ਸਫ਼ਾਈ ਕਾਮਿਆਂ ਨੇ ਕੰਮ-ਕਾਜ ਕੀਤਾ ਠੱਪ, ਈਓ ਨੂੰ ਸੌਂਪਿਆ ਮੰਗ-ਪੱਤਰ
ਸ਼ਾਹਕੋਟ ਚ ਸਫ਼ਾਈ ਕਾਮਿਆਂ ਨੇ ਕੰਮ-ਕਾਜ ਕੀਤਾ ਠੱਪ, ਈਓ ਨੂੰ ਸੌਂਪਿਆ ਮੰਗ-ਪੱਤਰ
Publish Date: Mon, 11 May 2026 07:52 PM (IST)
Updated Date: Mon, 11 May 2026 07:54 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸੂਬੇ ਭਰ ਦੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੀ ਗਈ ਅਣਮਿਥੇ ਸਮੇਂ ਦੀ ਹੜਤਾਲ ਦੇ ਸੱਦੇ ਤੇ ਸੋਮਵਾਰ ਨਗਰ ਪੰਚਾਇਤ ਸ਼ਾਹਕੋਟ ਦੇ ਸਫ਼ਾਈ ਕਾਮਿਆਂ ਨੇ ਵੀ ਸ਼ਹਿਰ ਦੀ ਸਫ਼ਾਈ ਦਾ ਕੰਮ ਮੁਕੰਮਲ ਬੰਦ ਕਰਕੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਸਫ਼ਾਈ ਯੂਨੀਅਨ ਵੱਲੋਂ ਨਗਰ ਪੰਚਾਇਤ ਦਫ਼ਤਰ ਵਿਖੇ ਰੋਸ ਰੈਲੀ ਕੀਤੀ ਗਈ ਤੇ ਕਾਰਜਸਾਧਕ ਅਫ਼ਸਰ ਜਗਤਾਰ ਸਿੰਘ ਨੂੰ ਲਿਖਤੀ ਮੰਗ-ਪੱਤਰ ਸੌਂਪਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਤੇ ਵਾਈਸ ਪ੍ਰਧਾਨ ਬੰਟੀ ਹੰਸ ਨੇ ਕਿਹਾ ਕਿ ਸਫ਼ਾਈ ਸੇਵਕ ਮਹਿਜ਼ 10 ਹਜ਼ਾਰ ਰੁਪਏ ਦੀ ਨਿਗੁਣੀ ਤਨਖਾਹ ਤੇ ਗੁਜ਼ਾਰਾ ਕਰਨ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਨੂੰ ਤੁਰੰਤ ਬੰਦ ਕਰਕੇ ਸਮੁੱਚੇ ਕੱਚੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ। ਸਫ਼ਾਈ ਸੇਵਕਾਂ ਨੂੰ ਡੀਸੀ ਰੇਟ ਮੁਤਾਬਕ ਤਨਖਾਹਾਂ ਦਿੱਤੀਆਂ ਜਾਣ ਅਤੇ ਘੱਟੋ-ਘੱਟ ਉਜਰਤ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕੀਤੀ ਜਾਵੇ। ਸਫ਼ਾਈ ਕਾਮਿਆਂ ਦੇ ਇਸ ਸੰਘਰਸ਼ ਨੂੰ ਹੋਰਨਾਂ ਜਥੇਬੰਦੀਆਂ ਨੇ ਵੀ ਭਰਵਾਂ ਸਮਰਥਨ ਦਿੰਦਿਆਂ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਗੁਰਬਖਸ਼ ਕੌਰ ਸਾਦਕਪੁਰ, ਗੁਰਚਰਨ ਸਿੰਘ, ਗੁਰਮੀਤ ਸਿੰਘ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਸੰਦੀਪ ਅਰੋੜਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਕਾਮਿਆਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮਾ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਤੇ ਪਹਿਲਾਂ ਤੋਂ ਰੁਕੀਆਂ ਪੈਨਸ਼ਨਾਂ ਜਾਰੀ ਕੀਤੀਆਂ ਜਾਣ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਸ਼ਾਹਕੋਟ ਦੇ ਸਮੂਹ ਸਫ਼ਾਈ ਸੇਵਕ ਹੁਣ ਆਰ-ਪਾਰ ਦੀ ਲੜਾਈ ਦੇ ਮੂਡ ਵਿੱਚ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ’ਚ ਸਫ਼ਾਈ ਕਰਮਚਾਰੀ ਹਾਜ਼ਰ ਸਨ।