ਬਿੱਲਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪੇਂਡੂ ਮਜ਼ਦੂਰ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਬਿਜਲੀ ਸੋਧ ਬਿੱਲ ਤੇ ਸੀਡ ਬਿੱਲ ਦੀਆਂ ਕਾਪੀਆਂ ਸਾੜੀਆਂ
Publish Date: Mon, 08 Dec 2025 07:26 PM (IST)
Updated Date: Mon, 08 Dec 2025 07:27 PM (IST)
-ਪੰਜਾਬ ਸਰਕਾਰ ਬਿਜਲੀ ਖੇਤਰ ਦੇ ਨਿੱਜੀਕਰਨ ਬਾਰੇ ਆਪਣੀ ਪੁਜ਼ੀਸ਼ਨ ਸਪੱਸ਼ਟ ਕਰੇ : ਆਗੂ
ਕੁਲਦੀਪ ਸਿੰਘ ਵਾਲੀਆ, ਪੰਜਾਬੀ ਜਾਗਰਣ, ਕਰਤਾਰਪੁਰ : ਪੇਂਡੂ ਮਜ਼ਦੂਰ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਬਿਜਲੀ ਸੋਧ ਬਿੱਲ 2025 ਤੇ ਸੀਡ ਬਿੱਲ 2025 ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਪਾਵਰਕਾਮ ਦੇ ਡਵੀਜ਼ਨਲ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਵੇਂ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਤੇ ਕਿਰਤੀ ਕਿਸਾਨ ਯੂਨੀਅਨ ਦੀ ਆਗੂ ਹਰਪ੍ਰੀਤ ਕੌਰ ਨੂਸੀ ਨੇ ਕਿਹਾ ਕਿ ਇਹ ਬਿੱਲ ਕਾਨੂੰਨ ਬਣ ਕੇ ਲਾਗੂ ਹੋਇਆ ਤਾਂ ਪੇਂਡੂ ਮਜ਼ਦੂਰਾਂ ਦੁਆਰਾ ਲੰਬੇ ਸੰਘਰਸ਼ ਰਾਹੀਂ ਹਾਸਲ ਘਰੇਲੂ ਬਿਜਲੀ ਬਿੱਲ ਮਾਫੀ ਖਤਮ ਹੋ ਜਾਵੇਗੀ ਤੇ ਮਜ਼ਦੂਰਾਂ, ਕਿਸਾਨਾਂ ਤੇ ਆਮ ਲੋਕਾਂ ’ਤੇ ਬਿਜਲੀ ਬਿੱਲਾਂ ਦਾ ਭਾਰ ਮੁੜ ਪੈ ਜਾਵੇਗਾ। ਜੇਕਰ ਬਿਜਲੀ ਵੰਡ ਖੇਤਰ ਦਾ ਨਿੱਜੀਕਰਨ ਹੋਇਆ ਤਾਂ ਮੁਲਾਜ਼ਮਾਂ ’ਚ ਕਟੌਤੀ ਹੋਵੇਗੀ ਤੇ ਪੰਜਾਬ ਦਾ ਬਿਜਲੀ ਖੇਤਰ ’ਤੇ ਰਾਜ ਅਧਿਕਾਰ ਵੀ ਘਟੇਗਾ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਬਿਜਲੀ ਖੇਤਰ ਨੂੰ ਨਿੱਜੀ ਹੱਥਾਂ ’ਚ ਸੌਂਪਣ ਲਈ ਕਦਮ ਚੁੱਕ ਰਹੀ ਹੈ, ਜਿਸ ਨਾਲ ਕਰੋੜਾਂ ਖਪਤਕਾਰ ਪ੍ਰਾਈਵੇਟ ਕੰਪਨੀਆਂ ਦੀ ਲੁੱਟ ਦਾ ਸ਼ਿਕਾਰ ਹੋਣਗੇ। ਮੀਟਿੰਗ ’ਚ ਬਿਜਲੀ ਸੋਧ ਬਿੱਲ 2025, ਸਮਾਰਟ ਚਿੱਪ ਮੀਟਰ ਤੇ ਸੀਡ ਬਿੱਲ 2025 ਨੂੰ ਤੁਰੰਤ ਵਾਪਸ ਲੈਣ ਦੀ ਮੰਗ ਰੱਖੀ ਗਈ। ਆਖ਼ਰ ’ਚ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਲੋਕ ਵਿਰੋਧੀ ਬਿੱਲਾਂ ਖ਼ਿਲਾਫ਼ ਵੱਡੀ ਜਨਤਕ ਲਹਿਰ ਖੜ੍ਹੀ ਕਰਨ ਲਈ ਅੱਗੇ ਆਉਣ। ਇਸ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਗੁਰਪ੍ਰੀਤ ਸਿੰਘ ਚੀਦਾ, ਤਹਿਸੀਲ ਸਕੱਤਰ ਸਰਬਜੀਤ ਕੌਰ ਕੁੱਦੋਵਾਲ, ਬਲਵਿੰਦਰ ਕੌਰ ਦਿਆਲਪੁਰ, ਦਲਜੀਤ ਕੌਰ, ਬਲਵਿੰਦਰ ਕੌਰ ਘੁੱਗਸ਼ੋਰ ਤੇ ਗੋਬਿੰਦਾ ਮੁਰੀਦਪੁਰ ਨੇ ਵੀ ਸੰਬੋਧਨ ਕੀਤਾ।