੱਡੀਆਂ ਚੁਣੌਤੀਆਂ ਹਨ। ਇਨ੍ਹਾਂ ਦਾ ਹੱਲ ਜਵਾਬਦੇਹ ਲੀਡਰਸ਼ਿਪ, ਪ੍ਰਭਾਵਸ਼ਾਲੀ ਨੀਤੀਆਂ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਸੱਭਿਆਚਾਰ, ਭਾਈਚਾਰਕ ਸਾਂਝ, ਸੰਘੀ ਢਾਂਚੇ ਅਤੇ ਲੋਕਤੰਤਰੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਜਿਹਾ ਸੂਬਾ ਹੋਣਾ ਚਾਹੀਦਾ ਹੈ ਜਿੱਥੇ ਕਿਸਾਨ ਖੁਸ਼ਹਾਲ ਹੋਣ, ਨੌਜਵਾਨਾਂ ਨੂੰ ਰੁਜ਼ਗਾਰ ਮਿਲੇ, ਵਪਾਰੀ ਸੁਰੱਖਿਅਤ ਮਹਿਸੂਸ ਕਰਨ ਅਤੇ ਉਦਯੋਗਾਂ ਨੂੰ ਤਰੱਕੀ ਦੇ ਮੌਕੇ ਮਿਲਣ। ਰਾਹੁਲ ਗਾਂਧੀ ਦਾ ਇਹ ਸੰਦੇਸ਼ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕਾਂ ਅਤੇ ਸੂਬੇ ਦੇ ਭਵਿੱਖ ਲਈ ਇਕਜੁੱਟ ਹੋਣ ਦੀ ਪ੍ਰੇਰਨਾ ਦਿੰਦਾ ਹੈ।