- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਐੱਮਪੀਆਈ ਜ਼ਿਲ੍ਹੇ ਅੰਦਰ ਤਿੰਨ ਵਿਧਾਨ ਸਭਾ ਸੀਟਾਂ ਤੋਂ ਲੜੇਗੀ ਚੋਣ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ :
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਆਗਮੀ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹੇ ’ਚ ਫਿਲੌਰ, ਨਕੋਦਰ ਤੇ ਸ਼ਾਹਕੋਟ ਤੋਂ ਉਮੀਦਵਾਰ ਉਤਾਰੇਗੀ। ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਰਵਾਈ। ਇਸ ਮੀਟਿੰਗ ਨੂੰ ਉਚੇਚੇ ਤੌਰ 'ਤੇ ਸੰਬੋਧਨ ਕਰਦਿਆਂ ਆਰਐੱਮਪੀਆਈ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ 'ਚ ਵੀ ਦੇਸ਼ ਦੇ ਦੂਜੇ ਕੋਨਿਆਂ ਵਾਂਗ ਧਰਮ ਅਧਾਰਿਤ ਵੰਡੀਆਂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਦਾ ਪਾਰਟੀ ਵੱਲੋਂ ਹਰ ਸੰਭਵ ਵਿਰੋਧ ਕੀਤਾ ਜਾਵੇਗਾ। ਭਾਜਪਾ ਵੱਲੋਂ ਘੱਟ ਗਿਣਤੀਆਂ, ਦਲਿਤਾਂ ਤੇ ਔਰਤਾਂ ਖ਼ਿਲਾਫ਼ ਜਿਸ ਢੰਗ ਨਾਲ ਜ਼ਹਿਰ ਉਗਲਿਆਂ ਜਾਂਦਾ ਹੈ, ਉਸ ਨਾਲ ਪੰਜਾਬ ਦੀਆਂ ਰਵਾਇਤਾਂ ਨੂੰ ਵੀ ਸੱਟ ਵੱਜਦੀ ਹੈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਵੱਲੋਂ ਕਾਰਪੋਰੇਟ ਪੱਖੀ ਨੀਤੀਆਂ ਦੀ ਹਮਾਇਤ ਹੀ ਨਹੀਂ ਕੀਤੀ ਜਾ ਰਹੀ, ਸਗੋਂ ਇਸ ਨੂੰ ਤੇਜ਼ੀ ਨਾਲ ਲਾਗੂ ਵੀ ਕੀਤਾ ਜਾਂਦਾ ਹੈ। ਜ਼ਿਲ੍ਹਾ ਕਮੇਟੀ ਦੀ ਮੀਟਿੰਗ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਕਿਹਾ ਕਿ ਉਕਤ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ। ਸੂਬਾ ਸਕੱਤਰੇਤ ਮੈਂਬਰ ਡਾ. ਸਰਬਜੀਤ ਮੁਠੱਡਾ ਨੇ ਕਿਹਾ ਕਿ ਦਸੰਬਰ ਮਹੀਨੇ ਦੌਰਾਨ ਜ਼ਿਲ੍ਹੇ ਦੀਆਂ ਚਾਰੇ ਤਹਿਸੀਲਾਂ 'ਚ ਰਾਜਨੀਤਕ ਕਾਨਫ਼ੰਰਸਾਂ ਕਰਕੇ ਪਾਰਟੀ ਵੱਲੋਂ ਵਿਚਾਰਧਾਰਕ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਪਾਰਟੀ ਦੇ ਸੂਬਾ ਕਮੇਟੀ ਮੈਂਬਰਾਂ ਮਨੋਹਰ ਗਿੱਲ, ਪਰਮਜੀਤ ਰੰਧਾਵਾ, ਸੰਤੋਖ ਸਿੰਘ ਬਿਲਗਾ, ਸ਼ਿਵ ਤਿਵਾੜੀ, ਸ਼ਾਹਕੋਟ ਦੇ ਤਹਿਸੀਲ ਸਕੱਤਰ ਨਿਰਮਲ ਮਲਸੀਆ, ਜਲੰਧਰ ਦੇ ਸਕੱਤਰ ਬਲਦੇਵ ਸਿੰਘ ਨੂਰਪੁਰੀ ਤੋਂ ਇਲਾਵਾ ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਫਿਲੌਰ, ਮੇਜਰ ਖੁਰਲਾਪੁਰ, ਗੋਗੀ ਬੇਗਮਪੁਰ, ਮੇਜਰ ਫਿਲੌਰ, ਰਾਮ ਕਿਸ਼ਨ, ਬਲਦੇਵ ਮੱਟੂ, ਕੁਲਜੀਤ ਫਿਲੌਰ ਆਦਿ ਹਾਜ਼ਰ ਸਨ।