ਪੰਚਾਇਤੀ ਰਕਬੇ ’ਚ ਦਰੱਖਤ ਵੱਢਣ ਦੀ ਰਿਪੋਰਟ ਤਲਬ
ਪੰਚਾਇਤੀ ਰਕਬੇ ’ਚ ਦਰੱਖਤਾਂ ਦੀ ਕਟਾਈ ਦਾ ਮਾਮਲਾ, ਰਿਪੋਰਟ ਤਲਬ
Publish Date: Thu, 30 Apr 2026 10:15 PM (IST)
Updated Date: Thu, 30 Apr 2026 10:19 PM (IST)

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਆਦਮਪੁਰ ਦੇ ਨਜ਼ਦੀਕੀ ਪਿੰਡ ਸਿਕੰਦਰਪੁਰ ’ਚ ਪੰਚਾਇਤੀ ਜ਼ਮੀਨ ਤੋਂ ਦੋ ਵੱਡੇ ਦਰੱਖਤ ਬਿਨਾਂ ਸਰਕਾਰੀ ਮਨਜ਼ੂਰੀ ਵੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਪੰਚਾਇਤ ਨੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਿੰਡ ਦੇ ਸਰਪੰਚ ਪ੍ਰਿਤਪਾਲ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਬੀਡੀਪੀਓ ਦਫ਼ਤਰ ਆਦਮਪੁਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪਿੰਡ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਪੰਚਾਇਤੀ ਜ਼ਮੀਨ ਤੋਂ ਦਰੱਖਤਾਂ ਨੂੰ ਕੱਟ ਦਿੱਤਾ ਗਿਆ। ਸ਼ਿਕਾਇਤ ਮਿਲਣ ’ਤੇ ਸੈਕਟਰੀ ਜਸਵਿੰਦਰ ਸਿੰਘ ਅਤੇ ਪਟਵਾਰੀ ਸ਼ਮਸ਼ੇਰ ਸਿੰਘ ਵੱਲੋਂ ਮੌਕੇ ਦਾ ਦੌਰਾ ਕਰਕੇ ਜਾਂਚ ਕੀਤੀ ਗਈ ਅਤੇ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜੇ ਦੋਸ਼ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਦੂਜੇ ਪਾਸੇ ਸੁਖਵਿੰਦਰ ਸਿੰਘ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਇਸ ਜ਼ਮੀਨ ’ਤੇ ਪਿਛਲੇ 40–50 ਸਾਲਾਂ ਤੋਂ ਖੇਤੀ ਕਰ ਰਹੇ ਹਨ ਤੇ ਦਰੱਖਤ ਵੀ ਉਨ੍ਹਾਂ ਵੱਲੋਂ ਹੀ ਲਾਏ ਗਏ ਸਨ। ਉਨ੍ਹਾਂ ਅਨੁਸਾਰ ਅਜਿਹਾ ਭੁਲੇਖੇ ਕਾਰਨ ਵਾਪਰਿਆ ਹੈ ਅਤੇ ਉਨ੍ਹਾਂ ਨੂੰ ਜ਼ਮੀਨ ਦੀ ਸਥਿਤੀ ਬਾਰੇ ਪੂਰੀ ਜਾਣਕਾਰੀ ਨਹੀਂ ਸੀ। ਪੰਚਾਇਤ ਵੱਲੋਂ ਮੰਗ ਕੀਤੀ ਗਈ ਹੈ ਕਿ ਮਾਮਲੇ ਦੀ ਪੂਰੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।