- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਸ਼ੀਲ ਰਿੰਕੂ ਨੇ ਕੈਨੇਡਾ ਵਿੱਚ ਸੰਸਦ ਮੈਂਬਰ ਸੁਖ ਧਾਲੀਵਾਲ ਨਾਲ ਕੀਤੀ ਮੁਲਾਕਾਤ

-ਪੰਜਾਬੀਆਂ ਤੇ ਸਿੱਖ ਆਗੂਆਂ ਨਾਲ ਵੀ ਲਗਾਤਾਰ ਕਰ ਰਹੇ ਹਨ ਵਿਚਾਰ-ਵਟਾਂਦਰਾ
ਮਨਜੀਤ ਸ਼ੇਮਾਰੂ, ਪੰਜਾਬ ਜਾਗਰਣ, ਜਲੰਧਰ :
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਇਨ੍ਹੀਂ ਦਿਨੀਂ ਕੈਨੇਡਾ ਦੇ ਦੌਰੇ ’ਤੇ ਹਨ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਸਰੀ-ਨਿਊਟਨ ਤੋਂ ਸੰਸਦ ਮੈਂਬਰ ਸੁਖ ਧਾਲੀਵਾਲ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਸਮੇਤ ਕੈਨੇਡਾ ’ਚ ਵੱਸਦੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਤੇ ਕੈਨੇਡਾ ਦੇ ਸਬੰਧਾਂ, ਪ੍ਰਵਾਸੀ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਤੇ ਭਾਈਚਾਰੇ ਦੇ ਹਿੱਤਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਸੁਸ਼ੀਲ ਰਿੰਕੂ ਨੇ ਕਿਹਾ ਕਿ ਪੰਜਾਬ ਤੇ ਕੈਨੇਡਾ ’ਚ ਵੱਸਦੇ ਪੰਜਾਬੀ ਭਾਈਚਾਰੇ ਦਰਮਿਆਨ ਸਮਾਜਿਕ, ਸੱਭਿਆਚਾਰਕ ਤੇ ਪਰਿਵਾਰਕ ਰਿਸ਼ਤੇ ਬਹੁਤ ਮਜ਼ਬੂਤ ਹਨ ਤੇ ਅਜਿਹੇ ਸੰਵਾਦ ਇਨ੍ਹਾਂ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸੁਸ਼ੀਲ ਰਿੰਕੂ ਨੇ ਸੰਸਦ ਮੈਂਬਰ ਸੁਖ ਧਾਲੀਵਾਲ ਦੇ ਰਾਜਨੀਤਿਕ ਤੇ ਜਨਤਕ ਜੀਵਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਬੰਧ ਪੰਜਾਬ ਦੇ ਜਗਰਾਓਂ ਖੇਤਰ ਦੇ ਪਿੰਡ ਸੂਜਾਪੁਰ ਨਾਲ ਹੈ। ਉਨ੍ਹਾਂ ਨੇ ਲੰਮੇ ਸਮੇਂ ਤੋਂ ਕੈਨੇਡਾ ਦੀ ਰਾਜਨੀਤੀ ’ਚ ਸਰਗਰਮ ਭੂਮਿਕਾ ਨਿਭਾਉਂਦਿਆਂ ਪੰਜਾਬੀ ਭਾਈਚਾਰੇ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਹੈ। ਰਿੰਕੂ ਅਨੁਸਾਰ, ਸੁਖ ਧਾਲੀਵਾਲ ਨੇ ਸਾਲ 2006 ’ਚ ਪਹਿਲੀ ਵਾਰ ਕੈਨੇਡਾ ਦੀ ਸੰਸਦ ’ਚ ਪ੍ਰਵੇਸ਼ ਕੀਤਾ ਤੇ ਇਸ ਤੋਂ ਬਾਅਦ ਉਹ ਲਗਾਤਾਰ ਕੈਨੇਡਾ ਦੀ ਰਾਜਨੀਤੀ ’ਚ ਸਰਗਰਮ ਰਹੇ ਹਨ। ਕੈਨੇਡਾ ਦੌਰੇ ਦੌਰਾਨ ਸੁਸ਼ੀਲ ਰਿੰਕੂ ਵੱਲੋਂ ਸਥਾਨਕ ਪੰਜਾਬੀ ਭਾਈਚਾਰੇ, ਵੱਖ-ਵੱਖ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਤੇ ਸਿੱਖ ਆਗੂਆਂ ਨਾਲ ਲਗਾਤਾਰ ਮੁਲਾਕਾਤਾਂ ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਦੋਵਾਂ ਆਗੂਆਂ ਨੇ ਆਪਸੀ ਸਹਿਯੋਗ, ਭਾਈਚਾਰੇ ਦੇ ਹਿੱਤਾਂ ਤੇ ਪੰਜਾਬੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਸਕਾਰਾਤਮਕ ਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ।