- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਲੋਹਗੜ੍ਹ ਵਿੱਚ ਲੁੱਟ ਦੀ ਘਟਨਾ ਹਲਕਾ ਫਿਲੌਰ ਦੀ ਕਾਨੂੰਨ ਵਿਵਸਥਾ ਦੀ ਮੂੰਹ ਬੋਲਦੀ ਤਸਵੀਰ: ਦਵਿੰਦਰ ਸਿੰਘ ਖਾਲਸਾ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਵਿਧਾਨ ਸਭਾ ਹਲਕਾ ਫਿਲੌਰ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਪਿੰਡ ਲੋਹਗੜ੍ਹ ਵਿਖੇ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੀ ਲੁੱਟ ਦੀ ਘਟਨਾ ਨੇ ਪੁਲਿਸ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਲੌਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਭਾਈ ਦਵਿੰਦਰ ਸਿੰਘ ਖਾਲਸਾ ਨੇ ਪ੍ਰੈੱਸ ਨੂੰ ਜਾਰੀ ਬਿਆਨ ’ਚ ਕੀਤਾ।
ਉਨ੍ਹਾਂ ਕਿਹਾ ਕਿ ਹਲਕੇ ਵਿੱਚ ਚੋਰੀਆਂ, ਟਰਾਂਸਫਾਰਮਰਾਂ ਦੀ ਚੋਰੀ, ਪਸ਼ੂ ਚੋਰੀ, ਖੂਹਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਹੋਣ ਅਤੇ ਰਾਹਗੀਰਾਂ ਨਾਲ ਲੁੱਟ-ਖੋਹ ਦੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਲੋਹਗੜ੍ਹ ਵਿੱਚ ਹੋਈ ਲੁੱਟ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤੇ ਪੀੜਤ ਪਰਿਵਾਰ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ। ਇਲਾਕੇ ਦੇ ਪ੍ਰਸਿੱਧ ਪਿੰਡ ਬੜਾ ਪਿੰਡ ਨੂੰ ਨਸ਼ਿਆਂ ਦਾ ਹੌਟਸਪੌਟ ਐਲਾਨਣ ’ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਉਨ੍ਹਾਂ ਥਾਵਾਂ ’ਤੇ ਧਿਆਨ ਦੇਣ ਦੀ ਲੋੜ ਹੈ, ਜਿੱਥੇ ਨਸ਼ਿਆਂ ਦੀ ਸਮੱਸਿਆ ਗੰਭੀਰ ਹੈ। ਇਸ ਤੋਂ ਇਲਾਵਾ ਪਿੰਡ ਢੇਸੀਆਂ ਕਾਹਨਾਂ ਦੇ 17 ਸਾਲਾ ਨੌਜਵਾਨ ਦੀ ਮੌਤ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਦੱਸਿਆ ਕਿ ਸੰਗ ਢੇਸੀਆਂ ਵਿਖੇ ਸੜਕ ਦੇ ਵਿਚਕਾਰ ਰੱਖੇ ਸੀਵਰੇਜ ਦੇ ਪਾਈਪਾਂ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ।