ਮੁੱਖ ਮੰਤਰੀ ਸਿਹਤ ਯੋਜਨਾ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ’ਚ ਤੇਜ਼ੀ ਲਿਆਂਦੀ ਜਾਵੇ : ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਸਿਹਤ ਯੋਜਨਾ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ’ਚ ਤੇਜ਼ੀ ਲਿਆਂਦੀ ਜਾਵੇ : ਡਿਪਟੀ ਕਮਿਸ਼ਨਰ
Publish Date: Wed, 13 May 2026 09:06 PM (IST)
Updated Date: Thu, 14 May 2026 04:16 AM (IST)

ਕਾਨੂੰਨ ਪ੍ਰਤੀਨਿਧ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਸਿਹਤ ਵਿਭਾਗ ਤੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਲ੍ਹੇ ਦਾ ਹਰੇਕ ਯੋਗ ਨਿਵਾਸੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕੇ। ਉਨ੍ਹਾਂ ਕਿਹਾ ਕਿ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਡਾਕਟਰੀ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕੋਈ ਵੀ ਯੋਗ ਲਾਭਪਾਤਰੀ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਸਿਹਤ ਸੁਰੱਖਿਆ ਕਵਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਸ਼੍ਰੀ ਵਾਲੀਆ ਨੇ ਲੋਕ-ਪੱਖੀ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਫੀਲਡ ਵਿੱਚ ਕੰਮ ਕਰ ਰਹੇ ਅਧਿਕਾਰੀਆਂ/ਕਰਮਚਾਰੀਆਂ ਵਿਚਕਾਰ ਬਿਹਤਰ ਤਾਲਮੇਲ ਦੀ ਲੋੜ ਤੇ ਵੀ ਜ਼ੋਰ ਦਿੱਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੋਈ ਪ੍ਰਗਤੀ ਦਾ ਵੀ ਜਾਇਜ਼ਾ ਲਿਆ, ਜਿਸਦਾ ਉਦੇਸ਼ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ 1,500 ਰੁਪਏ ਅਤੇ ਜਨਰਲ ਵਰਗ ਦੀਆਂ ਯੋਗ ਔਰਤਾਂ ਨੂੰ 1,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਯੋਜਨਾ ਨੂੰ ਮਹਿਲਾ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਣ ਕਦਮ ਦੱਸਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ’ਚ ਹੋਰ ਰਜਿਸਟ੍ਰੇਸ਼ਨ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸ਼੍ਰੀ ਵਾਲੀਆ ਨੇ ਮਾਲ ਵਿਭਾਗ ਦੇ ਕੰਮਕਾਜ, ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ ਸਕੀਮ ਤਹਿਤ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਸਬ-ਰਜਿਸਟਰਾਰਾਂ ਨੂੰ ਲੰਬਿਤ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਅਤੇ ਜਮ੍ਹਾਬੰਦੀਆਂ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।