- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਤੇ ਨਿਹੰਗ ਜਥੇਬੰਦੀਆਂ ਵੱਲੋਂ ਰੋਡ ਜਾਮ, ਧਰਨਾ

-ਪੁਲਿਸ ਪ੍ਰਸ਼ਾਸਨ 'ਤੇ ਮਾਮਲੇ ’ਚ ਦੇਰੀ ਦੇ ਦੋਸ਼, ਦੂਜੀ ਧਿਰ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਥਾਣਾ ਬਿਲਗਾ ਅਧੀਨ ਪੈਂਦੇ ਪਿੰਡ ਉਮਰਪੁਰ ਦੀ ਵਸਨੀਕ ਕਰਮਜੀਤ ਕੌਰ ਪਤਨੀ ਸੇਵਾ ਸਿੰਘ ਨੇ ਇਨਸਾਫ਼ ਨਾ ਮਿਲਣ ਦਾ ਦੋਸ਼ ਲਗਾਉਂਦਿਆਂ ਨਿਹੰਗ ਜਥੇਬੰਦੀਆਂ ਦੇ ਸਹਿਯੋਗ ਨਾਲ ਫਿਲੌਰ-ਨਵਾਂਸ਼ਹਿਰ ਰੋਡ 'ਤੇ ਧਰਨਾ ਲਗਾ ਕੇ ਆਵਾਜਾਈ ਜਾਮ ਕਰ ਦਿੱਤੀ। ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਾਮਲੇ ਵਿੱਚ ਕਥਿਤ ਢਿੱਲੀ ਕਾਰਵਾਈ ਦਾ ਵਿਰੋਧ ਕੀਤਾ। ਕਰਮਜੀਤ ਕੌਰ ਨੇ ਦੱਸਿਆ ਕਿ 18 ਸਤੰਬਰ 2020 ਨੂੰ ਥਾਣਾ ਬਿਲਗਾ ’ਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਹੋਇਆ ਸੀ ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਨਾ ਹੀ ਮੁਲਜ਼ਮਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਹੋਈ।
ਉਨ੍ਹਾਂ ਦਾ ਦਾਅਵਾ ਹੈ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਕੋਲ ਕਈ ਵਾਰ ਗੁਹਾਰ ਲਗਾਈ ਗਈ ਪਰ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਧਰਨੇ ਦੀ ਸੂਚਨਾ ਮਿਲਣ 'ਤੇ ਥਾਣਾ ਫਿਲੌਰ ਦੇ ਐੱਸਐੱਚਓ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੌਕੇ 'ਤੇ ਪਹੁੰਚੇ ਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲੇ ਨੂੰ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆ ਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਵਾਈ ਜਾਵੇਗੀ। ਭਰੋਸੇ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ। ਕਰਮਜੀਤ ਕੌਰ ਤੇ ਉਨ੍ਹਾਂ ਦੇ ਪਤੀ ਸੇਵਾ ਸਿੰਘ ਨੇ ਥਾਣਾ ਬਿਲਗਾ ਦੇ ਐੱਸਐੱਚਓ ਦਿਲਬਾਗ ਸਿੰਘ 'ਤੇ ਵੀ ਗੰਭੀਰ ਦੋਸ਼ ਲਗਾਏ ਤੇ ਕਿਹਾ ਕਿ ਉਨ੍ਹਾਂ ਨੂੰ ਕਥਿਤ ਤੌਰ 'ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਹਾਲਾਂਕਿ ਐੱਸਐੱਚਓ ਦਿਲਬਾਗ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਪੁਲਿਸ ਨਿਰਪੱਖ ਢੰਗ ਨਾਲ ਜਾਂਚ ਕਰ ਰਹੀ ਹੈ ਤੇ ਮਾਮਲੇ ਦਾ ਚਲਾਨ ਜਲਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ’ਚ ਦੂਜੀ ਧਿਰ ਦਾ ਪੱਖ ਵੀ ਸਾਹਮਣੇ ਆਇਆ ਹੈ। ਸੰਗਤ ਸਿੰਘ ਦੀ ਪਤਨੀ ਹਰਜਿੰਦਰ ਕੌਰ, ਵਸਨੀਕ ਸਾਹਵਾਣਾ (ਥਾਣਾ ਜਮਾਲਪੁਰ, ਜ਼ਿਲ੍ਹਾ ਲੁਧਿਆਣਾ) ਨੇ ਫੋਨ 'ਤੇ ਕਿਹਾ ਕਿ ਕਰਮਜੀਤ ਕੌਰ ਤੇ ਸੇਵਾ ਸਿੰਘ ਵੱਲੋਂ ਲਾਏ ਜਾ ਰਹੇ ਦੋਸ਼ ਗਲਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਨਿਹੰਗ ਜਥੇਬੰਦੀਆਂ ਦੇ ਨਾਮ 'ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਜਾਇਦਾਦ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਜਾਂਚ ਅਧੀਨ ਹੈ ਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।