ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਮਾਸ ਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ
ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਦੋ ਦਿਨਾਂ ਲਈ ਮਾਸ ਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ
Publish Date: Sat, 24 Jan 2026 06:54 PM (IST)
Updated Date: Sun, 25 Jan 2026 04:16 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਕਾਰਨ ਸ਼ਹਿਰ ’ਚ ਧਾਰਮਿਕ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਵੱਖ-ਵੱਖ ਸੰਗਠਨ ਵਿਸ਼ਾਲ ਸ਼ੋਭਾ ਯਾਤਰਾ ਕੱਢ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮਾਗਮ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਯਕੀਨੀ ਬਣਾਉਣ ਲਈ ਸਾਵਧਾਨੀ ਦੇ ਉਪਾਅ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ 31 ਜਨਵਰੀ 2026 ਤੇ 1 ਫਰਵਰੀ, 2026 ਨੂੰ ਸ਼ੋਭਾ ਯਾਤਰਾ ਦੇ ਰੂਟਾਂ ਤੇ ਧਾਰਮਿਕ ਸਮਾਗਮ ਸਥਾਨਾਂ ਦੇ ਆਲੇ-ਦੁਆਲੇ ਮਾਸ ਤੇ ਸ਼ਰਾਬ ਦੀ ਵਿਕਰੀ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਤਹਿਤ ਲਾਗੂ ਕੀਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਫੈਸਲੇ ਦਾ ਉਦੇਸ਼ ਧਾਰਮਿਕ ਸਮਾਗਮਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣਾ ਤੇ ਸ਼ਹਿਰ ’ਚ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਤੇ ਦੁਕਾਨਦਾਰਾਂ ਨੂੰ ਸਹਿਯੋਗ ਤੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।