ਗੋਦ ਲਈਆਂ ਸੜਕਾਂ ਦੀ ਦੇਖਰੇਖ ਦੇ ਯਤਨਾਂ ਦੀ ਸਮੀਖਿਆ
ਗੋਦ ਲਈਆਂ ਸੜਕਾਂ ਦੀ ਦੇਖ-ਰੇਖ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ
Publish Date: Sat, 03 Jan 2026 08:32 PM (IST)
Updated Date: Sun, 04 Jan 2026 04:14 AM (IST)

‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਡੀਸੀ ਨੇ ਪ੍ਰਗਤੀ ਦਾ ਲਿਆ ਜਾਇਜ਼ਾ ਗੋਦ ਲਈਆਂ ਗਈਆਂ ਸੜਕਾਂ ਦੇ ਨਿਯਮਿਤ ਨਿਰੀਖਣ ’ਤੇ ਦਿੱਤਾ ਜ਼ੋਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਜ਼ਿਲ੍ਹੇ ’ਚ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ’ਚ ਗੋਦ ਲਈਆਂ ਗਈਆਂ ਸੜਕਾਂ ਦੇ ਨਿਯਮਿਤ ਦੌਰੇ ਕਰਨ ਤੇ ਇਨ੍ਹਾਂ ਦੀ ਸੁਚੱਜੇ ਢੰਗ ਨਾਲ ਮੈਨਟੇਨੈਂਸ ਯਕੀਨੀ ਬਣਾਉਣ ਲਈ ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਡਾਪਟ ਕੀਤੀਆਂ ਸੜਕਾਂ ’ਤੇ ਸਾਫ-ਸਫਾਈ, ਟੋਏ, ਨਿਕਾਸੀ ਸਮੇਤ ਪੇਸ਼ ਆ ਰਹੇ ਹੋਰ ਮੁੱਦੇ ਤੁਰੰਤ ਸਬੰਧਤ ਵਿਭਾਗ ਦੇ ਨੋਡਲ ਅਧਿਕਾਰੀ ਨਾਲ ਸਾਂਝੇ ਕੀਤੇ ਜਾਣ ਤਾਂ ਜੋ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰ ਕੇ ਜ਼ਿਲ੍ਹਾ ਵਾਸੀਆਂ ਨੂੰ ਰਾਹਤ ਦਿਵਾਈ ਜਾ ਸਕੇ। ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਵਾਸੀਆਂ ਲਈ ਸੁਚਾਰੂ ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਸੜਕਾਂ ਦੇ ਉੱਚ ਮਿਆਰ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਦੌਰੇ ਤੇ ਕੀਤੀ ਗਈ ਕਾਰਵਾਈ ਦੀਆਂ ਤਸਵੀਰਾਂ ਸਾਂਝੀਆਂ ਕਰਨ ਤੋਂ ਇਲਾਵਾ ਇਸ ਸਬੰਧੀ ਰਿਪੋਰਟ ਨਿਯਮਿਤ ਢੰਗ ਨਾਲ ਅਪਡੇਟ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਹਾਇਕ ਕਮਿਸ਼ਨਰ (ਯੂਟੀ) ਮੁਕਿਲਨ ਆਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਤੇ ਸੁਮਨਦੀਪ ਕੌਰ, ਸੀਐੱਮਐੱਫਓ ਨਵਦੀਪ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।