‘ਆਪ’ ਸਰਕਾਰ ਤੇ ਕਾਂਗਰਸ ’ਚ ਮਿਲੀਭੁਗਤ ਦਾ ਸ਼ੱਕ : ਵਿਜੈ ਸਾਂਪਲਾ ਪੰਜਾਬ ਦੀ ਆਪ ਸਰਕਾਰ ਤੇ ਕਾਂਗਰਸ ’ਚ ਮਿਲੀਭੁਗਤ ਦਾ ਸ਼ੱਕ: ਵਿਜੈ ਸਾਂਪਲਾ
Publish Date: Tue, 01 Sep 2026 09:07 PM (IST)
Updated Date: Wed, 02 Sep 2026 04:07 AM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ ਜਲੰਧਰ : ਤਰਨਤਾਰਨ ਜ਼ਿਮਨੀ ਚੋਣ ਦੌਰਾਨ ਰਾਜਾ ਵੜਿੰਗ ਵੱਲੋਂ ਕਾਂਗਰਸ ਦੇ ਸੀਨੀਅਰ ਦਲਿਤ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕਥਿਤ ਤੌਰ ’ਤੇ ਘਿਨੌਣੀ ਤੇ ਨਫ਼ਰਤ ਭਰੀ ਸ਼ਬਦਾਵਲੀ ਵਰਤੀ ਗਈ ਸੀ। ਇਸ ਮਾਮਲੇ ’ਚ 4 ਨਵੰਬਰ 2025 ਨੂੰ ਕਪੂਰਥਲਾ ’ਚ ਐੱਫਆਈਆਰ ਦਰਜ ਹੋਈ, ਪਰ ਕਾਰਵਾਈ ਅੱਗੇ ਨਹੀਂ ਵਧੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਤੇ ਭਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੈ ਸਾਂਪਲਾ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਰਾਜਾ ਵੜਿੰਗ ਖ਼ਿਲਾਫ਼ ਦਰਜ ਐੱਫਆਈਆਰ ਦੇ ਬਾਵਜੂਦ ਕਰੀਬ 11 ਮਹੀਨੇ ਬੀਤਣ ’ਤੇ ਵੀ ਕੋਈ ਠੋਸ ਕਾਰਵਾਈ ਨਾ ਹੋਣਾ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੱਸਿਆ ਕਿ 5 ਮਈ ਨੂੰ ਐੱਸਸੀ ਕਮਿਸ਼ਨ ਨੇ ਗ੍ਰਿਫ਼ਤਾਰੀ ਤੇ ਐਕਸ਼ਨ ਟੇਕਨ ਰਿਪੋਰਟ ਦੇਣ ਦੀ ਹਦਾਇਤ ਕੀਤੀ, ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਮਾਮਲਾ ਹਾਈਕੋਰਟ ਵੀ ਪਹੁੰਚਿਆ, ਜਿੱਥੇ ਪੰਜਾਬ ਸਰਕਾਰ ਵੱਲੋਂ ਤਿੰਨ ਮਹੀਨਿਆਂ ਦਾ ਸਮਾਂ ਮੰਗਿਆ ਗਿਆ ਸੀ। ਹੁਣ ਇਹ ਸਮਾਂ ਵੀ ਲਗਭਗ ਪੂਰਾ ਹੋਣ ਦੇ ਬਾਵਜੂਦ ਕਾਰਵਾਈ ਨਹੀਂ ਹੋਈ। ਸਾਂਪਲਾ ਨੇ ਕਿਹਾ ਕਿ ਐੱਸਸੀ ਕਮਿਸ਼ਨ ਨੇ ਮੁੜ ਸਖ਼ਤ ਹਦਾਇਤਾਂ ਦਿੰਦਿਆਂ ਗ੍ਰਿਫ਼ਤਾਰੀ ਕਰਨ ਤੇ ਚਾਰਜਸ਼ੀਟ ਅਦਾਲਤ ’ਚ ਜਲਦ ਪੇਸ਼ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਐੱਸਸੀ ਵਰਗ ਨਾਲ ਸ਼ਗਨ ਸਕੀਮ, ਸਕਾਲਰਸ਼ਿਪ ਤੇ ਵਿੱਤੀ ਸਹਾਇਤਾ ਸਬੰਧੀ ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ ’ਤੇ ਲੋਕ ਪਰੇਸ਼ਾਨ ਹਨ। ਉਨ੍ਹਾਂ ਕੇਂਦਰ ਸਰਕਾਰ ਦੀਆਂ ਸਕਾਲਰਸ਼ਿਪ ਸਹੂਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਵਿਦਿਆਰਥੀਆਂ ਨੂੰ ਸਮੇਂ ਸਿਰ ਲਾਭ ਦੇਣਾ ਯਕੀਨੀ ਬਣਾਉਣਾ ਚਾਹੀਦਾ ਹੈ। ਸਾਂਪਲਾ ਨੇ ਕਿਹਾ ਕਿ ਸਰਦਾਰ ਬੂਟਾ ਸਿੰਘ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਨੂੰ ਸਮਰਪਿਤ ਕੀਤੀ, ਇਸ ਲਈ ਉਨ੍ਹਾਂ ਦੇ ਪਰਿਵਾਰ ਨੂੰ ਨਿਆਂ ਮਿਲਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐੱਸਸੀ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਾਨੂੰਨੀ ਕਾਰਵਾਈ, ਗ੍ਰਿਫ਼ਤਾਰੀ ਅਤੇ ਚਾਰਜਸ਼ੀਟ ਅਦਾਲਤ ’ਚ ਪੇਸ਼ ਕੀਤੀ ਜਾਵੇ।