
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

-ਜ਼ਿਲ੍ਹਾ ਪ੍ਰਸ਼ਾਸਨ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ
-ਵਪਾਰੀਆਂ ਦੀ ਮੁਸ਼ਕਿਲਾਂ ਦੇ ਹੱਲ ਲਈ ਕੀਤੀ ਜਾ ਰਹੀ ਕਾਰਵਾਈ ਦਾ ਲਿਆ ਜਾਇਜ਼ਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ :
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਦੇ ਨਾਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ’ਚ ਹੱਲ ਕਰਕੇ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ’ਚ ਪਾਰਦਰਸ਼ੀ ਢੰਗ ਨਾਲ ਹੱਲ ਨੂੰ ਯਕੀਨੀ ਬਣਾਇਆ ਜਾਵੇ। ਸਖ਼ਤ ਹਦਾਇਤ ਕਰਦਿਆਂ ਕਿਹਾ ਅਣਗਹਿਲੀ ਜਾਂ ਬੇਲੋੜੀ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗੀ। ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਤੇ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੋਰਟਲ 'ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਤੇ ਪੋਰਟਲ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਤੇ ਵੱਖ-ਵੱਖ ਵਿਭਾਗਾਂ ਵੱਲੋਂ ਉਨ੍ਹਾਂ ਦੇ ਹੱਲ ਲਈ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਤੇ ਸਮਾਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਟਰੇਡਰਜ਼ ਕਮਿਸ਼ਨ ਦੇ ਮੈਂਬਰ ਹਰਿੰਦਰਪਾਲ ਸਿੰਘ ਮਨੋਚਾ ਤੇ ਇੰਦਰਵੰਸ਼ ਸਿੰਘ ਚੱਢਾ ਤੋਂ ਇਲਾਵਾ ਕਮਿਸ਼ਨ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ।