ਸੜਕ ਸੁਰੱਖਿਆ ਮਹੀਨੇ ਤਹਿਤ ਆਰਟੀਓ ਨੇ ਵਾਹਨਾਂ ’ਤੇ ਲਗਾਏ ਰਿਫਲੈਕਟਰ
ਸੜਕ ਸੁਰੱਖਿਆ ਮਹੀਨੇ ਤਹਿਤ ਆਰਟੀਓ ਨੇ ਵਾਹਨਾਂ ’ਤੇ ਲਗਾਏ ਰਿਫਲੈਕਟਰ
Publish Date: Tue, 06 Jan 2026 08:29 PM (IST)
Updated Date: Tue, 06 Jan 2026 08:32 PM (IST)
-ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਲਈ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ : ਆਰਟੀਓ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੜਕ ਹਾਦਸਿਆਂ ਨੂੰ ਰੋਕਣ ਤੇ ਆਮ ਲੋਕਾਂ ’ਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਵੱਲੋਂ ਬੀਐੱਸਐੱਫ ਚੌਕ ਵਿਖੇ ਵਾਹਨਾਂ ’ਤੇ ਰਿਫਲੈਕਟਰ ਲਗਾਏ ਗਏ। ਸੜਕ ਸੁਰੱਖਿਆ ਨਿਯਮਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਮਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਹਰੇਕ ਲਈ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ’ਚ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਤੇ ਲੋਕਾਂ ਨੂੰ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਸੜਕੀ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2026 ਦੌਰਾਨ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ’ਚ ਹੋਰ ਵੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਸਹਾਇਕ ਟਰਾਂਸਪੋਰਟ ਅਫਸਰ ਵਿਸ਼ਾਲ ਗੋਇਲ ਤੇ ਕਮਲੇਸ਼ ਕੁਮਾਰੀ ਵਲੋਂ ਵੀ ਲੋਕਾਂ ਨੂੰ ਸੜਕੀ ਹਾਦਸਿਆਂ ਨੂੰ ਰੋਕਣ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਦੁਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਤੇ ਚੌਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਲਾਜ਼ਮੀ ਕਰਨ ਵਰਤੋਂ ਕਰਨ, ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਤੇ ਸਹੀ ਰਫ਼ਤਾਰ ’ਚ ਵਾਹਨ ਚਲਾਉਣ ਬਾਰੇ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਸ਼ਰਾਬ ਪੀ ਕੇ ਵਾਹਨ ਨਾ ਚਲਾਉਣ ਤੇ ਧੁੰਦ ਦੇ ਮੌਸਮ ਦੌਰਾਨ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਵੀ ਕੀਤੀ।