ਫਿਲੌਰ ਤੇ ਗੁਰਾਇਆ ’ਚ ਦੂਜੇ ਦਿਨ ਵੀ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ
ਫਿਲੌਰ ਤੇ ਗੁਰਾਇਆ ’ਚ ਦੂਜੇ ਦਿਨ ਵੀ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ
Publish Date: Thu, 07 May 2026 08:38 PM (IST)
Updated Date: Thu, 07 May 2026 08:41 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਤੇ ਸਫਾਈ ਸੇਵਕ ਯੂਨੀਅਨਾਂ ਦੇ ਸੱਦੇ ’ਤੇ ਫਿਲੌਰ ਤੇ ਗੁਰਾਇਆ ’ਚ ਸਫਾਈ ਕਰਮਚਾਰੀਆਂ ਵੱਲੋਂ ਦੂਜੇ ਦਿਨ ਵੀ ਮੁਕੰਮਲ ਹੜਤਾਲ ਕੀਤੀ ਗਈ, ਜਿਸ ਕਾਰਨ ਨਗਰ ਪੰਚਾਇਤਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ। ਨਗਰ ਪੰਚਾਇਤ ਦਫ਼ਤਰਾਂ ਅੱਗੇ ਕੀਤੀਆਂ ਰੈਲੀਆਂ ਨੂੰ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕਿਰਤੀ ਕਿਸਾਨ ਯੂਨੀਅਨ ਦੇ ਸੰਤੋਖ ਸਿੰਘ ਸੰਧੂ, ਪੇਂਡੂ ਸਫਾਈ ਕਰਮਚਾਰੀ ਯੂਨੀਅਨ ਦੇ ਆਗੂ ਪ੍ਰੇਮ ਸਰਸਰ, ਸਥਾਨਕ ਆਗੂ ਮਨੀ ਨਾਲ ਤੇ ਰਜੇਸ਼ ਕੁਮਾਰ ਲੱਕੀ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਹੜਤਾਲ ਮਜ਼ਦੂਰਾਂ ਦਾ ਸ਼ੌਂਕ ਨਹੀਂ, ਸਗੋਂ ਮਜਬੂਰੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਰੀਬ 90 ਫ਼ੀਸਦੀ ਮੁਲਾਜ਼ਮ ਕੱਚੇ ਹਨ ਤੇ ਸਫਾਈ ਕਰਮਚਾਰੀ ਸਿਰਫ਼ 10 ਹਜ਼ਾਰ ਰੁਪਏ ਮਹੀਨਾ ਤਨਖਾਹ ’ਤੇ ਗੁਜ਼ਾਰਾ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਵੀ ਯੋਗਤਾ ਦੇ ਮੁਕਾਬਲੇ ਘੱਟ ਤਨਖਾਹ ਦਿੱਤੀ ਜਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਘੱਟੋ-ਘੱਟ ਉਜਰਤ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕੀਤੀ ਜਾਵੇ, ਆਊਟਸੋਰਸਿੰਗ ਪ੍ਰਣਾਲੀ ਖਤਮ ਕੀਤੀ ਜਾਵੇ ਤੇ ਕੱਚੇ ਕਰਮਚਾਰੀ ਦੀ ਮੌਤ ਹੋਣ ’ਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਮੰਗਾਂ ਸਬੰਧੀ ਲਾਰੇ ਲਗਾ ਰਹੀ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪਿਆ ਹੈ। ਇਸ ਮੌਕੇ ਰਾਮ ਲਾਲ, ਰਜਿੰਦਰ ਕੁਮਾਰ, ਬੰਟੀ ਤੇ ਅਸ਼ੋਕ ਕੁਮਾਰ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ।