Mad Sandhu Murder : ‘ਕੁੱਲ੍ਹੜ ਪੀਜ਼ਾ ਕਪਲ’ ਦੇ ਸਹਿਜ ਅਰੋੜਾ ਨੇ ਮੈਡ ਸੰਧੂ ਕਤਲ ਕਾਂਡ ’ਤੇ ਚੁੱਕੇ ਗੰਭੀਰ ਸਵਾਲ
ਉਨ੍ਹਾਂ ਕਿਹਾ ਕਿ ਸੂਬੇ ’ਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਨੇ ਆਮ ਲੋਕਾਂ ’ਚ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਸਹਿਜ ਅਰੋੜਾ ਨੇ ਜ਼ਿਕਰ ਕੀਤਾ ਕਿ ਪੰਜਾਬ ’ਚ ਕਤਲ ਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਅਕਸਰ ਸਾਹਮਣੇ ਆ ਰਹੀਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।
Publish Date: Sun, 04 Oct 2026 08:15 PM (IST)
Updated Date: Sun, 04 Oct 2026 08:22 PM (IST)
ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਨੇ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਬਹਿਸ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਜਲੰਧਰ ਦੇ ‘ਕੁੱਲ੍ਹੜ ਪੀਜ਼ਾ ਕਪਲ’ ਦੇ ਸਹਿਜ ਅਰੋੜਾ, ਜੋ ਇਸ ਸਮੇਂ ਵਿਦੇਸ਼ ’ਚ ਰਿਹਾ ਹੈ, ਨੇ ਇਸ ਘਟਨਾ ’ਤੇ ਡੂੰਘਾ ਦੁੱਖ ਪ੍ਰਗਟਾਇਆ ਤੇ ਸੋਸ਼ਲ ਮੀਡੀਆ ਰਾਹੀਂ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਸੂਬੇ ’ਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਨੇ ਆਮ ਲੋਕਾਂ ’ਚ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਸਹਿਜ ਅਰੋੜਾ ਨੇ ਜ਼ਿਕਰ ਕੀਤਾ ਕਿ ਪੰਜਾਬ ’ਚ ਕਤਲ ਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਅਕਸਰ ਸਾਹਮਣੇ ਆ ਰਹੀਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ ਮੈਡ ਸੰਧੂ ਦੇ ਕਤਲ ਦੀ ਖ਼ਬਰ ਨੇ ਉਨ੍ਹਾਂ ਨੂੰ ਡੂੰਘਾ ਸਦਮਾ ਪਹੁੰਚਾਇਆ ਹੈ ਤੇ ਅਜਿਹੀਆਂ ਘਟਨਾਵਾਂ ਕਿਸੇ ਵੀ ਸੱਭਿਅਕ ਸਮਾਜ ਲਈ ਚਿੰਤਾ ਦਾ ਵਿਸ਼ਾ ਹੁੰਦੀਆਂ ਹਨ। ਉਨ੍ਹਾਂ ਨੇ ਮੈਡ ਸੰਧੂ ਦੀ ਮੌਤ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕੀਤੀਆਂ ਜਾ ਰਹੀਆਂ ਇਤਰਾਜ਼ਯੋਗ ਤੇ ਸੰਵੇਦਨਹੀਣ ਟਿੱਪਣੀਆਂ ’ਤੇ ਵੀ ਨਾਰਾਜ਼ਗੀ ਪ੍ਰਗਟਾਈ। ਅਰੋੜਾ ਨੇ ਕਿਹਾ ਕਿ ਕਿਸੇ ਦੀ ਮੌਤ ’ਤੇ ਖੁਸ਼ੀ ਮਨਾਉਣਾ ਜਾਂ ਅਪਮਾਨਜਨਕ ਟਿੱਪਣੀਆਂ ਕਰਨਾ ਮਨੁੱਖੀ ਹਮਦਰਦੀ ਦੇ ਬੁਨਿਆਦੀ ਅਸੂਲਾਂ ਦੇ ਵਿਰੁੱਧ ਹੈ।
ਉਨ੍ਹਾਂ ਅਨੁਸਾਰ ਹਰ ਵਿਅਕਤੀ ਨੂੰ ਸਨਮਾਨ ਨਾਲ ਜਿਊਣ ਦਾ ਅਧਿਕਾਰ ਹੈ ਤੇ ਕਿਸੇ ਦੀ ਮੌਤ ਦਾ ਮਜ਼ਾਕ ਉਡਾਉਣਾ ਸਹੀ ਨਹੀਂ ਮੰਨਿਆ ਜਾ ਸਕਦਾ। ਸਹਿਜ ਅਰੋੜਾ ਨੇ ਆਪਣੇ ਨਿੱਜੀ ਤਜਰਬਿਆਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਆਪਣਾ ਕਾਰੋਬਾਰ ਚਲਾਉਣ ਦੌਰਾਨ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਫਿਰੌਤੀ ਦੀਆਂ ਮੰਗਾਂ, ਧਮਕੀਆਂ ਤੇ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤਾਂ ਨੇ ਹੀ ਉਨ੍ਹਾਂ ਨੂੰ ਪੰਜਾਬ ਛੱਡ ਕੇ ਵਿਦੇਸ਼ ’ਚ ਵਸਣ ਲਈ ਮਜਬੂਰ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਉਹ ਪਹਿਲਾਂ ਨੌਜਵਾਨਾਂ ਨੂੰ ਪੰਜਾਬ ’ਚ ਰਹਿ ਕੇ ਰੁਜ਼ਗਾਰ ਜਾਂ ਕਾਰੋਬਾਰ ਕਰਨ ਲਈ ਉਤਸ਼ਾਹਿਤ ਕਰਦੇ ਸਨ ਪਰ ਬਾਅਦ ’ਚ ਹਾਲਾਤ ਬਦਲ ਗਏ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ’ਤੇ ਸਵਾਲ ਚੁੱਕਦਿਆਂ ਸਹਿਜ ਅਰੋੜਾ ਨੇ ਪ੍ਰਸ਼ਾਸਨ ਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ’ਚ ਵਾਰ-ਵਾਰ ਵਾਪਰ ਰਹੀਆਂ ਅਪਰਾਧਕ ਘਟਨਾਵਾਂ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਅਪਰਾਧ ’ਤੇ ਕਾਬੂ ਨਾ ਪਾਇਆ ਗਿਆ ਤਾਂ ਆਮ ਲੋਕਾਂ ’ਚ ਡਰ ਦਾ ਮਾਹੌਲ ਹੋਰ ਵਧ ਸਕਦਾ ਹੈ।