- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰ ਵਰਗ ਨੂੰ ਸਨਮਾਨ, ਹਰ ਵਰਕਰ ਨੂੰ ਪਛਾਣ : ਮਹਿੰਦਰ ਭਗਤ

-ਮੇਅਰ ਵਨੀਤ ਧੀਰ ਤੇ ਭਗਤ ਵੱਲੋਂ ਨਵ-ਨਿਯੁਕਤ ਚੇਅਰਮੈਨਾਂ ਤੇ ਬਲਾਕ ਪ੍ਰਧਾਨਾਂ ਦਾ ਸਨਮਾਨ
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਆਮ ਆਦਮੀ ਪਾਰਟੀ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਦੇ ਹਰ ਵਰਗ ਨੂੰ ਯੋਗ ਨੁਮਾਇੰਦਗੀ ਦੇਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਨਮਾਨ ਸਮਾਗਮ ਸਥਾਨਕ ਹੋਟਲ ’ਚ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਮਾਜਾਂ ਵਿੱਚੋਂ ਨਿਯੁਕਤ ਕੀਤੇ ਗਏ ਚੇਅਰਮੈਨਾਂ ਅਤੇ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਜਲੰਧਰ ਦੇ ਮੇਅਰ ਵਨੀਤ ਧੀਰ ਵੱਲੋਂ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵੱਖ-ਵੱਖ ਸਮਾਜਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਨਵ-ਨਿਯੁਕਤ ਚੇਅਰਮੈਨਾਂ ਅਤੇ ਬਲਾਕ ਪ੍ਰਧਾਨਾਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਸਨਮਾਨ ਅਤੇ ਭਾਗੀਦਾਰੀ ਦੇਣ ਦੇ ਸਿਧਾਂਤ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਹਮੇਸ਼ਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਇਸੇ ਕਰਕੇ ਅੱਜ ਵੱਖ-ਵੱਖ ਸਮਾਜਾਂ ਦੇ ਨੁਮਾਇੰਦਿਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਲੋਕ ਸੇਵਾ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ। ਜਲੰਧਰ ਵੈਸਟ ਵਿਧਾਨ ਸਭਾ ਹਲਕੇ ਵਿੱਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਮੇਅਰ ਵਨੀਤ ਧੀਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅਜਿਹੀ ਰਾਜਨੀਤਿਕ ਪਾਰਟੀ ਹੈ ਜੋ ਹਰ ਵਰਗ, ਹਰ ਸਮਾਜ ਅਤੇ ਹਰ ਵਰਕਰ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਨਵ-ਨਿਯੁਕਤ ਅਹੁਦੇਦਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਨਗਰ ਨਿਗਮ ਅਤੇ ਪੰਜਾਬ ਸਰਕਾਰ ਮਿਲ ਕੇ ਲਗਾਤਾਰ ਕੰਮ ਕਰ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਿੱਚ ਕਈ ਨਵੇਂ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਲੋਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਾਪਤ ਹੋਣਗੀਆਂ। ਸਮਾਗਮ ਦੌਰਾਨ ਨਵ-ਨਿਯੁਕਤ ਚੇਅਰਮੈਨਾਂ ਅਤੇ ਬਲਾਕ ਪ੍ਰਧਾਨਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੰਗਠਨ ਵੱਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕ ਸੇਵਾ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਬਣਾਉਣਗੇ।