
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਫਾਈ ਸੇਵਕਾਂ ਦੀ ਹੜਤਾਲ ਖ਼ਤਮ, ਕੈਬਨਿਟ ਮੰਤਰੀ ਨੇ ਜਾਇਜ਼ ਮੰਗਾਂ ਦਾ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਸਮੇਤ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਨੀਤ ਧੀਰ ਤੇ ਸਥਾਨਕ ਆਗੂਆਂ ਨੇ ਕੀਤੀ ਮੁਲਾਕਾਤ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਅੱਜ ਜਲੰਧਰ ਵਿੱਚ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ ਨੂੰ ਖਤਮ ਕਰਵਾਉਂਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਸਥਾਨਕ ਆਗੂਆਂ ਵੱਲੋਂ ਸਫਾਈ ਸੇਵਕਾਂ ਨਾਲ ਮਿਲ ਕੇ ਜਲੰਧਰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ। ਪੰਜਾਬ ਸਰਕਾਰ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਮੇਅਰ ਵਨੀਤ ਧੀਰ, ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਰਾਜਵਿੰਦਰ ਸਿੰਘ ਥਿਆੜਾ ਸਮੇਤ ਕੈਬਨਿਟ ਮੰਤਰੀ ਭਗਤ ਨੇ ਸਫਾਈ ਸੇਵਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੁਸ਼ਕਲਾਂ ਨੂੰ ਵਿਸਥਾਰ ਨਾਲ ਸੁਣਿਆ ਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਭਗਤ ਨੇ ਕਿਹਾ ਕਿ ਸਫਾਈ ਸੇਵਕਾਂ ਨਾਲ ਮਿਲ ਕੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੇ ਸਹਿਯੋਗ ਨਾਲ ਜਲੰਧਰ ਵਾਸੀਆਂ ਨੂੰ ਸਫਾਈ ਪੱਖੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਸਫਾਈ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ’ਤੇ ਵਾਪਸ ਪਰਤਣ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਰੱਖਣ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ।
ਇਸ ਮੌਕੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਤੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੇ ਹਿੱਤ ਵਿੱਚ ਇਤਿਹਾਸਿਕ ਫੈਸਲਾ ਲੈਂਦਿਆਂ ਮਹੀਨਾਵਾਰ ਤਨਖਾਹ 20,500 ਰੁਪਏ ਕਰ ਦਿੱਤੀ ਹੈ। ਸਫ਼ਾਈ ਕਰਮਚਾਰੀ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਤੇ ਇਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਵਿੱਖ ਵਿੱਚ ਵੀ ਸਫ਼ਾਈ ਕਰਮਚਾਰੀਆਂ ਦੀ ਬਿਹਤਰੀ ਲਈ ਅਨੇਕਾਂ ਸੰਜੀਦਾ ਉਪਰਾਲਿਆਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਬਲਬੀਰ ਸਿੰਘ ਬਿੱਟੂ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਡਿਪਟੀ ਮੇਅਰ ਵੀ ਮੌਜੂਦ ਸਨ।