ਆਰਟੀਓ ਨੇ ਲਿਆ ਕੈਂਪ ਦਾ ਜਾਇਜ਼ਾ, 150 ਲੋਕਾਂ ਦੀਆਂ ਅੱਖਾਂ ਦੀ ਜਾਂਚ
ਰੀਜ਼ਨਲ ਟਰਾਂਸਪੋਰਟ ਅਫ਼ਸਰ ਨੇ ਲਿਆ ਕੈਂਪ ਦਾ ਜਾਇਜ਼ਾ, ਕੈਂਪ ਦੌਰਾਨ 150 ਲੋਕਾਂ ਦੀਆਂ ਅੱਖਾਂ ਦੀ ਜਾਂਚ
Publish Date: Sat, 10 Jan 2026 08:28 PM (IST)
Updated Date: Sun, 11 Jan 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੜਕ ਹਾਦਸਿਆਂ ਨੂੰ ਰੋਕਣ ਤੇ ਆਮ ਲੋਕਾਂ ’ਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਸਥਾਨਕ ਡਰਾਇਵਿੰਗ ਟਰੈਕ ਵਿਖੇ ਰਿਜ਼ਨਲ ਟਰਾਂਸਪੋਰਟ ਦਫ਼ਤਰ ਵੱਲੋਂ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ 150 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਕੈਂਪ ਦਾ ਜਾਇਜ਼ਾ ਲੈਂਦਿਆਂ ਰਿਜ਼ਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਵਾਹਨ ਚਾਲਕਾਂ ਦੀਆਂ ਅੱਖਾਂ ਦੀ ਜਾਂਚ ਤੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਆਪਣੀਆਂ ਅੱਖਾਂ ਦੀ ਨਿਯਮਿਤ ਤੌਰ ’ਤੇ ਜਾਂਚ ਕਰਵਾਉਣ ਲਈ ਵੀ ਕਿਹਾ। ਇਸ ਮੌਕੇ ਸਹਾਇਕ ਰੀਜ਼ਨਲ ਟਰਾਂਸਪੋਰਟ ਅਫ਼ਸਰ ਵਿਸ਼ਾਲ ਗੋਇਲ ਵੱਲੋਂ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਵੱਖ-ਵੱਖ ਵਿਦਿਅਕ ਸੰਸਥਾਵਾਂ ’ਚ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਹਿੱਤ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ।